ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਮਾਮਲੇ ‘ਤੇ CM ਦਾ ਵੱਡਾ ਬਿਆਨ, ਕੇਂਦਰ ਕਰੇ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ
New Zealand Nagar Kirtan CM Bhagwant Maan: ਮੁੱਖ ਮੰਤਰੀ ਨੇ ਕਿਹਾ ਕਿ ਲੋੜ ਪੈਣ ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ ਜਰੂਰਤ ਹੋਈ ਤਾਂ ਨਿਊਜ਼ੀਲੈਂਡ ਦੇ ਐਂਬੇਸਡਰ ਨੂੰ ਬੁਲਾ ਕੇ ਵੀ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਸਰਬੱਤ ਦਾ ਭਲਾ ਦੀ ਭਾਵਨਾ ਨਾਲ ਜੀਵਨ ਗੁਜ਼ਾਰਦੀ ਆਈ ਹੈ।
ਮੁੱਖ ਮੰਤਰੀ ਭਗਵੰਤ ਮਾਨ
ਨਿਊਜ਼ੀਲੈਂਡ ਵਿੱਚ ਸਿੱਖਾਂ ਦੇ ਪਵਿੱਤਰ ਨਗਰ ਕੀਰਤਨ ਦੇ ਅੱਗੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ ਅਪਣਾਇਆ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਕਿਹਾ ਕਿ ਅਜਿਹੀ ਘਟਨਾ ਪਹਿਲਾਂ ਕਦੇ ਸੁਣਨ ਵਿੱਚ ਨਹੀਂ ਆਈ। ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੌਰਾਨ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਅਫ਼ਸੋਸਜਨਕ ਹੈ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ।
ਕੇਂਦਰ ਸਰਕਾਰ ਨਿਊਜ਼ੀਲੈਂਡ ਸਰਕਾਰ ਨਾਲ ਕਰੇ ਗੱਲਬਾਤ
ਮੁੱਖ ਮੰਤਰੀ ਨੇ ਕਿਹਾ ਕਿ ਲੋੜ ਪੈਣ ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ ਜਰੂਰਤ ਹੋਈ ਤਾਂ ਨਿਊਜ਼ੀਲੈਂਡ ਦੇ ਐਂਬੇਸਡਰ ਨੂੰ ਬੁਲਾ ਕੇ ਵੀ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਸਰਬੱਤ ਦਾ ਭਲਾ ਦੀ ਭਾਵਨਾ ਨਾਲ ਜੀਵਨ ਗੁਜ਼ਾਰਦੀ ਆਈ ਹੈ। ਪੰਜਾਬੀ ਜਿੱਥੇ ਵੀ ਜਾਂਦੇ ਹਨ, ਉਸ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਧਾਰਮਿਕ ਸਮਾਗਮ ਅਤੇ ਪਰੰਪਰਾਵਾਂ ਮਨਾਉਣ ਦਾ ਪੂਰਾ ਹੱਕ ਹੈ।
ਐਂਟੀ-ਇਮੀਗ੍ਰੇਸ਼ਨ ਸੋਚ ਕਬੂਲਯੋਗ ਨਹੀਂ
ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਐਂਟੀ-ਇਮੀਗ੍ਰੇਸ਼ਨ ਸੋਚ ਸਾਹਮਣੇ ਆਉਂਦੀ ਹੈ, ਪਰ ਇਸ ਤਰ੍ਹਾਂ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਕਿਸੇ ਵੀ ਤਰ੍ਹਾਂ ਸਵੀਕਾਰਯੋਗ ਨਹੀਂ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਤੇ ਸ਼ਿਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਜੁੜੀਆਂ ਏਆਈ ਡਾਇਨਾਸੋਰ ਵੀਡੀਓਜ਼ ਤੇ ਵੀ ਤਿੱਖਾ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਸੀਂ ਪੰਜਾਬ ਨੂੰ ਅੱਗੇ ਲਿਜਾਣ ਦੀ ਗੱਲ ਕਰਦੇ ਹਾਂ, ਜਦਕਿ ਕੁਝ ਲੋਕ ਪੰਜਾਬ ਨੂੰ ਹਜ਼ਾਰਾਂ ਸਾਲ ਪਿੱਛੇ ਡਾਇਨਾਸੋਰ ਦੇ ਜ਼ਮਾਨੇ ਵਿੱਚ ਲਿਜਾਣਾ ਚਾਹੁੰਦੇ ਹਨ।
ਧੂਰੀ ਦੌਰੇ ਦੌਰਾਨ ਵਿਕਾਸ ਕੰਮਾਂ ਦੀ ਸਮੀਖਿਆ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ, ਜਿੱਥੇ ਉਨ੍ਹਾਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਜਿੱਤੂ ਉਮੀਦਵਾਰਾਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕੰਮਾਂ ਨੂੰ ਲੈ ਕੇ ਰਿਪੋਰਟ ਕਾਰਡ ਵੀ ਤਲਬ ਕੀਤਾ।
