ਚੰਡੀਗੜ੍ਹ ਨਿਊਜ: ਪੰਜਾਬ ‘ਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ । ਉਨ੍ਹਾਂ ਨੇ ਖੁਦ ਅਬੋਹਰ ਫਾਜ਼ਿਲਕਾ ਵਿੱਚ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਸੀਐਮ ਮਾਨ ਦੇ ਹੁਕਮਾਂ ਤੋਂ ਬਾਅਦ ਪਹਿਲੇ ਹੀ ਦਿਨ 40 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ। ਸੀਐਮ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਤੋਂ ਬਾਅਦ ਇੱਥੇ ਜਨ ਸਭਾ ਨੂੰ ਸੰਬੋਧਨ ਵੀ ਕੀਤਾ।
ਸੀਐਮ ਮਾਨ ਨੇ ਕਿਹਾ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ 12.94 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਖੁਸ਼ੀ ਦਾ ਮੌਕਾ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਹ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਆਏ ਹਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਸਮੂਹ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ।
ਸਰਕਾਰ ਕਿਸਾਨਾਂ ਦੇ ਨਾਲ ਖੜੀ – ਸੀਐੱਮ
ਸੀਐਮ ਮਾਨ ਨੇ ਕਿਹਾ ਕਿ ਮੀਂਹ ਕਾਰਨ ਸੂਬੇ ਦੇ ਕਿਸਾਨਾਂ ਦੇ ਹੋਏ ਨੁਕਸਾਨ ਤੋਂ ਉਨ੍ਹਾਂ ਦਾ ਮਨ ਬਹੁਤ ਦੁਖੀ ਹੈ। ਉਨ੍ਹਾਂ ਨੇ ਸਾਰੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਹੈ। ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਜਿਹੀ ਸਥਿਤੀ ਦੇਖੀ ਤਾਂ ਉਨ੍ਹਾਂ ਤੁਰੰਤ ਵਿਸ਼ੇਸ਼ ਤੌਰ ‘ਤੇ ਫਸਲਾਂ ਦੇ ਨੁਕਸਾਨ ਦਾ ਵਿਆਪਕ ਸਰਵੇਖਣ ਕਰਨ ਦੇ ਆਦੇਸ਼ ਦਿੱਤੇ।
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ 25 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
ਸੀਐੱਮ ਨੇ ਮੁਆਵਜਾ ਰਾਸੀ ਬਾਰੇ ਦਿੱਤੀ ਜਾਣਕਾਰੀ
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਕਿਸਾਨ ਦੀ ਫਸਲ ਦਾ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਉਸ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਸੂਬਾ ਸਰਕਾਰ ਨੇ ਖੇਤ ਮਜ਼ਦੂਰਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਗੱਲ ਵੀ ਕਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਰੀ ਮੀਂਹ ਕਾਰਨ ਕਿਸੇ ਦਾ ਘਰ ਨੁਕਸਾਨਿਆ ਗਿਆ ਹੈ ਤਾਂ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ