ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ,ਮਿਲੇਗੀ ਮਿਆਰੀ ਸਿੱਖਿਆ

Published: 

22 Jan 2023 07:46 AM

ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰਨ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਅੰਕੜੇ ਪੇਸ਼ ਕੀਤੇ।

ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ,ਮਿਲੇਗੀ ਮਿਆਰੀ ਸਿੱਖਿਆ
Follow Us On

ਐਸ.ਏ.ਐਸ.ਨਗਰ। ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ਸਕੂਲ ਆਫ਼ ਐਮੀਨੈਂਸ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਫਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸੀ। ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰਨ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਅੰਕੜੇ ਪੇਸ਼ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਪੰਜਾਬ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਪਛਾੜਨ ਵਾਲੇ ਸਿਆਸਤਦਾਨ ਬੇਗਾਨੇ ਨਹੀਂ ਸਗੋਂ ਸੂਬੇ ਦੇ ਜੰਮੇ ਪਲੇ ਹਨ ਜੋ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਕਰ ਦੇਣ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ ਜਿਸ ਕਰਕੇ ਇਸ ਵਾਰ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਵਿਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਹਸਤੀਆਂ ਸ਼ਾਮਲ ਹਨ।

ਪੰਜਾਬ ਦੇ 23 ਜਿਲ੍ਹਿਆਂ ਵਿੱਚ ਸਥਾਪਤ ਹੋਣਗੇ 119 ਸਕੂਲ ਆਫ ਐਮੀਨੈਂਸ

ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ।

ਪੰਜਾਬ ਦੇ ਅਧਿਆਪਕ ਪਹਿਲੀ ਵਾਰ ਜਾਣਗੇ ਸਿੰਗਾਪੁਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹੁਣ ਸਿੱਖਿਆ ਮਹਿਕਮੇ ਦੀ ਤਸਵੀਰ ਬਦਲ ਰਹੀ ਹੈ ਅਤੇ ਆਏ ਦਿਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਸਕੂਲ ਆਫ਼ ਐਮੀਨੈਂਸ ਨੂੰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਭਰੋਸੇ ਨਾਲ ਕਿਹਾ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ।