ਕੋਟਕਪੂਰਾ ‘ਚ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਮੀਟਿੰਗ, ਰੇਲ ਰੋਕੋ ਅੰਦੋਲਨ ਸੋਮਵਾਰ ਤੱਕ ਮੁਲਤਵੀ

Published: 

09 Aug 2026 10:30 AM IST

ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ, ਲੈਂਡ ਮਾਰਗੇਜ ਬੈਂਕ ਵੱਲੋਂ ਖਾਲੀ ਚੈੱਕਾਂ ਦੀ ਕਥਿਤ ਦੁਰਵਰਤੋਂ ਤੇ ਪਿੰਡ ਹਰੀਨੌ ਦੇ ਦੋ ਕਿਸਾਨਾਂ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਕੋਟਕਪੂਰਾ ਚ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਮੀਟਿੰਗ, ਰੇਲ ਰੋਕੋ ਅੰਦੋਲਨ ਸੋਮਵਾਰ ਤੱਕ ਮੁਲਤਵੀ

ਮਾਰਕੀਟ ਕਮੇਟੀ ਦਫ਼ਤਰ ਵਿਖੇ ਅੱਜ ਸ਼ਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਰੇਲ ਰੋਕੋ ਅੰਦੋਲਨ ਨੂੰ ਸੋਮਵਾਰ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ।

ਮੀਟਿੰਗ ‘ਚ ਕਿਸਾਨਾਂ ਦੀ ਅਗਵਾਈ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕੀਤੀ, ਜਦਕਿ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਐਸਐਸਪੀ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ, ਲੈਂਡ ਮਾਰਗੇਜ ਬੈਂਕ ਵੱਲੋਂ ਖਾਲੀ ਚੈੱਕਾਂ ਦੀ ਕਥਿਤ ਦੁਰਵਰਤੋਂ ਤੇ ਪਿੰਡ ਹਰੀਨੌ ਦੇ ਦੋ ਕਿਸਾਨਾਂ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ‘ਚ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸੇ ਤਹਿਤ 5 ਅਗਸਤ ਤੋਂ ਪਿੰਡ ਸੰਧਵਾਂ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਪੱਕਾ ਮੋਰਚਾ ਵੀ ਜਾਰੀ ਹੈ। ਕਿਸਾਨ ਜਥੇਬੰਦੀ ਵੱਲੋਂ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਪੀਕਰ ਨਾਲ ਮੀਟਿੰਗ ਕਰਵਾਈ।

ਮੀਟਿੰਗ ਤੋਂ ਬਾਅਦ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਥੇਬੰਦੀ ਦਾ ਫੈਸਲਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਧਵਾਂ ਵਿਖੇ ਮੋਰਚਾ ਤੇ ਵੱਖ-ਵੱਖ ਜ਼ਿਲ੍ਹਿਆਂ ‘ਚ ਬੈਂਕਾਂ ਦੇ ਸਾਹਮਣੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਰੇਲ ਰੋਕੋ ਅੰਦੋਲਨ ਨੂੰ ਫਿਲਹਾਲ ਸੋਮਵਾਰ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਤੱਕ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਉੱਥੇ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਬਹੁਤ ਵਧੀਆ ਮਾਹੌਲ ‘ਚ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਦੇ ਪੱਧਰ ਤੇ ਜਲਦ ਤੋਂ ਜਲਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਹਰੀਨੌ ਦੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਪਹਿਲਾਂ ਵੀ ਮਦਦ ਕੀਤੀ ਗਈ ਹੈ ਤੇ ਭਵਿੱਖ ‘ਚ ਵੀ ਇਹ ਸਹਾਇਤਾ ਜਾਰੀ ਰੱਖੀ ਜਾਵੇਗੀ।

Loading...
Unable to load recommendations.
Follow Us