Ashu Got Relief: ਸਾਬਕਾ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜਮਾਨਤ
Congress ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਮੰਡੀਆਂ ਵਿਚੋਂ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਕਥਿਤ ਤੌਰ ਤੇ ਟਰਾਂਸਪੋਰਟ ਟੈਂਡਰ ਘੁਟਾਲਾ ਕੀਤਾ ਸੀ। ਉਨ੍ਹਾਂ ਦੀ ਗ੍ਰਿਫਤਾਰੀ ਨੂੰ ਕਾਂਗਰਸ ਨੇ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ ਦੱਸਿਆ ਸੀ।

ਪੰਜਾਬ ਨਿਊਜ: ਟਰਾਂਸਪੋਰਟ ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਹਾਈ ਕੋਰਟ ਤੋਂ ਵੱਡੀ ਜਮਾਨਤ ਮਿਲ ਗਈ ਹੈ ।ਆਸ਼ੂ ਨੂੰ ਟੈਂਡਰ ਘੋਟਾਲੇ ਵਿਚ ਵਿਜੀਲੈਂਸ ਵਲੋਂ ਕਾਰਵਾਈ ਕਰਦਿਆਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਵੀ ਆਸ਼ੂ ਨੇ ਜਮਾਨਤ ਲਈ ਕਈ ਵਾਰ ਕੋਰਟ ਵਿੱਚ ਪਟੀਸ਼ਨ ਪਾਈ ਸੀ, ਪਰ ਹਰ ਵਾਰ ਕੋਰਟ ਵੱਲੋਂ ਉਨ੍ਹਾਂ ਦੀ ਅਰਜੀ ਨੂੰ ਰਿਜੇਕਟ ਕਰ ਦਿੱਤਾ ਗਿਆ ਸੀ। ਹੁਣ ਆਖਿਰਕਾਰ ਉਨ੍ਹਾਂ ਨੂੰ ਰਾਹਤ ਮਿਲ ਗਈ ਹੈ ਅਤੇ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਉਣਗੇ।
ਕਾਂਗਰਸ ਨੇ ਕਾਰਵਾਈ ਦਾ ਕੀਤਾ ਸੀ ਵਿਰੋਧ
ਵਿਜੀਲੈਂਸ ਵਿਭਾਗ ਦੀ ਟੀਮ ਨੇ ਆਸ਼ੂ ਤੇ ਅਚਾਨਕ ਕਾਰਵਾਈ ਕੀਤੀ ਸੀ। ਗ੍ਰਿਫਤਾਰੀ ਵੇਲ੍ਹੇ ਉਹ ਸੈਲੂਨ ਵਿਚ ਹੇਅਰ ਕਟਿੰਗ ਕਰਵਾ ਰਹੇ ਸਨ। ਕਾਂਗਰਸ ਵੱਲੋਂ ਆਸ਼ੂ ਦੀ ਗ੍ਰਿਫਤਾਰੀ ਦਾ ਭਾਰੀ ਵਿਰੋਧ ਕਰਦਿਆਂ ਸਰਕਾਰ ਖਿਲਾਫ ਨਰਾਜਗੀ ਜਾਹਿਰ ਕੀਤੀ ਗਈ ਸੀ।ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂਆਂ ਨੇ ਵਿਜੀਲੈਂਸ ਟੀਮ ਨੂੰ ਮੰਗ ਪੱਤਰ ਸੌਂਪਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਤੇ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਦਾ ਦੋਸ਼ ਲਾਇਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਸੂਬੇ ਦੀ ‘ਆਪ’ ਸਰਕਾਰ ਦਿੱਲੀ ਦੀਆਂ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਧਿਆਨ ਹਟਾਉਣ ਲਈ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।
ਟਰਾਂਸਪੋਰਟ ਟੈਂਡਰ ਘੁਟਾਲੇ ਦਾ ਦਰਜ ਹੋਇਆ ਸੀ ਮਾਮਲਾ
ਦੱਸ ਦੇਈਏ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦਰਮਿਆਨ ਕਣਕ ਅਤੇ ਝੋਨੇ ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਲੈ ਜਾਣ ਲਈ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਜਾਰੀ ਕੀਤੇ ਗਏ ਸਨ। ਇਸੇ ਨੂੰ ਆਸ਼ੂ ਖਿਲਾਫ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਮੰਡੀਆਂ ਵਿਚੋਂ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲਾ ਕੀਤਾ ਸੀ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਚੁੱਕਾ ਹੈ। 6 ਫਰਵਰੀ ਨੂੰ ਪੰਜਾਬਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਕੇ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।