ਚੰਨੀ ਦੀ ਸਾਈਕਲ ਯਾਤਰਾ ਦੌਰਾਨ ਬਜ਼ੁਰਗ ਦੀ ਮੌਤ, ਹਾਰਟ ਅਟੈਕ ਦੱਸਿਆ ਜਾ ਰਿਹਾ ਕਾਰਨ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਨਾਲ ਕਾਫਲੇ 'ਚ ਰੋਪੜ ਜਿਲ੍ਹੇ ਦੇ ਪਿੰਡ ਕੋਟਲਾ ਨਿਹੰਗ ਤੋਂ ਆਏ ਬਜੁਰਗ ਕਾਂਗਰਸੀ ਵਰਕਰ ਸੁਰਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬਜੁਰਗ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੀ “ਜਵਾਨੀ ਸੰਭਾਲ ਯਾਤਰਾ” ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ। ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕਾਂਗਰਸੀ ਵਰਕਰ ਸੁਰਜੀਤ ਸਿੰਘ ਦੀ ਮੌਤ ਹੋ ਗਈ ਹੈ।
ਇਸ ਦੁਖਦਾਈ ਘਟਨਾ ਤੋਂ ਬਾਅਦ ਚੰਨੀ ਨੇ ਮਾਨਸਾ ਦੀ ਰੈਲੀ ਵਿੱਚ ਇਕੱਠੇ ਹੋਏ ਲੋਕਾਂ ਅਤੇ ਸਮਰਥਕਾਂ ਤੋਂ ਮੁਆਫੀ ਮੰਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਯਾਤਰਾ ਵਿੱਚ ਹਿੱਸਾ ਲੈਣ ਵਾਲੇ ਬਜ਼ੁਰਗ ਸੁਰਜੀਤ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ, ਸੋਗ ਦੇ ਮਾਹੌਲ ਵਿੱਚ ਯਾਤਰਾ ਜਾਰੀ ਰੱਖਣਾ ਅਣਉਚਿਤ ਸੀ। ਇਸ ਲਈ ਇਸ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ।
ਮ੍ਰਿਤਕ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕਰਨਗੇ
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪਹਿਲਾਂ ਚਮਕੌਰ ਸਾਹਿਬ ਵਾਪਸ ਆ ਕੇ ਮ੍ਰਿਤਕ ਸੁਰਜੀਤ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਚੰਨੀ ਅਨੁਸਾਰ, ਹਾਲਾਂਕਿ ਦੁਖੀ ਪਰਿਵਾਰ ਨੇ ਯਾਤਰਾ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ ਪਰ ਉਹ ਮਹਿਸੂਸ ਕਰਦੇ ਹਨ ਕਿ ਪਹਿਲਾਂ ਪਰਿਵਾਰ ਨਾਲ ਖੜ੍ਹੇ ਹੋਣਾ ਮਹੱਤਵਪੂਰਨ ਹੈ।
ਕੱਲ੍ਹ ਸਾਂਝੀ ਕੀਤੀ ਜਾਵੇਗੀ ਹੋਰ ਜਾਣਕਾਰੀ
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੋਂ ਬਾਅਦ ਹੀ ਅਗਲੀ ਰੂਪ-ਰੇਖਾ ਤੈਅ ਕੀਤੀ ਜਾਵੇਗੀ ਅਤੇ ਯਾਤਰਾ ਮੁੜ ਸ਼ੁਰੂ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਭਲਕੇ ਸਾਂਝੀ ਕੀਤੀ ਜਾਵੇਗੀ।
