ਫ਼ਿਰੋਜ਼ਪੁਰ ਦੇ ਮਮਦੋਟ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਨਗਰ ਪੰਚਾਇਤ ਪ੍ਰਧਾਨ ਵਾਲ-ਵਾਲ ਬਚੇ; 1 ਨੌਜਵਾਨ ਦੀ ਮੌਤ
ਫ਼ਿਰੋਜ਼ਪੁਰ ਅਧੀਨ ਪੈਂਦੇ ਕਸਬਾ ਮਮਦੋਟ ਵਿਖੇ ਗੋਲੀਆਂ ਚੱਲਣ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਰ ਸਵਾਰ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਕਾਤਲਾਨਾ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਫ਼ਿਰੋਜ਼ਪੁਰ ਅਧੀਨ ਪੈਂਦੇ ਕਸਬਾ ਮਮਦੋਟ ਵਿਖੇ ਗੋਲੀਆਂ ਚੱਲਣ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਰ ਸਵਾਰ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਕਾਤਲਾਨਾ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਜਿਸ ਕਾਰ ਨੂੰ ਨਿਸ਼ਾਨਾ ਬਣਾ ਕੇ ਫ਼ਾਇਰਿੰਗ ਕੀਤੀ ਗਈ, ਉਸ ਵਿੱਚ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਵਿੱਕੀ ਮੈਨੀ ਵੀ ਸਵਾਰ ਸਨ, ਜੋ ਕਿ ਇਸ ਹਮਲੇ ਦੌਰਾਨ ਵਾਲ-ਵਾਲ ਬਚ ਗਏ।
ਕਾਰ ਸਵਾਰ ਹਮਲਾਵਰਾਂ ਨੇ ਮੋਟਰਸਾਈਕਲ ਅਤੇ ਕਾਰ ‘ਤੇ ਵਰ੍ਹਾਈਆਂ ਗੋਲੀਆਂ
ਪ੍ਰਾਪਤ ਵੇਰਵਿਆਂ ਅਨੁਸਾਰ ਕਾਰ ਵਿੱਚ ਆਏ ਹਥਿਆਰਬੰਦ ਹਮਲਾਵਰਾਂ ਨੇ ਮੋਟਰਸਾਈਕਲ ਸਵਾਰਾਂ ਅਤੇ ਕਾਰ ਵਿੱਚ ਬੈਠੇ ਵਿਅਕਤੀਆਂ ‘ਤੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੋਟਰਸਾਈਕਲ ‘ਤੇ ਜਾ ਰਹੇ ਦੋ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਹਰਪ੍ਰੀਤ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਚੋਣਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਉੱਚ ਅਧਿਕਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਫ਼ਿਰੋਜ਼ਪੁਰ ਭੂਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਚੋਣਾਂ ਨਾਲ ਜੁੜੀ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਵਾਰਦਾਤ ਵਿੱਚ ਸ਼ਾਮਲ ਹਮਲਾਵਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ ਮੌਤ
ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਰਾਤ ਕਰੀਬ 8 ਵਜੇ ਗੋਲੀਆਂ ਨਾਲ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਇਲਾਜ ਲਈ ਲਿਆਂਦਾ ਗਿਆ ਸੀ। ਜਾਂਚ ਉਪਰੰਤ 45 ਸਾਲਾ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਹਰਪ੍ਰੀਤ ਸਿੰਘ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉੱਚ ਪੱਧਰੀ ਇਲਾਜ ਲਈ ਅਗਲੇਰੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
