CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਭੇਜੇ ਗਏ ਨੋਟਿਸ ਵਿੱਚ ਦੋਵਾਂ ਵਿਰੋਧੀ ਆਗੂਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਭੇਜੇ ਗਏ ਨੋਟਿਸ ਵਿੱਚ ਦੋਵਾਂ ਵਿਰੋਧੀ ਆਗੂਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ਵਿੱਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ।
ਇਹ ਸਮੁੱਚਾ ਵਿਵਾਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਗਏ ਆਰੋਪਾਂ ਨਾਲ ਸਬੰਧਤ ਹੈ। ਰਿਟਾਇਰਡ ਜਸਟਿਸ ਨੇ ਦਾਅਵਾ ਕੀਤਾ ਸੀ ਕਿ ਇੱਕ ਜਬਰ-ਜ਼ਨਾਹ ਕੇਸ, ਜਿਸ ਵਿੱਚ ਗੁਰ ਚਾਹਲ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਹੈ, ਨੂੰ ਰਫ਼ਾ-ਦਫ਼ਾ ਕਰਵਾਉਣ ਅਤੇ ਇੱਕ ਕਾਰੋਬਾਰੀ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਵਾਉਣ ਦੇ ਬਦਲੇ ਡਾ. ਗੁਰਪ੍ਰੀਤ ਕੌਰ ਵੱਲੋਂ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।
ਇਸ ਦੌਰਾਨ 2 ਸਤੰਬਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਆਡੀਓ-ਵੀਡੀਓ ਜਾਰੀ ਕੀਤੀ ਸੀ। ਮਜੀਠੀਆ ਦਾ ਦਾਅਵਾ ਸੀ ਕਿ ਇਸ ਵਿੱਚ ਮੁਲਜ਼ਮ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਦਰਮਿਆਨ ਪੈਸਿਆਂ ਦੇ ਲੈਣ-ਦੇਣ ਸਬੰਧੀ ਗੱਲਬਾਤ ਦਰਜ ਹੈ।
ਦੂਜੇ ਪਾਸੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਸਿੱਧੀ ਚੁਣੌਤੀ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਪ੍ਰਾਪਤ ਹੋਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦੇਣਗੇ। ਨਾਲ ਹੀ ਉਨ੍ਹਾਂ ਚੁਣੌਤੀ ਦਿੱਤੀ ਕਿ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਜਾਂ ਉਨ੍ਹਾਂ ਦੀ ‘ਪੁਲਿਸ ਸਟੇਟ’ ਜੋ ਵੀ ਕਾਨੂੰਨੀ ਕਾਰਵਾਈ ਕਰਨਾ ਚਾਹੁੰਦੀ ਹੈ, ਬੇਸ਼ੱਕ ਕਰ ਲਵੇ।
ਮਜੀਠੀਆ ਅਤੇ ਖਹਿਰਾ ਵੱਲੋਂ ਆਡੀਓ-ਵੀਡੀਓ ਜਾਰੀ
ਬੀਤੀ 2 ਸਤੰਬਰ ਨੂੰ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਆਡੀਓ-ਵੀਡੀਓ ਸਾਂਝੀ ਕੀਤੀ ਸੀ। ਮਜੀਠੀਆ ਨੇ ਦਾਅਵਾ ਕੀਤਾ ਸੀ ਕਿ ਇਸ ਰਿਕਾਰਡਿੰਗ ਵਿੱਚ ਮੁਲਜ਼ਮ ਦੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਾਲੇ ਪੈਸਿਆਂ ਦੇ ਲੈਣ-ਦੇਣ, ਪਟਿਆਲਾ ਜੇਲ੍ਹ ਅੰਦਰ ਮੁਲਜ਼ਮ ਨੂੰ ਕਥਿਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗਾਂ ਨਾਲ ਜੁੜੀ ਗੱਲਬਾਤ ਮੌਜੂਦ ਹੈ।
ਇਹ ਵੀ ਪੜ੍ਹੋ
ਇਸੇ ਤਰ੍ਹਾਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ 2 ਸਤੰਬਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਆਡੀਓ ਰਿਕਾਰਡਿੰਗ ਵਾਲੀ ਵੀਡੀਓ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੋਂ ਸਵਾਲ ਪੁੱਛਿਆ ਸੀ ਕਿ ਕੀ ਉਹ 5 ਕਰੋੜ ਰੁਪਏ ਮੰਗਣ ਵਾਲੇ ਅਮਰਦੀਪ ਗਰੇਵਾਲ ਖ਼ਿਲਾਫ਼ ਕਾਰਵਾਈ ਕਰਨਗੇ? ਖਹਿਰਾ ਨੇ ਦਾਅਵਾ ਕੀਤਾ ਸੀ ਕਿ ਅਮਰਦੀਪ ਦੀ ਕਥਿਤ ਆਡੀਓ ਅਤੇ ਡਾ. ਗੁਰਪ੍ਰੀਤ ਕੌਰ ਨਾਲ ਕਥਿਤ ਸੀਸੀਟੀਵੀ ਫੁਟੇਜ ਇਸ ਸਮੁੱਚੇ ਮਾਮਲੇ ਨਾਲ ਜੁੜੇ ਹੋਏ ਹਨ।
