ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

Published: 

25 Nov 2026 15:00 PM IST

ਅਦਾਲਤ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਸੁਰੱਖਿਆ ਤੇ ਨਾਗਰਿਕਾਂ ਦੇ ਹਿੱਤ 'ਚ ਲਏ ਗਏ ਕੇਂਦਰ ਸਰਕਾਰ ਦੇ ਨੀਤੀਗਤ ਫੈਸਲੇ 'ਚ ਦਖ਼ਲ ਦੇਣ ਦਾ ਕੋਈ ਢੁੱਕਵਾਂ ਆਧਾਰ ਨਹੀਂ ਬਣਦਾ।

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਦਿੱਲੀ ਹਾਈ ਕੋਰਟ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਦੇਸ਼ ਦੇ ਨਾਗਰਿਕਾਂ ਦੇ ਹਿੱਤ ਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਲਿਆ ਸੀ, ਇਸ ਲਈ ਇਸ ਮਾਮਲੇ ‘ਚ ਅਦਾਲਤੀ ਦਖ਼ਲ ਦੀ ਲੋੜ ਨਹੀਂ ਹੈ।

ਸਰਕਾਰ ਦੇ ਨੀਤੀਗਤ ਫੈਸਲੇ ‘ਚ ਦਖ਼ਲ ਨਹੀਂ ਦੇ ਸਕਦੀ ਅਦਾਲਤ

ਸੁਣਵਾਈ ਦੌਰਾਨ ਹਾਈ ਕੋਰਟ ਨੇ ਮੰਨਿਆ ਕਿ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਦੀ ਆਸਥਾ ਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਦੀ ਸ਼ੁਰੂਆਤ ਵੀ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਕੀਤੀ ਗਈ ਸੀ।

ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਸੁਰੱਖਿਆ ਤੇ ਨਾਗਰਿਕਾਂ ਦੇ ਹਿੱਤ ‘ਚ ਲਏ ਗਏ ਕੇਂਦਰ ਸਰਕਾਰ ਦੇ ਨੀਤੀਗਤ ਫੈਸਲੇ ‘ਚ ਦਖ਼ਲ ਦੇਣ ਦਾ ਕੋਈ ਢੁੱਕਵਾਂ ਆਧਾਰ ਨਹੀਂ ਬਣਦਾ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਪਟੀਸ਼ਨਕਰਤਾ ਵੱਲੋਂ ਲਾਂਘਾ ਮੁੜ ਖੋਲ੍ਹਣ ਸਬੰਧੀ ਦਿੱਤੀ ਗਈ ਅਰਜ਼ੀ ਅਜੇ ਸਬੰਧਤ ਸਰਕਾਰੀ ਅਧਿਕਾਰੀਆਂ ਕੋਲ ਵਿਚਾਰ ਅਧੀਨ ਹੈ। ਅਦਾਲਤ ਨੇ ਉਮੀਦ ਜਤਾਈ ਕਿ ਅਧਿਕਾਰੀ ਇਸ ਅਪੀਲ ‘ਤੇ ਵਿਚਾਰ ਕਰਨਗੇ।

ਪਟੀਸ਼ਨ ‘ਚ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਸੀ ਮੰਗ

ਕਰਤਾਰਪੁਰ ਲਾਂਘੇ ਨੂੰ ਮੁੜ ਸ਼ੁਰੂ ਕਰਵਾਉਣ ਲਈ ਪਾਰਦਰਸ਼ਿਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਵੱਲੋਂ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਕੇਂਦਰ ਸਰਕਾਰ ਨੂੰ ਲਾਂਘਾ ਖੋਲ੍ਹਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਪਟੀਸ਼ਨਕਰਤਾ ਦਾ ਤਰਕ ਸੀ ਕਿ ਲਾਂਘਾ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ‘ਚ ਮੁਸ਼ਕਲਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਗਈ ਸੀ ਕਿ ਕੌਮੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਲਾਂਘੇ ਨੂੰ ਨਿਯਮਾਂ ਤੇ ਸੁਰੱਖਿਆ ਪ੍ਰਬੰਧਾਂ ਤਹਿਤ ਪੜਾਅਵਾਰ ਮੁੜ ਖੋਲ੍ਹਣ ਦੀ ਸੰਭਾਵਨਾ ‘ਤੇ ਵਿਚਾਰ ਕੀਤਾ ਜਾਵੇ।

7 ਮਈ 2025 ਤੋਂ ਬੰਦ ਹੈ ਕਰਤਾਰਪੁਰ ਲਾਂਘਾ

ਦਰਅਸਲ, ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ 7 ਮਈ 2025 ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। ਇਸ ਫੈਸਲੇ ਕਾਰਨ ਭਾਰਤ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਜਾਣ ਦਾ ਮੌਕਾ ਨਹੀਂ ਮਿਲ ਰਿਹਾ।

Loading...
Unable to load recommendations.
Follow Us