ਸਰਹੱਦੀ ਕਸਬੇ ਰਮਦਾਸ ‘ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੌਂਸਲਰ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ
ਸਰਹੱਦੀ ਕਸਬੇ ਰਮਦਾਸ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਨਗਰ ਕੌਂਸਲ ਰਮਦਾਸ ਦੇ ਮੌਜੂਦਾ ਕੌਂਸਲਰ ਅਤੇ ਅੰਮ੍ਰਿਤਸਰ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਸ਼ਾਲ ਕਾਠੀਆ ਸ਼ੈਲੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਮੂਲੀਅਤ ਕਰ ਲਈ। ਇਸ ਘਟਨਾਕ੍ਰਮ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ।
ਰਮਦਾਸ 'ਚ ਕਾਂਗਰਸ ਨੂੰ ਝਟਕਾ, ਕੌਂਸਲਰ ਸਾਥੀਆਂ ਸਮੇਤ 'ਆਪ' 'ਚ ਸ਼ਾਮਲ
ਸਰਹੱਦੀ ਕਸਬੇ ਰਮਦਾਸ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਨਗਰ ਕੌਂਸਲ ਰਮਦਾਸ ਦੇ ਮੌਜੂਦਾ ਕੌਂਸਲਰ ਅਤੇ ਅੰਮ੍ਰਿਤਸਰ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਸ਼ਾਲ ਕਾਠੀਆ ਸ਼ੈਲੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਮੂਲੀਅਤ ਕਰ ਲਈ। ਇਸ ਘਟਨਾਕ੍ਰਮ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ।
ਵਿਧਾਇਕ ਕੁਲਦੀਪ ਧਾਲੀਵਾਲ ਨੇ ਕਰਵਾਈ ਸ਼ਮੂਲੀਅਤ
ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 1 ਤੋਂ ਮੌਜੂਦਾ ਕੌਂਸਲਰ ਵਿਸ਼ਾਲ ਕਾਠੀਆ ਸ਼ੈਲੀ, ਵਾਰਡ ਨੰਬਰ 2 ਤੋਂ ਦਲਜੀਤ ਕੁਮਾਰ ਮਣੀ, ਗੁਰਪੂਰਣ ਕੁਮਾਰ ਮੋਤੀ, ਹਿੰਮਤ ਰਾਜ ਅਤੇ ਗੌਰਵ ਕਾਠੀਆ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਪਰਿਵਾਰ ਦਾ ਹਿੱਸਾ ਬਣੇ ਹਨ।
ਕਾਂਗਰਸ ਅਤੇ ਅਕਾਲੀ ਦਲ ‘ਤੇ ਸਾਧੇ ਨਿਸ਼ਾਨੇ
ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਸੱਤਾ ‘ਤੇ ਲੰਮਾ ਸਮਾਂ ਰਾਜ ਕੀਤਾ ਹੈ, ਪਰ ਉਨ੍ਹਾਂ ਨੇ ਕਦੇ ਵੀ ਆਮ ਲੋਕਾਂ ਦੇ ਵਿਕਾਸ ਅਤੇ ਭਲਾਈ ਨੂੰ ਤਰਜੀਹ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਅਜਨਾਲਾ ਇੱਕ ਸਰਹੱਦੀ ਹਲਕਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੇ ਕਿਸੇ ਵੀ ਵਿਧਾਇਕ ਨੇ ਇੱਥੋਂ ਦੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੇ ਨਾਲ-ਨਾਲ ਹੁਣ ਕਾਂਗਰਸ ਪਾਰਟੀ ਦਾ ਵੀ ਪੰਜਾਬ ਦੀ ਸਿਆਸਤ ਵਿੱਚੋਂ ਪਤਨ ਹੋਣਾ ਸ਼ੁਰੂ ਹੋ ਗਿਆ ਹੈ।
ਵਾਅਦੇ ਪੂਰੇ ਕਰਨ ਦਾ ਕੀਤਾ ਦਾਅਵਾ
ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਦੇ ਇਨ੍ਹਾਂ ਕਾਰਜਾਂ ਅਤੇ ਇਮਾਨਦਾਰੀ ਕਾਰਨ ਹੀ ਅੱਜ ਦੂਸਰੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਧੜਾਧੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਰਮਦਾਸ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
