Color Coded Stamp Paper: ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।
ਚੰਡੀਗੜ੍ਹ ਨਿਊਜ: ਸੂਬੇ ਵਿੱਚ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਸ਼ੁਰੂਆਤ ਤੋਂ ਬਾਅਦ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ।
ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।


