ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਲਈ CM ਮਾਨ ਵੱਲੋਂ ਐਲਾਨ, ਮਿਲੇਗੀ 1 ਕਰੋੜ ਦੀ ਐਕਸ-ਗ੍ਰੇਸ਼ੀਆ ਗ੍ਰਾਂਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਰਦਾਸਪੁਰ ਵਿੱਚ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਬਹਾਦਰੀ ਅਤੇ ਸਮਰਪਣ ਨੂੰ ਸਲਾਮ ਕੀਤਾ ਹੈ। ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਈ। ਮੁੱਖ ਮੰਤਰੀ ਨੇ ਕਿਹਾ ਕਿ ਵਿਨੋਦ ਕੁਮਾਰ ਦੀ ਡਿਊਟੀ ਪ੍ਰਤੀ ਸਮਰਪਣ ਅਤੇ ਜਨੂੰਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ, ਜਦੋਂ ਕਿ ਪਰਿਵਾਰ ਨੂੰ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਵੀ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੈਸਾ ਜ਼ਿੰਦਗੀ ਦੀ ਥਾਂ ਨਹੀਂ ਲੈ ਸਕਦਾ, ਪਰ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਦੀ ਜ਼ਿੰਮੇਵਾਰੀ ਲਵੇ ਅਤੇ ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰੇ। ਵਿਨੋਦ ਕੁਮਾਰ ਦੀ ਮਹਾਨ ਕੁਰਬਾਨੀ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਚ ਮਿਲੀ ਲਾਸ਼
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਚ ਲਾਸ਼ ਮਿਲਣ ਨਾਲ ਇਲਾਕੇ ਚ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਦੀ ਸੱਚਾਈ ਦਾ ਖੁਲਾਸਾ ਹੋ ਸਕੇਗਾ।
ਇਹ ਵੀ ਪੜ੍ਹੋ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਨੇ ਦੱਸਿਆ ਕਿ ਪਰਿਵਾਰ ਵੱਲੋਂ ਗੋਲੀ ਲੱਗਣ ਦੀ ਗੱਲ ਕਹੀ ਗਈ ਹੈ, ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਸਪੱਸ਼ਟ ਖੁਲਾਸਾ ਹੋ ਸਕੇਗਾ।
