ਜਸ਼ਨ-ਏ-ਇਨਕਲਾਬ ਸਮਾਗਮ: ਲੁਧਿਆਣਾ ‘ਚ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੋ CM ਮਾਨ ਦਾ ਸਿਜਦਾ; ਗਿਣਾਈਆਂ ਪ੍ਰਾਪਤੀਆਂ

Updated On: 

28 Sep 2026 20:40 PM IST

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਦੇ ਮੈਦਾਨ ਵਿੱਚ ਕਰਵਾਏ ਗਏ ਵਿਸ਼ਾਲ ਸਮਾਗਮ ਜਸ਼ਨ-ਏ-ਇਨਕਲਾਬ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਅਤੇ ਲੋਕਾਂ ਨੂੰ ਸੰਬੋਧਨ ਕੀਤਾ।

ਜਸ਼ਨ-ਏ-ਇਨਕਲਾਬ ਸਮਾਗਮ: ਲੁਧਿਆਣਾ ਚ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੋ CM ਮਾਨ ਦਾ ਸਿਜਦਾ; ਗਿਣਾਈਆਂ ਪ੍ਰਾਪਤੀਆਂ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਦੇ ਮੈਦਾਨ ਵਿੱਚ ਕਰਵਾਏ ਗਏ ਵਿਸ਼ਾਲ ਸਮਾਗਮ ਜਸ਼ਨ-ਏ-ਇਨਕਲਾਬ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਅਹਿਦ ਦੁਹਰਾਇਆ ਅਤੇ ਪਿਛਲੀਆਂ ਸਰਕਾਰਾਂ ਤੇ ਤਿੱਖੇ ਸ਼ਬਦੀ ਹਮਲੇ ਕੀਤੇ।

‘ਦੇਸ਼ ਦੀ ਸਰਜ਼ਮੀਨ ਨੂੰ ਮਹਿਬੂਬ ਬਣਾਇਆ’

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਚਾਰਾਂ ਨੂੰ ਸਿਜਦਾ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਇੱਕ ਅਜਿਹੀ ਸੋਚ ਅਤੇ ਇਨਕਲਾਬ ਨੇ ਜਨਮ ਲਿਆ ਸੀ ਜਿਸ ਨੇ ਦੇਸ਼ ਦੀ ਤਕਦੀਰ ਬਦਲ ਦਿੱਤੀ। ਭਗਤ ਸਿੰਘ ਦਾ ਇੱਕ ਸ਼ੇਅਰ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ਼ਕ ਕਰਨਾ ਸਭ ਦਾ ਹੱਕ ਹੈ, ਪਰ ਦੇਸ਼ ਦੀ ਸਰਜ਼ਮੀਨ ਨੂੰ ਮਹਿਬੂਬ ਬਣਾਉਣ ਵਾਲੇ ਸੂਰਬੀਰ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਅਮਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਹਜ਼ਾਰ ਸਾਲ ਬਾਅਦ ਵੀ ਭਗਤ ਸਿੰਘ 23 ਸਾਲ ਦੇ ਹੀ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।

ਪਿਛਲੀਆਂ ਸਰਕਾਰਾਂ ਅਤੇ ਭ੍ਰਿਸ਼ਟਾਚਾਰ ਤੇ ਤਿੱਖਾ ਵਾਰ

ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰ ਕੇ ਸਿਰਫ਼ ਰਸਮੀ ਤੌਰ ਤੇ ਹਾਰ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਜਦੋਂ ਭ੍ਰਿਸ਼ਟਾਚਾਰ ਵਿੱਚ ਲਿਪਤ ਹੱਥਾਂ ਨਾਲ ਸ਼ਹੀਦਾਂ ਦੇ ਗਲ ਵਿੱਚ ਹਾਰ ਪਾਏ ਜਾਂਦੇ ਸਨ ਤਾਂ ਸ਼ਹੀਦਾਂ ਦੀ ਆਤਮਾ ਵੀ ਤੜਫਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਹੁੰ ਚੁੱਕ ਸਮਾਗਮ ਰਾਜ ਭਵਨਾਂ ਦੀ ਥਾਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਪਿੰਡ ਜਾ ਕੇ ਕੀਤਾ ਤਾਂ ਜੋ ਉਨ੍ਹਾਂ ਦੀ ਸੋਚ ਤੇ ਪਹਿਰਾ ਦਿੱਤਾ ਜਾ ਸਕੇ। ਉਨ੍ਹਾਂ ਵਿਰੋਧੀਆਂ ਤੇ ਚੋਟ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਅੱਜ ਕੁਦਰਤ ਉਨ੍ਹਾਂ ਨੂੰ ਸਜ਼ਾ ਦੇ ਰਹੀ ਹੈ ਅਤੇ ਉਹ ਜਵਾਬਦੇਹ ਹੋਣ ਤੋਂ ਭੱਜ ਰਹੇ ਹਨ।

ਸਿੱਖਿਆ ਖੇਤਰ ਚ ਕ੍ਰਾਂਤੀ ਅਤੇ NEET ਦੇ ਨਤੀਜੇ

ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਸਾਲ 2021 ਵਿੱਚ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਪੰਜਾਬ 28 ਰਾਜਾਂ ਵਿੱਚੋਂ 27ਵੇਂ ਨੰਬਰ ਤੇ ਸੀ। ਪਰ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ, ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਲੈਬਾਂ, ਲਾਇਬ੍ਰੇਰੀਆਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਤੇ ਫ਼ਿਨਲੈਂਡ ਤੋਂ ਸਿਖਲਾਈ ਦਿਵਾਉਣ ਸਦਕਾ ਕੇਂਦਰ ਸਰਕਾਰ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਬੱਚੇ ਨੀਟ (NEET) ਪ੍ਰੀਖਿਆ ਪਾਸ ਕਰ ਸਕੇ ਸਨ, ਜਦਕਿ ਹਾਲ ਹੀ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਬੱਚੇ ਹਨ ਜਿਨ੍ਹਾਂ ਦੇ ਮਾਪੇ ਮਜ਼ਦੂਰ, ਰੇੜ੍ਹੀ ਵਾਲੇ ਜਾਂ ਆਮ ਘਰਾਂ ਦੇ ਹਨ ਅਤੇ ਹੁਣ ਉਹ ਡਾਕਟਰ ਬਣਨਗੇ।

ਸਿਹਤ, ਬਿਜਲੀ ਅਤੇ ਰੁਜ਼ਗਾਰ ਦੇ ਮੋਰਚੇ ਤੇ ਪ੍ਰਾਪਤੀਆਂ

ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਭਗ 1100 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਹੁਣ ਤੱਕ ਸਾਢੇ ਪੰਜ ਕਰੋੜ ਤੋਂ ਵੱਧ ਓਪੀਡੀ ਮੁਲਾਕਾਤਾਂ ਹੋ ਚੁੱਕੀਆਂ ਹਨ ਅਤੇ ਲੋਕਾਂ ਨੂੰ ਮੁਫ਼ਤ ਟੈਸਟ ਤੇ ਦਵਾਈਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਖੇਤੀ ਲਈ ਦਿਨ ਵੇਲੇ ਨਹਿਰੀ ਪਾਣੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ।

ਰੁਜ਼ਗਾਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ 70,892 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ ਤੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ।

ਪੰਜਾਬ ਦੇ ਹਿੱਤਾਂ ਲਈ ਲੜਾਈ ਜਾਰੀ ਰਹੇਗੀ

ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ, SYL, ਬੀਬੀਐਮਬੀ ਜਾਂ ਭਾਖੜਾ ਦੇ ਮੁੱਦੇ ਤੇ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ ਤੇ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਇੱਕ-ਇੱਕ ਕਤਰਾ ਪੰਜਾਬ ਲਈ ਸਮਰਪਿਤ ਹੈ। ਉਨ੍ਹਾਂ ਇਕੱਠ ਨੂੰ ਸ਼ਾਂਤਮਈ ਢੰਗ ਨਾਲ ਪ੍ਰੋਗਰਾਮ ਦਾ ਆਨੰਦ ਲੈਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦੀਆਂ ਗਤੀਵਿਧੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਅਖ਼ੀਰ ਵਿੱਚ ਉਨ੍ਹਾਂ ਹਜ਼ਾਰਾਂ ਦੇ ਇਕੱਠ ਤੋਂ ਦੋਵੇਂ ਹੱਥ ਖੜ੍ਹੇ ਕਰਵਾ ਕੇ ‘ਇਨਕਲਾਬ ਜ਼ਿੰਦਾਬਾਦ’ ਦੇ ਅਕਾਸ਼-ਗੁੰਜਾਊ ਨਾਅਰੇ ਲਗਵਾਏ।

Loading...
Unable to load recommendations.
Follow Us