High Court ਵੱਲੋਂ ਸੀਐਮ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਰਾਹਤ
ਚੰਡੀਗੜ੍ਹ ਨਿਊਜ: ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਰਾਹਤ ਦਿੱਤੀ ਹੈ। 10 ਜਨਵਰੀ 2020 ਨੂੰ ਆਮ ਆਦਮੀ ਪਾਰਟੀ ਦੇ 10 ਆਗੂਆਂ ਖਿਲਾਫ ਦਰਜ ਐਫਆਈਆਰ ‘ਚ ਹਾਈ ਕੋਰਟ ਨੇ ਇਹ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਚੱਲ ਰਹੇ ਮੁਕੱਦਮੇ ‘ਤੇ 19 ਮਈ ਤੱਕ ਰੋਕ ਲਗਾ ਦਿੱਤੀ ਹੈ। ਇਸੇ ਪਟੀਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜ਼ਿਕਰਯੋਗ ਹੈ ਕਿ 2020 ‘ਚ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ‘ਚ ਵਾਧਾ ਕੀਤਾ ਸੀ। ਇਸ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਹਰਪਾਲ ਚੀਮਾ, ਅਮਨ ਅਰੋੜਾ ਅਤੇ ਮੀਤ ਹੇਅਰ ਆਦਿ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਸੀਐਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ। ਜਿਸ ਸਬੰਧੀ ਚੰਡੀਗੜ੍ਹ ਪੁਲੀਸ ਨੇ ਭਗਵੰਤ ਮਾਨ ਸਮੇਤ ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ।
ਐਫਆਈਆਰ ਰੱਦ ਕਰਨ ਦੀ ਕੀਤੀ ਮੰਗ
ਇਹ ਕੇਸ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਹੈ। ਅੱਜ ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਦੋਵਾਂ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਚੱਲ ਰਹੀ ਸੁਣਵਾਈ ‘ਤੇ 19 ਮਈ ਤੱਕ ਰੋਕ ਲਗਾ ਦਿੱਤੀ ਅਤੇ ਪ੍ਰਸ਼ਾਸਨ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ