CM ਮਾਨ ਨੇ ਬਿਜਲੀ ਸੰਕਟ ਦੀਆਂ ਖ਼ਬਰਾਂ ਨੂੰ ਦੱਸਿਆ ਅਫਵਾਹ, ਬੋਲੇ- ਸੂਬੇ ‘ਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਆਮ
ਮੁੱਖ ਮੰਤਰੀ ਨੇ ਕਿਹਾ ਕਿ ਤੇਜ਼ ਗਰਮੀ ਦੇ ਬਾਵਜੂਦ, ਸੂਬੇ ਦੇ ਸਾਰੇ ਥਰਮਲ ਪਾਵਰ ਪਲਾਂਟ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ। ਸਰਕਾਰ ਘਰੇਲੂ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹੋਏ ਆਪਣੀ ਵੱਧ ਤੋਂ ਵੱਧ ਸਮਰੱਥਾ 'ਤੇ ਬਿਜਲੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਦੀਆਂ ਰਿਪੋਰਟਾਂ ਅਸਲ ਸਥਿਤੀ ਨੂੰ ਦਰਸਾਉਂਦੀਆਂ ਨਹੀਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਵਿੱਚ ਬਿਜਲੀ ਸੰਕਟ ਦੀਆਂ ਰਿਪੋਰਟਾਂ ਨੂੰ ਗੁੰਮਰਾਹਕੁੰਨ ਅਤੇ ਅਫਵਾਹ ਦੱਸਦਿਆਂ ਖਾਰਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ 17,000 ਮੈਗਾਵਾਟ ਤੋਂ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤੇਜ਼ ਗਰਮੀ ਦੇ ਬਾਵਜੂਦ, ਸੂਬੇ ਦੇ ਸਾਰੇ ਥਰਮਲ ਪਾਵਰ ਪਲਾਂਟ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ। ਸਰਕਾਰ ਘਰੇਲੂ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹੋਏ ਆਪਣੀ ਵੱਧ ਤੋਂ ਵੱਧ ਸਮਰੱਥਾ ‘ਤੇ ਬਿਜਲੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਦੀਆਂ ਰਿਪੋਰਟਾਂ ਅਸਲ ਸਥਿਤੀ ਨੂੰ ਦਰਸਾਉਂਦੀਆਂ ਨਹੀਂ ਹਨ।
ਸੂਬੇ ‘ਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਆਮ- CM ਮਾਨ
ਝੋਨੇ ਦੀ ਬਿਜਾਈ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਲਗਭਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਢੁਕਵਾਂ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਰਤਮਾਨ ਵਿੱਚ ਨਹਿਰਾਂ ਨੂੰ 106 ਫੀਸਦ ਸਮਰੱਥਾ ‘ਤੇ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਲਗਭਗ 14,000 ਕਿਲੋਮੀਟਰ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ। ਜਿਸ ਨਾਲ ਸਿੰਚਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।
ਮੁੱਖ ਮੰਤਰੀ ਮਾਨ ਨੇ ਖੇਤਾਂ ਵਿੱਚ ਵਰਤੇ ਜਾ ਰਹੇ ਡੀਜ਼ਲ ਜਨਰੇਟਰਾਂ ਦੇ ਮੁੱਦੇ ਨੂੰ ਵੀ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਜਨਰੇਟਰਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਕੋਈ ਨਵੀਂ ਗੱਲ ਨਹੀਂ ਹੈ। ਇਹ ਪਹਿਲਾਂ ਵੀ ਹੁੰਦਾ ਰਿਹਾ ਅਤੇ ਮੌਜੂਦਾ ਸਥਿਤੀ ਆਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੌਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਬਿਜਲੀ ਅਤੇ ਸਿੰਚਾਈ ਦੋਵਾਂ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਸਬੰਧੀ ਇੱਕ ਸਵਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਕਾਲ ਤਖ਼ਤ ਸਾਹਿਬ ਤੋਂ ਕੋਈ ਸੁਝਾਅ ਜਾਂ ਸੋਧਾਂ ਆਉਂਦੀਆਂ ਹਨ ਤਾਂ ਸਰਕਾਰ ਪਹਿਲਾਂ ਉਨ੍ਹਾਂ ਦਾ ਗੰਭੀਰਤਾ ਨਾਲ ਅਧਿਐਨ ਕਰੇਗੀ। ਉਸ ਤੋਂ ਬਾਅਦ ਹੀ ਵਿਧਾਨ ਸਭਾ ਵਿੱਚ ਸੰਵਿਧਾਨਕ ਅਤੇ ਪ੍ਰਸ਼ਾਸਕੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅਗਲਾ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ
ਭਲਕੇ ਮਹਿਲਾਂ ਦੇ ਖਾਤੇ ‘ਚ ਆਉਣਗੇ ਪੈਸੇ
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਕੱਲ੍ਹ ਧੂਰੀ ਵਿੱਚ ਹੋਣ ਵਾਲੇ ਇੱਕ ਵੱਡੇ ਸਮਾਗਮ ਤੋਂ ਬਾਅਦ, ”ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ” ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਔਰਤਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਰਿਪੋਰਟ: ਕੁਲਬੀਰ, ਸੰਗਰੂਰ
