ਅੰਮ੍ਰਿਤਸਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਸਮਰਥਕਾਂ ਸਣੇ AAP ਵਿੱਚ ਸ਼ਾਮਲ
ਅੰਮ੍ਰਿਤਸਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ। ਸੀਨੀਅਰ ਕਾਂਗਰਸੀ ਆਗੂ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ 'ਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਕੜੀ ਤਹਿਤ ਅੱਜ ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ, ਜਦੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੂਥ ਕਾਂਗਰਸ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਦਿਨੇਸ਼ ਬਾਸੀ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
CM ਮਾਨ ਨੇ ਖੁਦ ਪਾਰਟੀ ‘ਚ ਕੀਤਾ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿਨੇਸ਼ ਬਾਸੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਦੇ ਆਗੂ ਅਤੇ ਵਰਕਰ ਆਪ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਰੰਗਲਾ ਪੰਜਾਬ ਸਿਰਜਿਆ ਜਾਵੇਗਾ।
ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ‘ਕੰਮ ਦੀ ਰਾਜਨੀਤੀ’ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ… ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਅੰਮ੍ਰਿਤਸਰ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਦਿਨੇਸ਼ ਬੱਸੀ ਜੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ… ਪਾਰਟੀ ਪਰਿਵਾਰ ‘ਚ ਉਨ੍ਹਾਂ ਦਾ ਦਿਲੋਂ ਸਵਾਗਤ ਤੇ ਜੀ ਆਇਆਂ ਨੂੰ… ਆਓ, ਸਾਰੇ ਮਿਲ ਕੇ ‘ਰੰਗਲਾ ਪੰਜਾਬ’ ਸਿਰਜਣ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤ ਕਰੀਏ…
— Bhagwant Mann (@BhagwantMann) November 29, 2026
ਦਿਨੇਸ਼ ਬਾਸੀ ਨੇ CM ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ
ਇਸ ਮੌਕੇ ਦਿਨੇਸ਼ ਬਾਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।


