ਅੰਮ੍ਰਿਤਸਰ ਹਸਪਤਾਲ ਪਹੁੰਚੇ CM ਮਾਨ ਨੇ ਜਾਣਿਆ ਸ਼ਰਧਾਲੂਆਂ ਦਾ ਹਾਲ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ (ਸਿਵਲ ਹਸਪਤਾਲ) ਪਹੁੰਚ ਕੇ ਹੁਸ਼ਿਆਰਪੁਰ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਜ਼ੇਰੇ ਇਲਾਜ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਡਾਕਟਰਾਂ ਦੀ ਟੀਮ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ (ਸਿਵਲ ਹਸਪਤਾਲ) ਪਹੁੰਚ ਕੇ ਹੁਸ਼ਿਆਰਪੁਰ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਜ਼ੇਰੇ ਇਲਾਜ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਡਾਕਟਰਾਂ ਦੀ ਟੀਮ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਇਸ ਦਿਲ ਕੰਬਾਊ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਲਈ ਵੱਡੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਚੱਲ ਰਹੀਆਂ ਬੱਸਾਂ ਨਾਲ ਹੁਸ਼ਿਆਰਪੁਰ-ਪਠਾਨਕੋਟ ਮਾਰਗ ‘ਤੇ ਪੰਨੂਆਂ ਨੇੜੇ ਇੱਕ ਬੇਹੱਦ ਮੰਦਭਾਗਾ ਹਾਦਸਾ ਵਾਪਰਿਆ ਹੈ। ਇਸ ਦੁਰਘਟਨਾ ਵਿੱਚ ਕੁੱਲ ਪੰਜ ਲੋਕਾਂ ਦੀ ਦੁਖਦਾਈ ਮੌਤ ਹੋਈ ਹੈ, ਜਿਨ੍ਹਾਂ ਵਿੱਚ ਚਾਰ ਤੀਰਥ ਯਾਤਰੀ ਅਤੇ ਮੋਟਰਸਾਈਕਲ ਸਵਾਰ ਇੱਕ ਮਹਿਲਾ ਸ਼ਾਮਲ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਭਾਵੇਂ ਕਿਸੇ ਦੀ ਕੀਮਤੀ ਜਾਨ ਦੀ ਕੋਈ ਕੀਮਤ ਨਹੀਂ ਲਗਾਈ ਜਾ ਸਕਦੀ, ਫਿਰ ਵੀ ਪੰਜਾਬ ਸਰਕਾਰ ਵੱਲੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਜ਼ਖ਼ਮੀਆਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸੀਐਮ ਮਾਨ ਨੇ ਰਾਹਤ ਭਰੀ ਖ਼ਬਰ ਦਿੱਤੀ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਸਾਰੇ 11 ਮਰੀਜ਼ ਫਿਲਹਾਲ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਇੱਕ ਮਰੀਜ਼ ਦੇ ਸਿਰ ਵਿੱਚ ਸੱਟ (ਹੈੱਡ ਇੰਜਰੀ) ਲੱਗੀ ਹੈ, ਜਦਕਿ ਕੁਝ ਹੋਰਨਾਂ ਨੂੰ ਫਰੈਕਚਰ ਹੋਇਆ ਹੈ। ਡਾਕਟਰਾਂ ਮੁਤਾਬਕ ਸਾਰੇ ਜ਼ਖ਼ਮੀ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ ਅਤੇ ਅਗਲੇ ਦੋ ਤੋਂ ਚਾਰ ਦਿਨਾਂ ਦੇ ਅੰਦਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਸੁਰੱਖਿਅਤ ਘਰ ਭੇਜ ਦਿੱਤਾ ਜਾਵੇਗਾ।
ਬਾਈਕ ਸਵਾਰ ਨੂੰ ਬਚਾਉਣ ਦੇ ਚੱਕਰ ‘ਚ ਵਾਪਰਿਆ ਹਾਦਸਾ: CM ਮਾਨ
ਹਾਦਸੇ ਦੇ ਕਾਰਨਾਂ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਇੱਕ ਅਚਾਨਕ ਵਾਪਰਿਆ ਸੜਕ ਹਾਦਸਾ ਸੀ, ਨਾ ਕਿ ਕਿਸੇ ਕਿਸਮ ਦੀ ਲਾਪਰਵਾਹੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹਾਈਵੇਅ ‘ਤੇ ਇੱਕ ਮੋਟਰਸਾਈਕਲ ਚਾਲਕ ਨੇ ਅਚਾਨਕ ਕੱਟ ਮਾਰ ਦਿੱਤਾ ਸੀ। ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੱਸ ਚਾਲਕ ਨੇ ਗੱਡੀ ਮੋੜੀ, ਜਿਸ ਕਾਰਨ ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਚਲੀ ਗਈ ਅਤੇ ਸਾਹਮਣਿਓਂ ਆ ਰਹੀ ਤੀਰਥ ਯਾਤਰਾ ਦੀ ਹੀ ਇੱਕ ਹੋਰ ਬੱਸ ਨਾਲ ਟਕਰਾ ਗਈ।
ਮੁੱਖ ਮੰਤਰੀ ਨੇ ਦੱਸਿਆ ਕਿ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਲਗਭਗ 17,000 ਟ੍ਰਿਪ ਸਫਲਤਾਪੂਰਵਕ ਪੂਰੇ ਕੀਤੇ ਜਾ ਚੁੱਕੇ ਹਨ ਅਤੇ 7 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ਼, ਵਾਹਗਾ ਬਾਰਡਰ, ਖਾਟੂ ਸ਼ਿਆਮ, ਮਥੁਰਾ ਅਤੇ ਵ੍ਰਿੰਦਾਵਨ ਵਰਗੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਰੋਜ਼ਾਨਾ ਕਰੀਬ 70 ਬੱਸਾਂ ਰਾਹੀਂ 3,000 ਬਜ਼ੁਰਗ ਅਤੇ ਲੋੜਵੰਦ ਸ਼ਰਧਾਲੂ ਇਸ ਯੋਜਨਾ ਦਾ ਲਾਭ ਉਠਾ ਰਹੇ ਹਨ ਅਤੇ ਅੱਜ ਤੋਂ ਪਹਿਲਾਂ ਕਦੇ ਵੀ ਅਜਿਹੀ ਘਟਨਾ ਨਹੀਂ ਵਾਪਰੀ।
ਇਹ ਵੀ ਪੜ੍ਹੋ
ਲਾਸ਼ਾਂ ‘ਤੇ ਸਿਆਸਤ ਕਰਨ ਤੋਂ ਬਾਜ਼ ਨਹੀਂ ਆਉਂਦੀਆਂ ਵਿਰੋਧੀ ਧਿਰਾਂ
ਇਸ ਦੁਖਦਾਈ ਹਾਦਸੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਦੇ ਨੋਟਿਸ ਦੇ ਸੰਦਰਭ ਵਿੱਚ ਪੁੱਛੇ ਗਏ ਸਵਾਲਾਂ ‘ਤੇ ਮੁੱਖ ਮੰਤਰੀ ਨੇ ਸਖ਼ਤ ਰੁਖ਼ ਅਪਣਾਇਆ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਦੀ ਇਹ ਪੁਰਾਣੀ ਆਦਤ ਬਣ ਗਈ ਹੈ ਕਿ ਉਹ ਹਰ ਦੁਖਦਾਈ ਘਟਨਾ ਅਤੇ ਲਾਸ਼ਾਂ ‘ਤੇ ਵੀ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆਉਂਦੀਆਂ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਮੰਦਭਾਗੇ ਹੁੰਦੇ ਹਨ ਅਤੇ ਇਨ੍ਹਾਂ ‘ਤੇ ਸਿਆਸਤ ਕਰਨਾ ਬੇਹੱਦ ਸ਼ਰਮਨਾਕ ਹੈ।
ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੜਕ ਦੁਰਘਟਨਾਵਾਂ ਨੂੰ ਘਟਾਉਣ ਲਈ ‘ਸੜਕ ਸੁਰੱਖਿਆ ਫੋਰਸ’ (SSF) ਦਾ ਗਠਨ ਕੀਤਾ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਆਗਾਮੀ ਚੋਣਾਂ ਦੇ ਮੱਦੇਨਜ਼ਰ ਦੂਜੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਟਿਕਟਾਂ ਕੱਟੇ ਜਾਣ ਅਤੇ ਨਾਰਾਜ਼ਗੀ ਦੀਆਂ ਖ਼ਬਰਾਂ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਇਸ ਨੂੰ ਉਨ੍ਹਾਂ ਪਾਰਟੀਆਂ ਦਾ ਅੰਦਰੂਨੀ ਮਾਮਲਾ ਦੱਸਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਰਕਰ ਪੂਰੀ ਮਜ਼ਬੂਤੀ ਨਾਲ ਲੋਕਾਂ ਵਿੱਚ ਜਾ ਕੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਕੰਮਾਂ ਨੂੰ ਪਹੁੰਚਾ ਰਹੇ ਹਨ।
