ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਦੀ ਸਿਆਸੀ ਪਾਰੀ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਹੋਏ ਸ਼ਾਮਲ

Updated On: 

23 Sep 2026 14:01 PM IST

ਨਿਰੰਜਨ ਸਿੰਘ ਦੀ ਸਿਆਸਤ 'ਚ ਐਂਟਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਪਹਿਲਾਂ ਆਈਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਵਿਚਾਰ ਚੱਲ ਰਿਹਾ ਹੈ।

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਦੀ ਸਿਆਸੀ ਪਾਰੀ, ਅਕਾਲੀ ਦਲ ਵਾਰਿਸ ਪੰਜਾਬ ਦੇ ਚ ਹੋਏ ਸ਼ਾਮਲ

ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਬੁੱਧਵਾਰ ਨੂੰ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਪਾਰਟੀ ਦੇ ਹੋਰ ਆਗੂਆਂ ਵੱਲੋਂ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ।

ਨਿਰੰਜਨ ਸਿੰਘ ਦੀ ਸਿਆਸਤ ‘ਚ ਐਂਟਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਮਹੀਨੇ ਹੀ ਬਾਕੀ ਹਨ। ਇਸ ਦੌਰਾਨ ਸਿਆਸੀ ਹਲਕਿਆਂ ‘ਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਪਾਰਟੀ ਉਨ੍ਹਾਂ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ।

‘ਸਿਆਸਤ ‘ਚ ਆਉਣ ਦੀ ਕੋਈ ਇੱਛਾ ਨਹੀਂ ਸੀ’

ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਿਆਸਤ ‘ਚ ਆਉਣ ਦੀ ਕੋਈ ਇੱਛਾ ਨਹੀਂ ਸੀ, ਪਰ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੱਕ ਸਰਕਾਰੀ ਅਧਿਕਾਰੀ ਰਹੇ ਹਨ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪਣੇ ਤਜਰਬੇ ਦੌਰਾਨ ਉਨ੍ਹਾਂ ਨੇ ਕਈ ਚੀਜ਼ਾਂ ਨੂੰ ਨੇੜਿਓਂ ਦੇਖਿਆ ਹੈ। ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਉਮਰ 65 ਸਾਲ ਤੋਂ ਵੱਧ ਹੈ ਤੇ ਸਿਆਸਤ ‘ਚ ਉਨ੍ਹਾਂ ਦੀ ਕੋਈ ਖਾਸ ਦਿਲਚਸਪੀ ਨਹੀਂ ਸੀ, ਪਰ ਜੇਕਰ ਪੰਜਾਬ ‘ਚ ਭ੍ਰਿਸ਼ਟਾਚਾਰ ਖਿਲਾਫ਼, ਨਸ਼ਿਆਂ ਖਿਲਾਫ਼ ਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ‘ਚ ਕੁਝ ਯੋਗਦਾਨ ਪਾਇਆ ਜਾ ਸਕਦਾ ਹੈ ਤਾਂ ਇਸੇ ਮਕਸਦ ਨਾਲ ਉਨ੍ਹਾਂ ਨੇ ਸਿਆਸਤ ‘ਚ ਆਉਣ ਦਾ ਫ਼ੈਸਲਾ ਕੀਤਾ ਹੈ।

ਨਿਰੰਜਨ ਸਿੰਘ ਨੇ ਪਿਛਲੀਆਂ ਸਰਕਾਰਾਂ ਦੌਰਾਨ ਮਾਫੀਆ ਨਾਲ ਜੁੜੇ ਮੁੱਦਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਨਸ਼ਿਆਂ ਤੇ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਤੇ ਇਨ੍ਹਾਂ ਮੁੱਦਿਆਂ ‘ਤੇ ਕੰਮ ਕਰਨ ਦੀ ਲੋੜ ਹੈ।

ਤਰਸੇਮ ਸਿੰਘ ਨੇ ਕੀਤਾ ਸਵਾਗਤ

ਨਿਰੰਜਨ ਸਿੰਘ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਜਿਹੀ ਸ਼ਖਸੀਅਤ ਪਾਰਟੀ ਨਾਲ ਜੁੜੀ ਹੈ, ਜਿਸ ਦਾ ਨਾਮ ਉਹ ਇਮਾਨਦਾਰੀ, ਜ਼ੁਰਅਤ ਤੇ ਦਲੇਰੀ ਨਾਲ ਜੋੜਦੇ ਹਨ। ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਵੀ ਨਿਰੰਜਨ ਸਿੰਘ ਕਿਸੇ ਦੇ ਦਬਾਅ ਅੱਗੇ ਨਹੀਂ ਝੁਕੇ ਤੇ ਸੱਚਾਈ ਲਈ ਆਪਣੀ ਲੜਾਈ ਜਾਰੀ ਰੱਖੀ।

Loading...
Unable to load recommendations.
Follow Us