FIR On Grewal : ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਗਰੇਵਾਲ ਖਿਲਾਫ ਐਫਆਈਆਰ ਦਰਜ
Punjab News : ਪੱਤਰਕਾਰ ਨੇ ਸ਼ਿਕਾਇਤ ਦਿੱਤੀ ਹੈ ਕਿ ਗਰੇਵਾਲ ਨੇ ਉਨ੍ਹਾਂ ਨੂੰ ਫੋਨ ਤੇ ਗਾਲ੍ਹਾਂ ਕੱਢੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਵਿਧਾਇਕ ਨੀਨਾ ਮਿੱਤਲ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਵੀ ਵਰਤੇ।
ਪੰਜਾਬ ਨਿਊਜ : ਪੱਤਰਕਾਰ ਨਾਲ ਬਦਸਲੂਕੀ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ( Harjit Singh Grewal) ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲਾ ਪੰਜਾਬ ਦੇ ਰਾਜਪੁਰਾ ਸ਼ਹਿਰ ਨਾਲ ਸਬੰਧਤ ਹੈ।
ਪੱਤਰਕਾਰ ਸੰਦੀਪ ਚੌਧਰੀ ਦੀ ਸ਼ਿਕਾਇਤ ‘ਤੇ ਕਾਰਵਾਈ
ਪੱਤਰਕਾਰ ਸੰਦੀਪ ਚੌਧਰੀ ਨੇ ਥਾਣਾ ਸਿਟੀ ਦੇ ਐੱਸਐੱਚਓ ਨੂੰ ਸ਼ਿਕਾਇਤ ਕੀਤੀ ਕਿ ਉਸ ਨੇ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੀ ਇੰਟਰਵਿਊ ਉਨ੍ਹਾਂ ਦੇ ਨਿੱਜੀ ਚੈਨਲ ‘ਤੇ ਕੀਤੀ, ਜਿਸ ਤੋਂ ਬਾਅਦ ਹਰਜੀਤ ਸਿੰਘ ਗਰੇਵਾਲ ਨੇ ਉਸ ਨਾਲ ਫੋਨ ‘ਤੇ ਬਦਸਲੂਕੀ ਕੀਤੀ ਅਤੇ ਵਿਧਾਇਕ ਨੀਨਾ ਮਿੱਤਲ ਦੇ ਖਿਲਾਫ ਵੀ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ। ਉਕਤ ਸ਼ਿਕਾਇਤ ਤੇ ਕਾਰਵਾਈ ਕਰਦਿਆ ਪੁਲੀਸ ਨੇ ਮਾਮਲਾ ਦਰਜ ਕੀਤਾ ਗਿਆ ਹੈ। ਭਾਜਪਾ ਆਗੂ ਹਰਦੀਪ ਗਰੇਵਾਲ ਦੀ ਇੱਕ ਆਡੀਓ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਇੱਕ ਪੱਤਰਕਾਰ ਨਾਲ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹੋਏ ਸੁਣਿਆ ਗਿਆ ਹੈ।
ਭਾਜਪਾ ਦੇ ਸੀਨੀਅਰ ਨੇਤਾਵਾਂ ਵਿਚ ਗਿਣੇ ਜਾਂਦੇ ਹਨ ਗਰੇਵਾਲ
ਹਰਜੀਤ ਸਿੰਘ ਗਰੇਵਾਲ ਨੇ ਵਰਤਮਾਨ ਵਿੱਚ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਵਜੋਂ ਸੇਵਾ ਨਿਭਾਈ ਹੈ ਅਤੇ ਉਹ ਖਾਦੀ ਬੋਰਡ ਦੇ ਚੇਅਰਮੈਨ ਵਜੋਂ ਵੀ ਰਹੇ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿੱਚ ਭਾਜਪਾ ਲਈ ਸਟਾਰ ਪ੍ਰਚਾਰਕਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਰਾਜਪੁਰਾ ਤੋਂ 2017 ਵਿੱਚ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ।ਨਵੰਬਰ 2021 ਵਿੱਚ ਗਰੇਵਾਲ ਉਨ੍ਹਾਂ ਭਾਜਪਾ ਆਗੂਆਂ ਵਿੱਚੋਂ ਇੱਕ ਸਨ ਜੋ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਨ ਲਈ ਪ੍ਰਧਾਨ ਮੰਤਰੀ ਨੂੰ ਮਿਲੇ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ