CM ਮਾਨ ਦੀ ਕਿਸਾਨਾਂ ਨਾਲ ਮੀਟਿੰਗ, ਖੁੱਡੀਆਂ ਦੀ ਅਗੁਵਾਈ ‘ਚ ਕਮੇਟੀ ਦਾ ਗਠਨ, 31 ਮਾਰਚ ਤੱਕ ਹੱਲ ਹੋਣਗੇ ਮਸਲੇ
CM Meeting With Farmers: ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਪੈਂਡਿੰਗ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਦੀ ਅਗਵਾਈ ‘ਚ ਇਕ ਕਮੇਟੀ ਬਣਾਈ ਗਈ ਹੈ, ਜਿਸ ‘ਚ ਕਈ ਕਿਸਾਨ ਵੀ ਸ਼ਾਮਲ ਹੋਣਗੇ। ਇਹ ਕਮੇਟੀ ਕਿਸਾਨਾਂ ਦੇ ਸਾਰੇ ਮਸਲਿਆਂ ਦਾ ਹੱਲ ਕੱਢੇਗੀ, ਤਾਂ ਜੋਂ ਭਵਿੱਖ ਵਿੱਚ ਕਿਸਾਨਾਂ ਨੂੰ ਮੁੜ ਤੋਂ ਸੜਕਾਂ ਤੇ ਨਾ ਨਿਤਰਨਾ ਪਵੇ। ਉਨ੍ਹਾਂ ਕਿਹਾ ਕਿ ਐਮਐਸਪੀ ਨੂੰ ਲੈਕੇ ਜੋ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਵਿੱਢਦੇ ਹਨ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।
ਮੀਟਿੰਗ ਤੋਂ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਬੜੇ ਹੀ ਚੰਗੇ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ, ਇੱਕ ਗੰਨੇ ਨੂੰ ਲੈ ਕੇ ਅਤੇ ਦੂਜੀ ਫਸਲਾਂ ਨੂੰ ਲੈ ਕੇ। ਉਨ੍ਹਾਂ ਕਿਹਾ ਉਹ ਆਪਣੇ ਕਿਸੇ ਨਾਲ ਵੀ ਲੜਾਈ ਨਹੀਂ ਲੜਣਾ ਚਾਹੁੰਦੇ ਹਾਂ। ਐਮਐਸਪੀ ਦੇ ਮੁੱਦੇ ਤੇ ਅਸੀਂ ਮੁੱਖ ਮੰਤਰੀ ਦੇ ਨਾਲ ਖੜੇ ਹਾਂ।
ਕਿਸਾਨ ਆਗੂਆਂ ਨਾਲ਼ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ | Live https://t.co/rJnZE4FHYO
— AAP Punjab (@AAPPunjab) December 19, 2023
ਇਹ ਵੀ ਪੜ੍ਹੋ
ਮੀਟਿੰਗ ਤੋਂ ਬਾਅਦ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਮਐਸਪੀ ਦੇ ਮੁੱਦੇ ਤੇ ਕਿਸਾਨ ਜੋ ਵੀ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਕਰਨਗੇ, ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਿਸਾਨ ਜੱਥੇਬੰਦੀਆਂ ਮੀਟਿੰਗ ਤੋਂ ਬਾਅਦ ਕਾਫੀ ਸੰਤੁਸ਼ਟ ਹੋ ਕੇ ਗਈਆਂ ਹਨ। ਸੀਐਮ ਮਾਨ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਹੈ ਕਿ ਉਹ ਖੁਦ ਕਿਸਾਨ ਦਾ ਪੁੱਤ ਹਨ, ਇਸ ਲਈ ਉਹ ਕਿਸਾਨਾਂ ਦੀਆਂ ਮੁਸ਼ਕੱਲਾਂ ਤੋਂ ਚੰਗੀ ਤਰ੍ਹਾਂ ਨਾਲ ਵਾਕਿਫ ਹਨ।
ਧਾਲੀਵਾਲ ਨੇ ਅੱਗੇ ਕਿਹਾ ਐਸਵਾਈਐਲ ਦੇ ਮੁੱਦੇ ਤੇ 28 ਤਰੀਕ ਨੂੰ ਹੋਣ ਵਾਲੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਾਜਪਾਲ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਜੇਕਰ ਪਾਣੀਆਂ ਲਈ ਸੰਘਰਸ਼ ਵੀ ਕਰਨਾ ਪਿਆ ਤਾਂ ਸਾਰੇ ਇਕੱਠੇ ਹੋ ਕੇ ਅੱਗੇ ਆਵਾਂਗੇ।
1 ਜਨਵਰੀ ਤੋਂ 13 ਅਪਰੈਲ ਤੱਕ ਵਿਸ਼ੇਸ਼ ਮੁਹਿੰਮ
ਮੁੱਖ ਮੰਤਰੀ ਮਾਨ ਨੇ ਭਰੋਸਾ ਦੁਆਇਆ ਕਿ 1 ਜਨਵਰੀ ਤੋਂ 13 ਅਪਰੈਲ ਤੱਕ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਸਹਿਮਤੀ ਨਾਲ ਜ਼ਮੀਨ ਦੀ ਵੰਡ ਕਰਨ ਲਈ ਪਿੰਡਾਂ ਵਿੱਚ ਖਾਸ ਤੌਰ ਤੇ ਕੈਂਪ ਲਗਾਏ ਜਾਣਗੇ। ਸੀਐਮ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਜੇਕਰ ਕਿਸਾਨਾਂ ਦਾ ਜ਼ਮੀਨ ਦੀ ਮਲਕੀਅਤ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੋਵੇਗਾ ਤਾਂ ਉੱਥੇ ਕਬਜ਼ੇ ਦੇ ਆਧਾਰ ਤੇ ਜ਼ਮੀਨ ਦੀ ਮਲਕੀਅਤ ਕਰ ਦਿੱਤੀ ਜਾਵੇਗੀ। ਸੀਐਮ ਮਾਨ ਨੇਅੱਗੇ ਕਿਹਾ ਕਿ ਜਿਹੜੇ ਕਿਸਾਨ ਸਹਿਮਤੀ ਨਾਲ ਜ਼ਮੀਨ ਦੀ ਵੰਡ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਨਾਲ ਕਾਫ਼ੀ ਫਾਇਦਾ ਹੋਵੇਗਾ।
ਇਕ ਹੋਰ ਕਿਸਾਨ ਪੱਖੀ ਫੈਸਲੇ ਵਿੱਚ ਮੁੱਖ ਮੰਤਰੀ ਨੇ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਵਿੱਚ ਨਵੇਂ ਖਾਤੇ ਖੋਲ੍ਹਣ ਉਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਇਨ੍ਹਾਂ ਸਭਾਵਾਂ ਵਿੱਚ ਆਪਣੇ ਖਾਤੇ ਖੋਲ੍ਹ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕਿਸਾਨਾਂ ਦਾ ਹਰ ਤਰ੍ਹਾਂ ਦਾ ਬਕਾਇਆ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
242 ਲਿਫਟ ਪੰਪਾਂ ਨੂੰ ਇਕ ਜਨਵਰੀ ਤੋਂ ਮੁਫ਼ਤ ਬਿਜਲੀ
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਹਿੰਦ ਫੀਡਰ ਦੀਆਂ ਟੇਲਾਂ ਉਤੇ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ 242 ਲਿਫਟ ਪੰਪਾਂ ਨੂੰ ਇਕ ਜਨਵਰੀ ਤੋਂ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਵਾਰਾ ਅਤੇ ਜੰਗਲੀ ਜਾਨਵਰਾਂ ਨਾਲ ਨਜਿੱਠਣ ਲਈ ਸਰਕਾਰ ਕਿਸਾਨਾਂ ਨੂੰ ਪਰਮਿਟ ਦੇਣ ਉਤੇ ਵਿਚਾਰ ਕਰ ਰਹੀ ਹੈ ਕਿਉਂ ਜੋ ਇਹ ਜਾਨਵਰ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੇ ਮਸਲੇ ਨੂੰ ਨਾਬਾਰਡ ਕੋਲ ਵਿਚਾਰੇਗੀ।
ਇਕ ਹੋਰ ਮਸਲੇ ਉਤੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਬਿਜਲੀ ਦੀ ਵੰਡ ਦਾ ਕੰਮ ਕਿਸੇ ਪ੍ਰਾਈਵੇਟ ਏਜੰਸੀ ਨੂੰ ਨਹੀਂ ਦਿੱਤਾ ਜਾਵੇਗਾ। ਇਕ ਹੋਰ ਮਾਮਲੇ ਉਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਸਹਾਇਤਾ ਲਈ ਹਰੇਕ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਫਸਲ ਦਾ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਕਾਨੂੰਨੀ, ਪ੍ਰਸ਼ਾਸਕੀ ਅਤੇ ਸਾਰੇ ਢੰਗ-ਤਰੀਕਿਆਂ ਰਾਹੀਂ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇਗੀ।
ਮੁਆਵਜ਼ੇ ਦੀ ਵੀ ਕੀਤੀ ਗਈ ਮੰਗ
ਇਸ ਦੌਰਾਨ ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ ਗਈਆਂ। ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਹੈ