ਕਾਂਗਰਸ ਹਾਈਕਮਾਨ ਦਾ ਪੰਜਾਬ ਨੂੰ ਲੈ ਕੇ ਵੱਡਾ ਫ਼ੈਸਲਾ, ਰਾਜਾ ਵੜਿੰਗ ਦੇਣਗੇ ਅਸਤੀਫ਼ਾ!
ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ 'ਚ ਰਾਜਾ ਵੜਿੰਗ ਦੀ ਅਗਵਾਈ ਨੂੰ ਲੈ ਕੇ ਮਤਭੇਦਾਂ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਵੜਿੰਗ ਦੀ ਅਗਵਾਈ ਨੂੰ ਲੈ ਕੇ ਵਿਰੋਧ ਦੀ ਗੱਲ ਸਾਹਮਣੇ ਆਈ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੈ ਕੇ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਰਾਜਾ ਵੜਿੰਗ ਨੇ ਅਸਤੀਫ਼ ਦੇ ਪੇਸ਼ਕਸ਼ ਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਦੇ ਨਾਮ ਦਾ ਐਲਾਨ ਕੀਤੇ ਜਾਣ ਦੀ ਵੀ ਚਰਚਾ ਹੈ।
ਪੰਜਾਬ ਕਾਂਗਰਸ ਦੇ ਅਗਲੇ ਪ੍ਰਧਾਨ ਦੀ ਦੌੜ ‘ਚ ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ ਤੇ ਸੁਖਵਿੰਦਰ ਰੰਧਾਵਾ ਸਮੇਤ ਕਈ ਆਗੂਆਂ ਦੇ ਨਾਮ ਚਰਚਾ ‘ਚ ਹਨ। ਕਾਂਗਰਸ ਦੇ ਸੂਤਰਾਂ ਮੁਤਾਬਕ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਸਬੰਧੀ ਉਨ੍ਹਾਂ ਨੂੰ ਮੰਗਲਵਾਰ ਰਾਤ ਦਿੱਲੀ ਤੋਂ ਫ਼ੋਨ ਆਇਆ ਸੀ। ਹਾਲਾਂਕਿ, ਪਾਰਟੀ ਵੱਲੋਂ ਇਸ ਸਬੰਧੀ ਅਧਿਕਾਰਤ ਐਲਾਨ ਹੋਣਾ ਹਾਲੇ ਬਾਕੀ ਹੈ।
ਵਿਜੈ ਇੰਦਰ ਸਿੰਗਲਾ ਜਾਂ ਪਰਗਟ ਸਿੰਘ ਦੇ ਨਾਮ ਦੀ ਚਰਚਾ
ਚਰਚਾ ਮੁਤਾਬਕ ਰਾਜਾ ਵੜਿੰਗ ਦੀ ਥਾਂ ਸਾਬਕਾ ਸੰਸਦ ਮੈਂਬਰ ਵਿਜੈ ਇੰਦਰ ਸਿੰਗਲਾ ਜਾਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾ ਸਕਦੀ ਹੈ। ਇਸ ਵੇਲੇ ਵਿਜੈ ਇੰਦਰ ਸਿੰਗਲਾ ਦਾ ਨਾਮ ਚਰਚਾ ‘ਚ ਦੱਸਿਆ ਜਾ ਰਿਹਾ ਹੈ।
ਇਸ ਮਾਮਲੇ ਨੂੰ ਲੈ ਕੇ ਕਾਂਗਰਸ ਆਗੂ ਸਚਿਨ ਪਾਇਲਟ ਨੇ ਹਾਲ ਹੀ ‘ਚ ਦਿੱਲੀ ‘ਚ ਯੂਥ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਰਾਏ ਜਾਣਨ ਦੀ ਕੋਸ਼ਿਸ਼ ਕੀਤੀ ਸੀ।
ਹਿੰਦੂ ਚਿਹਰੇ ਨੂੰ ਮੌਕਾ ਦੇਣ ਦੀ ਵੀ ਚਰਚਾ
ਕਾਂਗਰਸ ਹਾਈਕਮਾਨ ਨਾਲ ਜੁੜੇ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਨਵੇਂ ਪ੍ਰਧਾਨ ਦੀ ਚੋਣ ‘ਚ ਵੱਖ-ਵੱਖ ਸਮਾਜਿਕ ਤੇ ਸਿਆਸੀ ਪੱਖਾਂ ਨੂੰ ਧਿਆਨ ‘ਚ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ
ਜੇਕਰ ਪਾਰਟੀ ਜੱਟ ਸਿੱਖ ਚਿਹਰੇ ਨੂੰ ਤਰਜੀਹ ਦਿੰਦੀ ਹੈ ਤਾਂ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜਾਂ ਪਰਗਟ ਸਿੰਘ ਦੇ ਨਾਮ ਤੇ ਵਿਚਾਰ ਹੋ ਸਕਦਾ ਹੈ। ਜਦਕਿ ਹਿੰਦੂ ਚਿਹਰੇ ਨੂੰ ਮੌਕਾ ਦੇਣ ਦੀ ਸੂਰਤ ‘ਚ ਸਾਬਕਾ ਸੰਸਦ ਮੈਂਬਰ ਵਿਜੈ ਇੰਦਰ ਸਿੰਗਲਾ ਦਾ ਨਾਮ ਚਰਚਾ ‘ਚ ਹੈ।
ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਤੇ ਰਾਣਾ ਗੁਰਜੀਤ ਸਿੰਘ ਦੇ ਨਾਮ ਵੀ ਸੰਭਾਵਿਤ ਦਾਅਵੇਦਾਰਾਂ ਵਜੋਂ ਚਰਚਾ ‘ਚ ਦੱਸੇ ਜਾ ਰਹੇ ਹਨ।
ਵੜਿੰਗ ਦੀ ਅਗਵਾਈ ਨੂੰ ਲੈ ਕੇ ਪਾਰਟੀ ਅੰਦਰ ਮਤਭੇਦਾਂ ਦੀ ਚਰਚਾ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ‘ਚ ਰਾਜਾ ਵੜਿੰਗ ਦੀ ਅਗਵਾਈ ਨੂੰ ਲੈ ਕੇ ਮਤਭੇਦਾਂ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਵੜਿੰਗ ਦੀ ਅਗਵਾਈ ਨੂੰ ਲੈ ਕੇ ਵਿਰੋਧ ਦੀ ਗੱਲ ਸਾਹਮਣੇ ਆਈ ਸੀ।
ਚੰਨੀ ਤੇ ਉਨ੍ਹਾਂ ਨਾਲ ਜੁੜੇ ਕੁਝ ਆਗੂਆਂ ਵੱਲੋਂ ਵੜਿੰਗ ਦੀ ਅਗਵਾਈ ਹੇਠ ਹੋਏ ਕੁਝ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਉਣ ਦੀ ਵੀ ਚਰਚਾ ਰਹੀ ਹੈ। ਹਾਲਾਂਕਿ, ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਾਰੇ ਅੰਤਿਮ ਫ਼ੈਸਲਾ ਕਾਂਗਰਸ ਹਾਈਕਮਾਨ ਵੱਲੋਂ ਹੀ ਕੀਤਾ ਜਾਣਾ ਹੈ।
ਸੁਖਜਿੰਦਰ ਰੰਧਾਵਾ ਨੇ ਵੀ ਵੜਿੰਗ ਤੇ ਸਾਧਿਆ ਸੀ ਨਿਸ਼ਾਨਾ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪਿਛਲੇ ਸਮੇਂ ਦੌਰਾਨ ਰਾਜਾ ਵੜਿੰਗ ਦੀ ਕਾਰਜਸ਼ੈਲੀ ਨੂੰ ਲੈ ਕੇ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਤੇ ਸੂਬਾ ਪ੍ਰਧਾਨ ਨੂੰ ਬਦਲਣ ਦੀ ਚਰਚਾ ਹੋਰ ਤੇਜ਼ ਹੋਈ ਹੈ। ਫਿਲਹਾਲ ਰਾਜਾ ਵੜਿੰਗ ਦੇ ਅਸਤੀਫ਼ੇ ਤੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੇ ਨਾਮ ਸਬੰਧੀ ਅਧਿਕਾਰਤ ਐਲਾਨ ਦੀ ਉਡੀਕ ਹੈ।


