ਮੈਂ ਧਮਕੀਆਂ ਤੋਂ ਨਹੀਂ ਡਰਦਾ ਪੰਜਾਬ ਦੀ ਖੁਸ਼ਹਾਲੀ ਲਈ ਕਰਦਾ ਰਹਾਂਗਾ ਕੰਮ : ਭਗਵੰਤ ਮਾਨ
CM Mann On Threat from Pannu: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦਾ ਰਾਖਾ ਹਾਂ। ਕੋਈ ਵੀ ਧਮਕੀ ਮੈਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਰੋਧੀ ਤਾਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ 'ਤੇ ਬਿਨਾਂ ਸਬੂਤਾਂ ਦੇ ਬਿਆਨ ਦੇਣ ਦਾ ਆਰੋਪ ਲਗਾਇਆ।
ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਕੱਟੜਪੰਥੀ ਤਾਕਤਾਂ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਕੱਟੜਪੰਥੀ ਤਾਕਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੀਆਂ ਹਨ ਪਰ ਉਹ ਕਿਸੇ ਦੀ ਧਮਕੀ ਤੋਂ ਡਰਨ ਵਾਲੇ ਨਹੀਂ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਪਹਿਰੇਦਾਰ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਕਰਨ ਤੋਂ ਨਹੀਂ ਰੋਕ ਸਕਦੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਣ ਲਈ ਚੰਡੀਗੜ੍ਹ ਪਹੁੰਚੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਧਮਕੀਆਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਅਜਿਹੀਆਂ ਤਾਕਤਾਂ ਨੂੰ ਉਨ੍ਹਾਂ ਦੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ।
ਇਹ ਵੀ ਪੜ੍ਹੋ – ਪੰਜਾਬ ਪੁਲਿਸ ਨੂੰ ਮਿਲੇ 461 ਜਵਾਨ, ਮੁੱਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ,13 ਦੀਆਂ 13 ਸੀਟਾਂ ਤੇ ਜਿੱਤ ਦਾ ਕੀਤਾ ਦਾਅਵਾ
ਪੰਜਾਬ ਵਿਰੋਧੀ ਤਾਕਤਾਂ ‘ਤੇ ਹੈ ਨਜ਼ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਅੰਦਰੋਂ-ਬਾਹਰੋਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਸਾਜਿਸ਼ਾਂ ਦੇ ਮਾਸਟਰ ਮਾਈਂਡ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।