ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਪੰਜ ਤੱਤਾਂ ਚ ਹੋਏ ਵਲੀਨ
ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਪੰਜ ਤੱਤਾਂ ਚ ਹੋਏ ਵਲੀਨ। ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ ਅੰਤਿਮ ਸਸਕਾਰ
ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ। ਸਸਕਾਰ ਦੇ ਚਲਦਿਆਂ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਭਾਰਤ ਜੋੜੋ ਯਾਤਰਾ ਬਾਅਦ ਦੁਪਹਿਰ 3 ਵਜੇ ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਸਵ: ਐਮ. ਪੀ. ਸੰਤੋਖ ਚੌਧਰੀ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਤੋਖ ਚੌਧਰੀ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਪੁੱਤਰ ਨੇ ਪਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਕਾਂਗਰਸ ਦੇ ਕੌਮੀ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਰਹੇ। ਇਸਤੋਂ ਇਲਾਵਾ ਇਸ ਮੌਕੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਸੰਤੋਖ ਚੌਧਰੀ ਨੂੰ ਬੀਤੇ ਦਿਨੀਂ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਨੇ ਦਮ ਤੋੜ ਦਿੱਤਾ ਸੀ। ਜਿਸ ਤੋਂ ਮਗਰੋਂ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ।


