ਤਿਉਹਾਰਾਂ ਦੇ ਮੱਦੇਨਜ਼ਰ ਸਖ਼ਤ ਸਰੁੱਖਿਆ ਪ੍ਰਬੰਧ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ
Festival Police Checking: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਰੇਲਵੇ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਾਰੇ ਸਟੇਸ਼ਨਾਂ ਤੇ ਤਿਉਹਾਰਾਂ ਦੌਰਾਨ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ 'ਚ ਲੁਧਿਆਣੇ ਚੈਕਿੰਗ ਦੌਰਾਨ ਛੇ ਪਿਸਤੌਲ ਤੇ 6 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਇਹ ਖੇਪ ਐਮਪੀ ਤੋਂ ਲਿਆ ਕੇ ਬਟਾਲੇ ਵੱਲ ਭੇਜੀ ਜਾ ਰਹੀ ਸੀ।
ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ‘ਚ ਰੱਖਦੇ ਹੋਏ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਅੱਜ ਜੀਆਰਪੀ ਪੁਲਿਸ ਵੱਲੋਂ ਵਿਆਪਕ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਪੀ ਜੀਆਰਪੀ ਗੁਰਵਿੰਦਰ ਸਿੰਘ ਆਪਣੀ ਫੋਰਸ ਤੇ ਡੌਗ ਸਕੁਐਡ ਦੀ ਟੀਮ ਸਮੇਤ ਮੌਜੂਦ ਸਨ। ਯਾਤਰੀਆਂ ਦੇ ਸਮਾਨ ਦੀ ਜਾਂਚ ਕੀਤੀ ਗਈ ਤੇ ਸਟੇਸ਼ਨ ‘ਚ ਆਉਣ-ਜਾਣ ਵਾਲੇ ਯਾਤਰੀਆਂ ਦੀ ਵੀ ਪੁਲਿਸ ਨੇ ਚੈਕਿੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਰੇਲਵੇ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਾਰੇ ਸਟੇਸ਼ਨਾਂ ਤੇ ਤਿਉਹਾਰਾਂ ਦੌਰਾਨ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ‘ਚ ਲੁਧਿਆਣੇ ਚੈਕਿੰਗ ਦੌਰਾਨ ਛੇ ਪਿਸਤੌਲ ਤੇ 6 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਇਹ ਖੇਪ ਐਮਪੀ ਤੋਂ ਲਿਆ ਕੇ ਬਟਾਲੇ ਵੱਲ ਭੇਜੀ ਜਾ ਰਹੀ ਸੀ। ਹਥਿਆਰਾਂ ਦੀ ਤਸਕਰੀ ਤੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਸਖ਼ਤੀ ਵਰਤੀ ਜਾ ਰਹੀ ਹੈ।
ਐਸਪੀ ਗੁਰਵਿੰਦਰ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸਟੇਸ਼ਨ ਤੇ ਕੋਈ ਲਵਾਰਿਸ ਸਮਾਨ ਜਾਂ ਸ਼ੱਕੀ ਚੀਜ਼ ਮਿਲੇ ਤਾਂ ਉਸ ਦੀ ਸੂਚਨਾ ਤੁਰੰਤ ਜੀਆਰਪੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਹੋਰ ਦਾ ਮੋਬਾਇਲ ਜਾਂ ਸਮਾਨ ਚੁੱਕਣਾ ਤੇ ਵਰਤਣਾ ਕਾਨੂੰਨੀ ਤੌਰ ਤੇ ਗਲਤ ਹੈ ਅਤੇ ਇਸ ਤਰ੍ਹਾਂ ਦੇ ਕੇਸਾਂ ‘ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ਤੇ ਵੀ ਚੈਕਿੰਗ ਮੁਹਿੰਮ
ਉਨ੍ਹਾਂ ਕਿਹਾ ਕਿ ਅੱਜ ਸਿਰਫ ਅੰਮ੍ਰਿਤਸਰ ਹੀ ਨਹੀਂ, ਸਗੋਂ ਪੰਜਾਬ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ਤੇ ਵੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਰਵਾਈ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਹੈ। ਐਸਪੀ ਗੁਰਵਿੰਦਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸਫ਼ਲ ਹੋਵੇਗੀ ਤੇ ਯਾਤਰੀ ਬਿਨਾਂ ਕਿਸੇ ਡਰ ਦੇ ਆਪਣੀ ਯਾਤਰਾ ਪੂਰੀ ਕਰ ਸਕਣਗੇ।
