ਮੁੱਖ ਮੰਤਰੀ ਦਾ ਸਵਾਲ : ਰਾਜਪਾਲ ਦੀ ਨਿਯੁਕਤੀ ਲਈ ਅਪਣਾਈ ਯੋਗਤਾ ਬਾਰੇ ਦੱਸੋ
CM-Governor Tussle : ਮੁੱਖ ਮੰਤਰੀ ਨੇ ਪੁੱਛਿਆ ਕਿ ਲੋਕ ਜਾਣਨਾ ਚਾਹੁੰਦੇ ਹਨ ਕਿ ਰਾਜਪਾਲ ਦੇ ਅਹੁਦੇ 'ਤੇ ਨਿਯੁਕਤੀ ਲਈ ਕਿਸੇ ਤੈਅ ਪ੍ਰਕਿਰਿਆ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਖ-ਵੱਖ ਸੂਬਿਆਂ ਦੇ ਰਾਜਪਾਲ ਕਿਵੇਂ ਨਿਯੁਕਤ ਕਰਦੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ ਨਿਯੁਕਤੀ ਕਰਨ ਲਈ ਭਾਰਤ ਸਰਕਾਰ ਵੱਲੋਂ ਅਪਣਾਈ ਜਾ ਰਹੀ ਯੋਗਤਾ ਬਾਰੇ ਚਾਨਣਾ ਪਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਦਾ ਰਾਜਪਾਲ ਨੂੰ ਸਵਾਲ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਰਾਜਪਾਲ ਦੇ ਅਹੁਦੇ ਲਈ ਕਿਸੇ ਵਿਅਕਤੀ ਦੀ ਨਿਯੁਕਤੀ ਲਈ ਕਿਸੇ ਤੈਅ ਪ੍ਰਕਿਰਿਆ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਖ-ਵੱਖ ਸੂਬਿਆਂ ਦੇ ਰਾਜਪਾਲ ਕਿਵੇਂ ਨਿਯੁਕਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਭਾਰਤੀ ਸੰਵਿਧਾਨ ਵਿਚ ਕੋਈ ਯੋਗਤਾ ਤੈਅ ਨਹੀਂ ਕੀਤੀ ਗਈ, ਫੇਰ ਰਾਜਪਾਲ ਕਿਵੇਂ ਨਿਯੁਕਤ ਹੁੰਦੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਤਾਂ ਕਿ ਪੰਜਾਬੀਆਂ ਦੇ ਗਿਆਨ ਵਿਚ ਇਜ਼ਾਫਾ ਹੋ ਸਕੇ।
ਰਾਜਪਾਲ ਦੇ ਸਵਾਲ ਤੇ ਸੀਐੱਮ ਦਾ ਜਵਾਬ
ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਲਈ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਬਾਰੇ ਉਨ੍ਹਾਂ ਪਾਸੋਂ ਜਾਣਕਾਰੀ ਹਾਸਲ ਕਰਨ ਤੋਂ ਪਹਿਲਾਂ ਰਾਜਪਾਲ ਨੂੰ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਬੀਤੇ ਦਿਨ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਚੁੱਕੇ ਗਏ ਮਸਲੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਲਈ ਉਹ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਜਿਨ੍ਹਾਂ ਨੇ ਵੱਡੇ ਫਤਵੇ ਨਾਲ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।