ਲੁਧਿਆਣਾ ਦੌਰੇ ‘ਤੇ CM ਭਗਵੰਤ ਮਾਨ, ਕਈ ਵੱਡੇ ਆਗੂਆਂ ਨੂੰ ਪਾਰਟੀ ‘ਚ ਕਰਵਾਇਆ ਜੁਆਇਨ, ਆਪਰੇਸ਼ਨ ਸਿੰਦੂਰ ‘ਤੇ ਚੁੱਕੇ ਸਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੌਰੇ ਦੌਰਾਨ ਕਈ ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰਾਂ, ਕਾਂਗਰਸ ਅਤੇ ਅਕਾਲੀ ਦਲ 'ਤੇ ਤਿੱਖੇ ਹਮਲੇ ਕੀਤੇ ਅਤੇ ਆਪ੍ਰੇਸ਼ਨ ਸਿੰਦੂਰ 'ਤੇ ਸਵਾਲ ਉਠਾਏ। ਸੀਐਮ ਮਾਨ ਨੇ ਆਪਣੀ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਆਪ ਦੀ ਜਿੱਤ ਦਾ ਦਾਅਵਾ ਕੀਤਾ।

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਪਹੁੰਚੇ। ਇਸ ਦੌਰਾਨ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਈ ਵੱਡੇ ਲੀਡਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਦੱਸ ਦੀਏ ਕਿ ਪਨਸਪ ਦੇ ਸਾਬਕਾ ਡਾਇਰੈਕਟਰ ਸਿਮੀ ਪਛਾਣ ਚੋਪੜਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਤਿੰਨ ਸਾਲ ਦੇ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਉੱਥੇ ਹੀ ਉਨ੍ਹਾਂ ਨੇ ਵਿਰੋਧੀ ਪਾਰਟੀ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਨੂੰ ਲੈ ਕੇ ਵੀ ਮੋੜਵਾਂ ਜਵਾਬ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਵੀ ਵੱਡਾ ਹਮਲਾ ਕੀਤਾ ਹੈ। ਸੀਐਮ ਮਾਨ ਵੱਲੋਂ ਆਰਡੀਐਫ ਦੇ ਪੈਸੀਆਂ ਸਣੇ ਬੀਬੀਐਮਬੀ ਦੇ ਮੁੱਦੇ ਨੂੰ ਚੁੱਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਆਪਰੇਸ਼ਨ ਸਿੰਦੂਰ ਨੂੰ ਲੈ ਕੇ ਵੀ ਕੇਂਦਰ ਦੀ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ।
ਉਨ੍ਹਾਂ ਨੇ ਸੂਬੇ ਦੀ ਵਿਰੋਧੀ ਲੀਡਰਸ਼ਿਪ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਵੀ ਪਲਟਵਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭ ਕੁਝ ਜਾਣਦੇ ਹਨ ਕਿ ਇਨ੍ਹਾਂ ਲੀਡਰਾਂ ਨੇ ਕਿੰਨਾ ਲੁੱਟਿਆ ਹੈ ਅਤੇ ਲੋਕਾਂ ਵਾਸਤੇ ਕੀ ਕੁਝ ਕੀਤਾ ਹੈ।
CM @BhagwantMann ਜੀ ਦੀ ਅਗਵਾਈ ਤੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਜੀ ਦੀ ਮੌਜੂਦਗੀ ਚ ਲੁਧਿਆਣਾ ਵੈਸਟ ਤੋਂ ਪੁਰਾਣੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਚ ਸ਼ਾਮਲ ਹੋਏ। ਸਾਰਿਆਂ ਦਾ ਪਾਰਟੀ ਪਰਿਵਾਰ ਚ ਨਿੱਘਾ ਸਵਾਗਤ pic.twitter.com/ijxOrgiE6T
— AAP Punjab (@AAPPunjab) June 5, 2025
ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਅੱਜ ਪਾਰਟੀ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਨੇ ਉੱਥੇ ਹੀ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ‘ਤੇ ਵੀ ਵੱਡਾ ਹਮਲਾ ਕੀਤਾ। CM ਨੇ ਕਿਹਾ ਕਿ ਜਿਸ ਵਿੱਚ ਗੁੱਸਾ ਅਤੇ ਹੰਕਾਰ ਹੈ ਉਹ ਸਭ ਨੂੰ ਪਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੋ ਪਾਰਟੀ ਵਿੱਚ ਆਏ ਹਨ। ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
CM ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਰਵੇ ਕਰਵਾਇਆ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਜਿੱਤ ਹਾਸਿਲ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ‘ਤੇ ਵੀ ਵੱਡਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇ ਲੀਡਰਾਂ ਨੇ ਆਪਣੇ ਬਿਆਨ ਵਿੱਚ ਹਾਰ ਮੰਨ ਲਈ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਦੇ ਹੋਇਆ ਕਿਹਾ ਕਿ ਲੋਕ ਭਲੀ ਭਾਂਤ ਜਾਣਦੇ ਹਨ ਕਿ ਪਿਛਲੇ 70 ਸਾਲਾਂ ਵਿੱਚ ਕਾਂਗਰਸ ਨੇ ਦੇਸ਼ ਨੂੰ ਕੀ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ‘ਤੇ ਵੀ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਈ ਧੜਿਆਂ ਵਿੱਚ ਵੰਡੀ ਹੋਈ ਹੈ। ਇਸ ਕਰ ਕੇ ਕਾਂਗਰਸ ਪੰਜਾਬ ਵਿੱਚੋਂ ਖਤਮ ਹੋ ਰਹੀ ਹੈ। ਸੁਖਬੀਰ ਸਿੰਘ ਬਾਦਲ ‘ਤੇ ਵੀ ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੀ ਗੈਂਗਸਟਰ ਅਤੇ ਨਸ਼ਾ ਵਧਿਆ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਨਸ਼ਾ ‘ਤੇ ਗੈਂਗਸਟਰ ਖਤਮ ਕਰਨ ਦੀ ਗੱਲ ਕਰ ਰਹੇ ਹਨ।