CM on Desecration: ਬੇਅਦਬੀ ਦੀ ਘਟਨਾ ਅੰਜਾਮ ਦੇਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਸੀਐੱਮ ਮਾਨ

Updated On: 

24 Apr 2023 22:06 PM

ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜਮ ਦੀ ਪਛਾਣ ਜਸਵੀਰ ਸਿੰਘ ਉਰਫ ਜੱਸੀ ਵੱਜੋਂ ਹੋਈ ਹੈ। ਫਿਲਹਾਲ ਉਹ ਪੁਲਿਸ ਦੀ ਕਸਟਡੀ ਵਿੱਚ ਹੈ ਅਤੇ ਉਸ ਖਿਲਾਫ ਸਖਤ ਧਾਰਵਾਂ ਲਗਾਈਆਂ ਗਈਆਂ ਹਨ।

Follow Us On

ਚੰਡੀਗੜ੍ਹ ਨਿਊਜ: ਸੋਮਵਾਰ ਨੂੰ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਸੋਮਵਾਰ ਨੂੰ ਮੁੱਖ ਮੰਤਰੀ ਮਾਨ ਨੇ ਟਵੀਟ ਵਿੱਚ ਲਿਖਿਆ, ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।

ਇਸ ਘਟਨਾਕ੍ਰਮ ਤੇ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁਲਜਮ ਖਿਲਾਫ ਲੱਗੀਆਂ ਸਖਤ ਧਾਰਾਵਾਂ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ​​ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਜਿਕਰਯੋਗ ਹੈ ਕਿ ਸੋਮਵਾਰ ਦੁਪਹਿਰ ਵੇਲੇ ਇਕ ਨੌਜਵਾਨ ਵੱਲੋਂ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਅੰਦਰ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਹੀ ਨਹੀਂ, ਉਸਨੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਬਾਅਦ ਉੱਥੇ ਮੌਜੂਦ ਸੰਗਤ ਨੇ ਮੁਲਜਮ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਬੇਅਦਬੀ ਕਰਨ ਵਾਲਾ ਸ਼ਖਸ ਹਿਰਾਸਤ ‘ਚ

ਮਾਮਲੇ ‘ਤੇ ਐਸਪੀ ਨਵਨੀਤ ਸਿੰਘ ਮਹਲਣ ਨੇ ਦੱਸਿਆ ਕਿ ਇੱਕ ਵਿਅਕਤੀ ਨੇ ‘ਬੇਅਦਬੀ’ ਕੀਤੀ ਹੈ। ਉਸਨੇ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰ ਰਹੇ ਗ੍ਰੰਥੀਆਂ ‘ਤੇ ਵੀ ਹਮਲਾ ਕੀਤਾ। ਮਾਮਲ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਨਾਲ ਸਬੰਧਤ ਹੈ। ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਸ਼ਖਸ ਦੀ ਪਛਾਣ ਜਸਵੀਰ ਸਿੰਘ ਉਰਫ ਜੱਸੀ ਦੇ ਤੌਰ ਤੇ ਹੋਈ ਹੈ। ਇਸਨੇ ਅਜਿਹਾ ਕਿਉਂ ਕੀਤਾ, ਉਸ ਦਾ ਪਤਾ ਲਗਾਇਆ ਜਾ ਰਿਹਾ ਹੈ।

ਮੁਲਜਮ ਲਈ ਸਖਤ ਸਜਾ ਦੀ ਮੰਗ

ਉੱਧਰ ਸ਼੍ਰੋਮਣੀ ਅਕਾਲੀ ਦਲ, ਐਸਜੀਪੀਸੀ ਅਤੇ ਸ੍ਰੀ ਅਕਾਲ ਤਖਤ ਵੱਲੋਂ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਤੇ ਕਦੇ ਵੀ ਨਾ ਮੁਆਫ਼ ਕੀਤੇ ਜਾਣ ਯੋਗ ਕਰਾਰ ਦਿੱਤਾ ਹੈ ਅਤੇ ਨਾਲ ਹੀ ਮੁਲਜਮ ਲਈ ਸਖਤ ਤੋਂ ਸਖਤ ਸਜਾ ਦੀ ਮੰਗ ਕੀਤੀ ਹੈ। ਇਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਇਸ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖਾਂ ਦੇ ਹਿਰਦਿਆਂ ਵਿੱਚ ਭਾਰੀ ਦੁੱਖ ਹੈ। ਜਦੋਂ ਤੱਕ ਮੁਲਜਮ ਨੂੰ ਬਣਦੀ ਸਜਾ ਨਹੀਂ ਮਿਲ ਜਾਂਦੀ, ਉਦੋਂ ਤੱਕ ਉਨ੍ਹਾਂ ਦੇ ਦਿਲਾਂ ਨੂੰ ਚੈਨ ਨਹੀਂ ਪਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories