CM Bhagwant Maan: ਪੰਜਾਬ ਨੂੰ ਰੰਗਲਾ ਸੂਬਾ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ
Chief Minister ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ।