ਚਨਾਰਥਲ ਕਲਾਂ ਲੋਕ ਮਿਲਣੀ ਕਰਨ ਪਹੁੰਚੇ CM ਮਾਨ, ਪਿੰਡ ਦੇ ਵਿਕਾਸ ਲਈ ਦਿੱਤੇ 51 ਲੱਖ; ਅਕਾਲੀ ਦਲ ‘ਤੇ ਕੀਤੇ ਤਿੱਖੇ ਵਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਆਯੋਜਿਤ ਵਿਸ਼ੇਸ਼ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਨੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਆਯੋਜਿਤ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਨੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ।
ਸੰਵਾਦ ਦੌਰਾਨ ਜਦੋਂ ਇੱਕ ਸਥਾਨਕ ਨਾਗਰਿਕ ਨੇ ਸਰਵੇਖਣ (SIR) ਦੌਰਾਨ ਯੋਗ ਵੋਟਰਾਂ ਦੀਆਂ ਵੋਟਾਂ ਕੱਟੇ ਜਾਣ ਦਾ ਖ਼ਦਸ਼ਾ ਪ੍ਰਗਟ ਕੀਤਾ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਇਖ਼ਤਿਆਰ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੱਛਮੀ ਬੰਗਾਲ ਜਾਂ ਬਿਹਾਰ ਵਰਗੇ ਸੂਬਿਆਂ ਵਿੱਚ ਤਾਂ ਲੋਕਾਂ ਦੀਆਂ ਵੋਟਾਂ ਕੱਟਣ ਦੀ ਸਿਆਸਤ ਕਰ ਸਕਦੀ ਹੈ, ਪਰ ਪੰਜਾਬ ਦੀ ਧਰਤੀ ‘ਤੇ ਅਜਿਹੀ ਕਿਸੇ ਵੀ ਮਨਮਾਨੀ ਜਾਂ ਧੱਕੇਸ਼ਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਨਾ ਤਾਂ ਕਿਸੇ ਅਸਲ ਤੇ ਯੋਗ ਨਾਗਰਿਕ ਦੀ ਵੋਟ ਕੱਟਣ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਕਿਸਮ ਦੀ ਕੋਈ ਫ਼ਰਜ਼ੀ ਜਾਂ ਨਕਲੀ ਵੋਟ ਬਣਾਉਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਜਾਂ ਲਾਪਰਵਾਹੀ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ। ਮੌਕੇ ‘ਤੇ ਮੌਜੂਦ ਡਿਪਟੀ ਕਮਿਸ਼ਨਰ ਨੇ ਵੀ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪ੍ਰੌੜ੍ਹਤਾ ਕਰਦਿਆਂ ਜਨਤਾ ਨੂੰ ਵਿਸ਼ਵਾਸ ਦਿਵਾਇਆ ਕਿ ਸਰਵੇਖਣ ਦੌਰਾਨ ਪੂਰੀ ਪਾਰਦਰਸ਼ਤਾ ਵਰਤੀ ਜਾਵੇਗੀ ਅਤੇ ਲੋਕਾਂ ਦੀ ਸਹੂਲਤ ਲਈ ਬੀ.ਐਲ.ਓਜ਼ (BLO) ਖ਼ੁਦ ਘਰ-ਘਰ ਜਾ ਕੇ ਫਾਰਮ ਭਰਨ ਵਿੱਚ ਮਦਦ ਕਰਨਗੇ।
ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿਖੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਸ ਉਪਰੰਤ ‘ਲੋਕ ਮਿਲਣੀ’ ਦੌਰਾਨ ਮਿਲੇ ਬੇਸ਼ੁਮਾਰ ਪਿਆਰ ਲਈ ਸੰਗਤ ਦਾ ਤਹਿ ਦਿਲੋਂ ਧੰਨਵਾਦ.. ਮਾਵਾਂ-ਭੈਣਾਂ ਦੇ ਸਨਮਾਨ ਵਿੱਚ 1 ਜੁਲਾਈ ਤੋਂ ‘ਮਾਵਾਂ-ਧੀਆਂ ਸਨਮਾਨ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ pic.twitter.com/YwaFYMQXBC
— Bhagwant Mann (@BhagwantMann) June 21, 2026
ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਸਿਆਸੀ ਹਮਲੇ ਅਤੇ ਪੰਥਕ ਮੁੱਦੇ
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੱਖੇ ਨਿਸ਼ਾਨੇ ‘ਤੇ ਲਿਆ। ਵਿਰੋਧੀਆਂ ਵੱਲੋਂ ਲਗਾਏ ਜਾਂਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੰਸਦ (ਲੋਕ ਸਭਾ) ਦੇ ਅੰਦਰ ਪਹਿਲੀ ਵਾਰ ਦਸਮ ਪਾਤਸ਼ਾਹ ਦੇ ਸਰਬੰਸਦਾਨੀ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜ਼ਲੀ ਦਿਵਾਉਣ ਅਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਉਹ ਖ਼ੁਦ ਹਨ।
ਇਹ ਵੀ ਪੜ੍ਹੋ
ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਇਤਿਹਾਸਕ ਕਦਮ ਚੁੱਕਣ ਤੋਂ ਬਾਅਦ ਉਹ ਪੰਥ ਦੇ ਵਿਰੋਧੀ ਕਿਵੇਂ ਹੋ ਸਕਦੇ ਹਨ? ਉਨ੍ਹਾਂ ਪਲਟਵਾਰ ਕਰਦਿਆਂ ਕਿਹਾ ਕਿ ਜਿਹੜੇ ‘ਅਕਾਲੀ’ ਆਗੂ ਅੱਜ ਬੇਅਦਬੀ ਵਿਰੋਧੀ ਸਖ਼ਤ ਕਾਨੂੰਨਾਂ ਦੀ ਮੁਖ਼ਾਲਫ਼ਤ ਕਰ ਰਹੇ ਹਨ, ਅਸਲ ਵਿੱਚ ਉਹੀ ਇਸ ਘਿਨਾਉਣੇ ਗੁਨਾਹ ਦੇ ਮੁੱਖ ਦੋਸ਼ੀ ਹਨ।
ਆਪ ਸਰਕਾਰ ਦੀਆਂ ਲੋਕ-ਪੱਖੀ ਪ੍ਰਾਪਤੀਆਂ ਅਤੇ ਵਿਕਾਸ ਦਾ ਰਿਪੋਰਟ ਕਾਰਡ
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪਿਛਲੇ ਸਮੇਂ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਖ਼ਜ਼ਾਨੇ ਅਤੇ ਜਨਤਾ ਨੂੰ ਲੁੱਟਣ ਤੋਂ ਬਿਨਾਂ ਕੁਝ ਨਹੀਂ ਕੀਤਾ। ਇਸ ਦੇ ਉਲਟ, ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਜਨਤਾ ਦੇ ਟੈਕਸ ਦਾ ਇੱਕ-ਇੱਕ ਪੈਸਾ ਸਿੱਧਾ ਉਨ੍ਹਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ‘ਤੇ ਖ਼ਰਚ ਕਰ ਰਹੀ ਹੈ। ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਸਰਕਾਰ ਦਿਨ-ਰਾਤ ਬਚਨਬੱਧਤਾ ਨਾਲ ਕਾਰਜਸ਼ੀਲ ਹੈ ਅਤੇ ਚੋਣਾਂ ਦੌਰਾਨ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।
ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ, ਸੂਬੇ ਭਰ ਵਿੱਚ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕਾਂ’ ਰਾਹੀਂ ਹੁਣ ਤੱਕ ਲੱਖਾਂ ਲੋਕ ਬਿਨਾਂ ਕਿਸੇ ਖ਼ਰਚੇ ਦੇ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਦਵਾਈਆਂ ਦਾ ਲਾਭ ਲੈ ਚੁੱਕੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਾਰਪੋਰੇਟ ਪੱਧਰ ਦਾ ਬਣਾਇਆ ਜਾ ਰਿਹਾ ਹੈ ਤਾਂ ਜੋ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ 90 ਫ਼ੀਸਦੀ ਤੋਂ ਵਧੇਰੇ ਪਰਿਵਾਰਾਂ ਦਾ ਮਾਸਿਕ ਬਿਜਲੀ ਬਿੱਲ ਹੁਣ ‘ਜ਼ੀਰੋ’ ਆ ਰਿਹਾ ਹੈ। ਕਿਸਾਨੀ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਨਵੀਆਂ ਅਤੇ ਵਿਗਿਆਨਕ ਨੀਤੀਆਂ ਤਿਆਰ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿਹੜੇ ਵੀ ਅਧਿਕਾਰੀ, ਕਰਮਚਾਰੀ ਜਾਂ ਸਿਆਸੀ ਆਗੂ ਪੰਜਾਬ ਦੇ ਸਰਕਾਰੀ ਪੈਸੇ ਦੀ ਦੁਰਵਰਤੋਂ ਜਾਂ ਲੁੱਟ-ਖਸੁੱਟ ਕਰਨਗੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਨਿਰੰਤਰ ਜਾਰੀ ਰਹੇਗੀ।
ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਭਰੋਸਾ ਦਿੱਤਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਵੀ ਕਮੀ ਆਉਣ ਨਹੀਂ ਦਿੱਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਨੇ ਪਿੰਡ ਚਨਾਰਥਲ ਕਲਾਂ ਦੇ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ 51 ਲੱਖ ਰੁਪਏ ਦੀ ਵਿੱਤੀ ਗ੍ਰਾਂਟ ਦਾ ਚੈੱਕ ਮੌਕੇ ‘ਤੇ ਹੀ ਪ੍ਰਬੰਧਕਾਂ ਨੂੰ ਸੌਂਪਿਆ।
ਇਸ ਪ੍ਰਭਾਵਸ਼ਾਲੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਪ੍ਰਮੁੱਖ ਆਗੂ ਗੁਰਵਿੰਦਰ ਸਿੰਘ ਢਿੱਲੋਂ, ਬਲਵੀਰ ਸਿੰਘ ਸੋਢੀ ਸਮੇਤ ਕਈ ਸੀਨੀਅਰ ਸਿਆਸੀ ਅਗੂ, ਪ੍ਰਸ਼ਾਸਨਿਕ ਅਧਿਕਾਰੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।


