ਕਰਜ਼ਾ ਮੁਆਫ਼ੀ, FTA ਤੇ WTO ਸਮਝੌਤੇ ਸਮੇਤ 13 ਮੰਗਾਂ ਨੂੰ ਲੈ ਕੇ ਪੱਕੇ ਮੋਰਚੇ, BKU ਉਗਰਾਹਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

Updated On: 

30 Aug 2026 13:14 PM IST

ਕਿਸਾਨ ਆਗੂਆਂ ਮੁਤਾਬਕ ਇਹ ਪੱਕੇ ਮੋਰਚੇ ਅਮਰੀਕਾ ਨਾਲ ਟ੍ਰੇਡ ਸਮਝੌਤੇ (ਫ੍ਰੀ ਟ੍ਰੇਡ ਐਗ੍ਰੀਮੈਂਟ- FTA), ਪਾਣੀਆਂ ਦੇ ਮੁੱਦੇ ਤੇ ਕਿਸਾਨਾਂ ਨਾਲ ਜੁੜੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਏ ਗਏ ਹਨ। ਕਿਸਾਨਾਂ ਨੇ ਕਰਜ਼ਾ ਮੁਆਫ਼ੀ ਅਤੇ WTO ਸਮਝੌਤਾ ਰੱਦ ਕਰਨ ਦੀ ਮੰਗ ਵੀ ਕੀਤੀ ਹੈ।

ਕਰਜ਼ਾ ਮੁਆਫ਼ੀ, FTA ਤੇ WTO ਸਮਝੌਤੇ ਸਮੇਤ 13 ਮੰਗਾਂ ਨੂੰ ਲੈ ਕੇ ਪੱਕੇ ਮੋਰਚੇ, BKU ਉਗਰਾਹਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

ਕਰਜ਼ਾ ਮੁਆਫ਼ੀ, FTA ਤੇ WTO ਸਮਝੌਤੇ ਸਮੇਤ 13 ਮੰਗਾਂ ਨੂੰ ਲੈ ਕੇ ਪੱਕੇ ਮੋਰਚੇ...

ਪੰਜਾਬ ‘ਚ ਕਿਸਾਨਾਂ ਨੇ ਆਪਣੀਆਂ 13 ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਤੋਂ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਸ਼ੁਰੂ ਕੀਤੇ ਗਏ ਹਨ।

ਇਸੇ ਤਹਿਤ ਬਰਨਾਲਾ ਦੇ ਡੀਸੀ ਦਫ਼ਤਰ ਦੇ ਗੇਟ ਦੇ ਬਾਹਰ ਵੀ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਗਾਉਣ ਦੀਆਂ ਤਿਆਰੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੋਰਚਾ ਇੱਕ-ਦੋ ਦਿਨ ਲਈ ਨਹੀਂ, ਸਗੋਂ ਅਣਮਿੱਥੇ ਸਮੇਂ ਲਈ ਹੈ। ਮੋਰਚੇ ‘ਚ ਸ਼ਾਮਲ ਕਿਸਾਨਾਂ ਲਈ ਚਾਹ-ਪਾਣੀ, ਖਾਣ-ਪੀਣ ਤੇ ਰਾਤ ਦੇ ਠਹਿਰਾਅ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਅਮਰੀਕਾ ਟਰੇਡ ਸਮਝੌਤੇ ਤੇ ਪਾਣੀਆਂ ਸਮੇਤ 13 ਮੁੱਦਿਆਂ ਨੂੰ ਲੈ ਕੇ ਸੰਘਰਸ਼

ਕਿਸਾਨ ਆਗੂਆਂ ਮੁਤਾਬਕ ਇਹ ਪੱਕੇ ਮੋਰਚੇ ਅਮਰੀਕਾ ਨਾਲ ਟ੍ਰੇਡ ਸਮਝੌਤੇ (ਫ੍ਰੀ ਟ੍ਰੇਡ ਐਗ੍ਰੀਮੈਂਟ- FTA), ਪਾਣੀਆਂ ਦੇ ਮੁੱਦੇ ਤੇ ਕਿਸਾਨਾਂ ਨਾਲ ਜੁੜੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਏ ਗਏ ਹਨ। ਕਿਸਾਨਾਂ ਨੇ ਕਰਜ਼ਾ ਮੁਆਫ਼ੀ ਅਤੇ WTO ਸਮਝੌਤਾ ਰੱਦ ਕਰਨ ਦੀ ਮੰਗ ਵੀ ਕੀਤੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਕਿ ਇਹ ਧਰਨੇ ਕਿਸੇ ਇੱਕ-ਦੋ ਦਿਨ ਲਈ ਨਹੀਂ ਹਨ, ਬਲਕਿ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਲਗਾਏ ਗਏ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਟਰੇਡ ਸਮਝੌਤਾ ਸਿਰਫ਼ ਕਿਸਾਨਾਂ ਲਈ ਹੀ ਨਹੀਂ, ਸਗੋਂ ਛੋਟੇ ਦੁਕਾਨਦਾਰਾਂ ਅਤੇ ਮੁਲਾਜ਼ਮਾਂ ਲਈ ਵੀ ਨੁਕਸਾਨਦਾਇਕ ਹੈ।

ਜ਼ਮੀਨਾਂ ਦੀ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ

ਕਿਸਾਨ ਆਗੂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਦੇਣ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਡਰੋਨ ਰਾਹੀਂ ਕੀਤੀ ਜਾ ਰਹੀ ਮੈਪਿੰਗ ਤੇ ਲੈਂਡ ਪੂਲਿੰਗ ਨੀਤੀ ਦਾ ਵੀ ਵਿਰੋਧ ਕੀਤਾ।

ਇਸ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹਿਆ ਪੂਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਗਈ। ਕਰਜ਼ੇ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕਿਸਾਨਾਂ ਵੱਲੋਂ ਰੱਖੀ ਗਈ ਹੈ।

ਪਾਣੀਆਂ ਦੇ ਵਪਾਰੀਕਰਨ ਤੇ ਪ੍ਰਦੂਸ਼ਣ ਨੂੰ ਰੋਕਣ ਦੀ ਮੰਗ

ਕਿਸਾਨ ਆਗੂਆਂ ਨੇ ਵਿਸ਼ਵ ਬੈਂਕ ਦੀਆਂ ਨੀਤੀਆਂ ਤਹਿਤ ਪਾਣੀਆਂ ਦੇ ਹੋ ਰਹੇ ਵਪਾਰੀਕਰਨ ਤੇ ਪ੍ਰਦੂਸ਼ਣ ਨੂੰ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਸਾਂਭ-ਸੰਭਾਲ ਤੇ ਪ੍ਰਬੰਧਨ ਦੀ ਜ਼ਿੰਮੇਵਾਰੀ ਸਰਕਾਰ ਨੂੰ ਆਪਣੇ ਹੱਥਾਂ ‘ਚ ਲੈਣੀ ਚਾਹੀਦੀ ਹੈ।

ਪਿੰਡਾਂ ਤੋਂ ਰਾਸ਼ਨ ਤੇ ਲੰਗਰ ਦਾ ਪ੍ਰਬੰਧ

ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਕਿ ਸੰਘਰਸ਼ ਨੂੰ ਲੰਬਾ ਚਲਾਉਣ ਲਈ ਪਿੰਡਾਂ ਤੋਂ ਰਾਸ਼ਨ, ਟੈਂਟ ਤੇ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਕਿਸਾਨ ਟਰਾਲੀਆਂ ‘ਚ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਲੈ ਕੇ ਧਰਨਾ ਸਥਲਾਂ ‘ਤੇ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਰਾਤ ਦਾ ਠਹਿਰਾਅ ਵੀ ਧਰਨੇ ਵਾਲੀ ਥਾਂ ‘ਤੇ ਹੀ ਕੀਤਾ ਜਾਵੇਗਾ।

ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ 13 ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਪੱਕੇ ਮੋਰਚੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਚਮਕੌਰ ਸਿੰਘ ਨੈਣੇਵਾਲ, ਬਲੌਰ ਸਿੰਘ ਛੰਨਾ ਤੇ ਬੁੱਕਣ ਸਿੰਘ ਸੱਦੋਵਾਲ ਸਮੇਤ ਹੋਰ ਕਿਸਾਨ ਆਗੂ ਵੀ ਮੌਜੂਦ ਰਹੇ।

Loading...
Unable to load recommendations.
Follow Us