CM ਮਾਨ ਦੀ ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
CM Bhagwant Mann Meeting With Amit Shah: ਸੀਐਮ ਮਾਨ ਨੇ ਇਸ ਤੋਂ ਪਹਿਲਾਂ ਜਦੋਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਤਾਂ ਉਨ੍ਹਾਂ ਨੇ ਦੱਸਿਆ ਸੀ ਕਿ ਇਸ ਆਫ਼ਤ ਨੇ ਸੂਬੇ ਨੂੰ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਸਨ ਅਤੇ 17,000 ਤੋਂ ਵੱਧ ਘਰ ਨੁਕਸਾਨੇ ਗਏ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸ਼ਨੀਵਾਰ) ਦੁਪਹਿਰ 12 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕਰਨਗੇ, ਜਿੱਥੇ ਉਹ ਸੂਬੇ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ। ਮੀਟਿੰਗ ਲਈ ਕੋਈ ਏਜੰਡਾ ਤੈਅ ਨਹੀਂ ਕੀਤਾ ਗਿਆ ਹੈ, ਇਸ ਲਈ ਸਿਰਫ਼ ਪੰਜਾਬ ਨਾਲ ਸਬੰਧਤ ਮੰਗਾਂ ‘ਤੇ ਹੀ ਵਿਚਾਰ ਕੀਤਾ ਜਾਵੇਗਾ ਜੋ ਮੁੱਖ ਮੰਤਰੀ ਪਹਿਲਾਂ ਤੋਂ ਹੀ ਚੁੱਕਦੇ ਆਏ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦੇ ਬਾਵਜੂਦ, ਕੇਂਦਰ ਸਰਕਾਰ ਨੇ ਯੂਟੀ ਕੇਡਰ ਦੇ ਇੱਕ ਅਧਿਕਾਰੀ ਨੂੰ ਐਫਸੀਆਈ ਵਿੱਚ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਦੇ ਅਹੁਦੇ ‘ਤੇ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅੱਗੇ ਪੰਜਾਬ ਸਰਕਾਰ ਦਾ ਪੱਖ ਪੇਸ਼ ਕਰਨਗੇ। ਉਹ ਪੰਜਾਬ ਤੋਂ ਅਨਾਜ ਦੀ ਆਵਾਜਾਈ ਵਧਾਉਣ ਅਤੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁੱਦਾ ਵੀ ਉਠਾ ਸਕਦੇ ਹਨ।
ਕਈ ਅਹਿਮ ਮੁੱਦਿਆਂ ਤੇ ਚਰਚਾ ਸੰਭਵ
ਸੂਤਰਾਂ ਅਨੁਸਾਰ, ਮੀਟਿੰਗ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ, ਸੁਰੱਖਿਆ, ਸਰਹੱਦੀ ਮੁੱਦੇ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਕੇਂਦਰ-ਰਾਜ ਸਬੰਧਾਂ ਅਤੇ ਲੰਬਿਤ ਪ੍ਰੋਜੈਕਟਾਂ ਵਰਗੇ ਮੁੱਦਿਆਂ ‘ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕਿਸਾਨਾਂ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸਹਿਯੋਗ ਨਾਲ ਸਬੰਧਤ ਮੁੱਦਿਆਂ ਤੇ ਵੀ ਚਰਚਾ ਹੋ ਸਕਦੀ ਹੈ।
ਪੰਜਾਬ ਹੜ੍ਹਾਂ ਨੂੰ ਲੈ ਕੇ CM ਨੇ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਬੀਤੇ ਸਾਲ ਸੂਬੇ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ । ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ SDRF/NDRF ਤੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ।ਇੱਥੇ ਦੱਸਣ ਯੋਗ ਹੈ ਕਿ ਪੰਜਾਬ ਨੇ ਦਹਾਕਿਆਂ ਵਿੱਚ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ। ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 6.87 ਲੱਖ ਲੋਕ ਬੇਘਰ ਹੋ ਗਏ ਹਨ।