ਚੰਡੀਗੜ੍ਹ ਨਿਊਜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narender Modi) ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਮੁੱਖ ਦਫਤਰ ਪੁੱਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਅੱਜ ਤੋਂ ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਤਾਂ ਉੱਥੇ ਹੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਛੁੱਟੀ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਦੇ ਸੈਕਟਰ-28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਹੈੱਡਕੁਆਰਟਰ ਲਿਜਾਇਆ ਗਿਆ।
ਪ੍ਰਧਾਨ ਮੰਤਰੀ ਮੋਦੀ ਤਕਰੀਬਨ 12.45 ਵਜੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ। ਉਨ੍ਹਾਂ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਅਤੇ ਫੇਰ ਸੁਖਬੀਰ ਸਿੰਘ ਬਾਦਲ ਅਤੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ।
ਪਾਰਟੀ ਹੈੱਡਕੁਆਰਟਰ ਵਿਖੇ ਮ੍ਰਿਤਕ ਦੇਹ
ਸਾਬਕਾ ਮੁੱਖ ਮੰਤਰੀ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਕਰੀਬ 10 ਵਜੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਲਿਆਂਦਾ ਗਿਆ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਫਿਰ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਮੁਕਤਸਰ ਸਾਹਿਬ ਸਥਿਤ ਬਾਦਲ ਪਰਿਵਾਰ ਦੇ ਜੱਦੀ ਪਿੰਡ ਪਹੁੰਚੇਗੀ ਅਤੇ ਭਲਕੇ (27 ਅਪ੍ਰੈਲ) ਦੁਪਹਿਰ 1 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ