SGPC ਪ੍ਰਧਾਨ ਦੀ ਚੋਣ, ਅਕਾਲੀ ਦਲ ਦੇ ਖੇਮੇ ‘ਚ ਦਿਖਿਆ ਪੂਰਾ ਆਤਮਵਿਸ਼ਵਾਸ
ਗੁਰਬਖ਼ਸ਼ ਸਿੰਘ ਨੇ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਅਹਿਮ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਅਨੁਸ਼ਾਸਨ ਤੇ ਮੈਂਬਰਾਂ ਦੀ ਸਹਿਮਤੀ ਨਾਲ ਹੀ ਪ੍ਰਧਾਨ ਦੀ ਚੋਣ ਹੁੰਦੀ ਆਈ ਹੈ। ਇਸ ਵਾਰ ਵੀ ਇਸੇ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੂੰ ਲੈ ਕੇ ਪੰਥਕ ਸਿਆਸਤ ‘ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਐਸਜੀਪੀਸੀ ਮੈਂਬਰਾਂ ਦੇ ਬਿਆਨਾਂ ਤੋਂ ਪਾਰਟੀ ਖੇਮੇ ‘ਚ ਪੂਰਾ ਆਤਮਵਿਸ਼ਵਾਸ ਦਿਖਾਈ ਦਿੱਤਾ। ਆਗੂਆਂ ਨੇ ਦਾਅਵਾ ਕੀਤਾ ਕਿ ਚੋਣ ਪੂਰੀ ਪਾਰਦਰਸ਼ਤਾ ਤੇ ਸੁਖਾਵੇਂ ਮਾਹੌਲ ‘ਚ ਕਰਵਾਈ ਜਾਵੇਗੀ ਤੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਨਵੀਂ ਟੀਮ ਦੀ ਚੋਣ ਹੋਵੇਗੀ।
1920 ਤੋਂ ਚੱਲੀ ਆ ਰਹੀ ਰਵਾਇਤ ਅਨੁਸਾਰ ਹੋਵੇਗੀ ਚੋਣ: ਗੁਰਬਖ਼ਸ਼ ਸਿੰਘ
ਚੋਣਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਖ਼ਦਸ਼ੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਐਸਜੀਪੀਸੀ ਮੈਂਬਰ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮਨ ‘ਚ ਕੋਈ ਸ਼ੰਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੰਵਿਧਾਨਕ ਤੇ ਰਵਾਇਤੀ ਪ੍ਰਕਿਰਿਆ ਅਨੁਸਾਰ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਲ 1920 ‘ਚ ਐਸਜੀਪੀਸੀ ਦੀ ਸਥਾਪਨਾ ਤੋਂ ਲੈ ਕੇ ਗੁਰਧਾਮਾਂ ਦੀ ਸੇਵਾ ਤੇ ਪ੍ਰਬੰਧ ਦੀ ਜ਼ਿੰਮੇਵਾਰੀ ਸਿੱਖ ਪੰਥ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਸੌਂਪੀ ਜਾਂਦੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਸੰਗਤ ਦਾ ਇਹ ਭਰੋਸਾ ਅੱਜ ਵੀ ਕਾਇਮ ਹੈ।
ਸੁਖਬੀਰ ਸਿੰਘ ਬਾਦਲ ਨਾਲ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਇੱਕਜੁੱਟ
ਗੁਰਬਖ਼ਸ਼ ਸਿੰਘ ਨੇ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਅਹਿਮ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਅਨੁਸ਼ਾਸਨ ਤੇ ਮੈਂਬਰਾਂ ਦੀ ਸਹਿਮਤੀ ਨਾਲ ਹੀ ਪ੍ਰਧਾਨ ਦੀ ਚੋਣ ਹੁੰਦੀ ਆਈ ਹੈ। ਇਸ ਵਾਰ ਵੀ ਇਸੇ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ।
ਉਨ੍ਹਾਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਮੀ ਇਸ ਤੋਂ ਪਹਿਲਾਂ ਮੁੱਖ ਸਕੱਤਰ ਤੇ ਜਨਰਲ ਸਕੱਤਰ ਵਰਗੇ ਅਹਿਮ ਅਹੁਦਿਆਂ ‘ਤੇ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ਲੰਮੇ ਪ੍ਰਸ਼ਾਸਨਿਕ ਤਜਰਬੇ ਦਾ ਐਸਜੀਪੀਸੀ ਨੂੰ ਕਾਫ਼ੀ ਲਾਭ ਮਿਲਿਆ ਹੈ।
ਇਹ ਵੀ ਪੜ੍ਹੋ
ਸਰਕਾਰ ਦੀ ਦਖ਼ਲਅੰਦਾਜ਼ੀ ਖ਼ਿਲਾਫ਼ ਧਾਮੀ ਦੀ ਟੀਮ ਨੇ ਕੀਤਾ ਮੁਕਾਬਲਾ
ਇਸ ਮੌਕੇ ਉਨ੍ਹਾਂ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਗਿਆ। ਗੁਰਬਖ਼ਸ਼ ਸਿੰਘ ਨੇ ਇਲਜ਼ਾਮ ਲਾਇਆ ਕਿ ਸੂਬੇ ‘ਚ ਸਰਕਾਰ ਬਣਨ ਤੋਂ ਬਾਅਦ ਵਾਰ-ਵਾਰ ਐਸਜੀਪੀਸੀ ਦੇ ਕੰਮਕਾਜ ‘ਚ ਦਖ਼ਲਅੰਦਾਜ਼ੀ ਕਰਨ ਤੇ ਸੰਸਥਾ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਉਨ੍ਹਾਂ ਦੀ ਪੂਰੀ ਟੀਮ ਨੇ ਸਰਕਾਰ ਦੀ ਦਖ਼ਲਅੰਦਾਜ਼ੀ ਦਾ ਡਟ ਕੇ ਮੁਕਾਬਲਾ ਕੀਤਾ ਹੈ ਤੇ ਸੰਸਥਾ ਦੀ ਖ਼ੁਦਮੁਖ਼ਤਿਆਰੀ ਨੂੰ ਕਾਇਮ ਰੱਖਣ ਲਈ ਯਤਨ ਕੀਤੇ ਹਨ।
ਸਰਬਸੰਮਤੀ ਨਾਲ ਨਵੀਂ ਟੀਮ ਚੁਣੇ ਜਾਣ ਦਾ ਪ੍ਰਗਟਾਇਆ ਭਰੋਸਾ
ਗੁਰਬਖ਼ਸ਼ ਸਿੰਘ ਨੇ ਭਰੋਸਾ ਜਤਾਇਆ ਕਿ ਐਸਜੀਪੀਸੀ ਦੀਆਂ ਚੋਣਾਂ ‘ਚ ਸਾਰੇ ਮੈਂਬਰਾਂ ਦੀ ਰਾਏ ਨੂੰ ਮਹੱਤਵ ਦਿੱਤਾ ਜਾਵੇਗਾ ਤੇ ਸਰਬਸੰਮਤੀ ਨਾਲ ਨਵੀਂ ਟੀਮ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੀਂ ਟੀਮ ਪੰਥ ਤੇ ਗੁਰਧਾਮਾਂ ਦੀ ਸੇਵਾ ਨੂੰ ਪੂਰੀ ਨਿਸ਼ਠਾ ਨਾਲ ਅੱਗੇ ਵਧਾਏਗੀ।


