CM On Pearl Group: ਪਰਲ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਲੋਕਾਂ ਦੇ ਪੈਸੇ ਵਾਪਸ ਕਰੇਗੀ ਪੰਜਾਬ ਸਰਕਾਰ, 60 ਹਜ਼ਾਰ ਕਰੋੜ ਦੀ ਠੱਗੀ ਦਾ ਹੈ ਮਾਮਲਾ

Updated On: 

29 Jun 2023 17:36 PM

Lodha Committee on Pearl Group: ਕਰੀਬ 1.5 ਲੱਖ ਨਿਵੇਸ਼ਕਾਂ ਨੇ ਲੋਢਾ ਕਮੇਟੀ ਕੋਲ ਪਹੁੰਚ ਕੀਤੀ ਸੀ ਅਤੇ ਉਸ ਤੋਂ ਬਾਅਦ ਕਮੇਟੀ ਨੇ ਸੂਬਾ ਸਰਕਾਰ ਨੂੰ ਪਰਲ ਗਰੁੱਪ ਦੀ ਸਾਰੀ ਪ੍ਰਾਪਰਟੀਜ਼ ਦੀ ਨਿਲਾਮੀ ਕਰਨ ਦੀ ਸਿਫਾਰਸ਼ ਕੀਤੀ ਸੀ।

CM On Pearl Group: ਪਰਲ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਲੋਕਾਂ ਦੇ ਪੈਸੇ ਵਾਪਸ ਕਰੇਗੀ ਪੰਜਾਬ ਸਰਕਾਰ, 60 ਹਜ਼ਾਰ ਕਰੋੜ ਦੀ ਠੱਗੀ ਦਾ ਹੈ ਮਾਮਲਾ
Follow Us On

ਪੰਜਾਬ ਸਰਕਾਰ ਨੇ ਚਿੱਟ ਫੰਡ ਕੰਪਨੀ ਪਰਲ ਗਰੁੱਪ (Pearl Group) ਦੀਆਂ ਸੂਬੇ ਚ ਮੌਜੂਦ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਕਾਨੂੰਨੀ ਕਾਰਵਾਈ ਪੂਰੀ ਕਰਕੇ ਕਰੋੜਾਂ ਦੀ ਜਾਇਦਾਦਾਂ ਨੂੰ ਕਬਜੇ ਚ ਲੈ ਕੇ ਲੋਕਾਂ ਦੇ ਪੈਸੇ ਵਾਪਸ ਕੀਤੇ ਜਾਵਾਂਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪਰਲ ਕੰਪਨੀ ਦੀਆਂ ਸਾਰੀਆਂ ਜਾਇਦਾਦਾਂ ਦੀ ਨਿਲਾਮੀ ਕਰਕੇ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਦੀ ਮਿਹਨਤ ਦੀ ਕਮਾਈ ਵਾਪਸ ਕਰਨ ਦੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਮਈ 2023 ‘ਚ ਕੀਤਾ ਸੀ ਐਲਾਨ

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿੱਚ ਹੀ ਕਹਿ ਦਿੱਤਾ ਸੀ ਕਿ ਲੋਕਾਂ ਦੇ ਕਰੋੜਾਂ ਰੁਪਏ ਲੁੱਟਣ ਵਾਲੀ ਪਰਲ ਕੰਪਨੀ ਖ਼ਿਲਾਫ਼ ਬਹੁਤ ਛੇਤੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਕਾਨੂੰਨੀ ਅੜਚਨਾਂ ਨੂੰ ਦੂਰ ਕਰਕੇ ਸੂਬੇ ਵਿੱਚ ਮੌਜੂਦ ਪਰਲ ਕੰਪਨੀ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ।

ਸਰਕਾਰ ਨੇ ਕਰਵਾਈ ਸੀ ਉੱਚ ਪੱਧਰੀ ਜਾਂਚ

ਇਸ ਤੋਂ ਪਹਿਲਾਂ ਭਗਵੰਤ ਮਾਨ ਦੀ ਸਰਕਾਰ ਲੋਕਾਂ ਨਾਲ ਹੋਈ ਇਸ ਧੋਖਾਧੜੀ ਦੇ ਕੇਸ ਦੀ ਉੱਚ ਪੱਧਰੀ ਜਾਂਚ ਕਰਵਾ ਚੁੱਕੀ ਹੈ। ਮੁੱਖ ਮੰਤਰੀ ਨੇ ਆਪ ਇਸ ਗੱਲ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਅਰਬਾਂ ਦੀ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਵਾਲੀ ਚਿੱਟ ਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਜਾਰੀ ਕਰਨ ਦੀ ਗੱਲ ਕੀਤੀ ਸੀ। ਪੰਜਾਬ ਦੇ ਕਰੀਬ 10 ਲੱਖ ਲੋਕ ਪਰਲ ਗਰੁੱਪ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਦੱਸੇ ਗਏ ਹਨ।

ਜਾਇਦਾਦਾਂ ਦੀ ਨਿਲਾਮੀ ਕਰਵਾਏਗੀ ਸਰਕਾਰ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਲੋਢਾ ਕਮੇਟੀ ਨੂੰ ਸਹਿਯੋਗ ਕਰਨ ਦੀ ਗੱਲ ਸਾਹਮਣੇ ਆਈ ਸੀ ਕਿ। ਇਸ ਤਹਿਤ ਨਿਵੇਸ਼ਕਾਂ ਨੂੰ ਪਰਲ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਲਈ ਕਿਹਾ ਗਿਆ ਸੀ।

5.50 ਕਰੋੜ ਲੋਕਾਂ ਨਾਲ ਹੋਈ 60 ਹਜ਼ਾਰ ਕਰੋੜ ਦੀ ਧੋਖਾਧੜੀ

ਪਰਲ ਗਰੁੱਪ ‘ਤੇ ਇਲਜ਼ਾਮ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ‘ਚ ਪ੍ਰਾਪਰਟੀ ‘ਚ ਨਿਵੇਸ਼ ਕਰਵਾਇਆ। ਇਸ ਨਾਲ ਕਰੀਬ 60 ਹਜ਼ਾਰ ਕਰੋੜ ਰੁਪਏ ਕਮਾਏ, ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਫਰਜੀ ਅਲਾਟਮੈਂਟ ਲੌਟਰ ਦੇ ਕੇ ਸਾਰਾ ਪੈਸਾ ਦਬਾ ਲਿਆ।

ਮਾਨ ਨੇ ਲੋਕ ਸਭਾ ਵਿੱਚ ਚੁੱਕਿਆ ਸੀ ਮੁੱਦਾ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੁੰਦਿਆਂ ਸੰਸਦ ਵਿੱਚ ਪਰਲ ਗਰੁੱਪ ਦੀ ਧੋਖਾਧੜੀ ਦਾ ਮੁੱਦਾ ਉਠਾ ਚੁੱਕੇ ਹਨ। ਜਦੋਂ ਤੋਂ ਮਾਨ ਮੁੱਖ ਮੰਤਰੀ ਬਣੇ ਹਨ, ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲਣ ਦੀ ਉਮੀਦ ਲੱਗ ਗਈ ਹੈ। ਇਸ ਦੇ ਨਾਲ ਹੀ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਨੂੰ ਜਨਵਰੀ ਵਿੱਚ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ