Vigilance: ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਆਮਦਨ ਦਾ ਲੇਖਾ-ਜੋਖਾ ਮੰਗਿਆ
Former Minister Vijayinder Singla: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੀ ਕਾਂਗਰਸ ਸਰਕਾਰ ਦੇ ਇਕ ਹੋਰ ਸਾਬਕਾ ਮੰਤਰੀ ਪੰਜਾਬ ਵਿਜੀਲੈਂਸ ਬਿਊਰੋ ਦੀ ਰਾਡਾਰ ਉਤੇ ਆ ਗਿਆ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਖ਼ਿਲਾਫ਼ ਘੋਖ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ। ਵਿਜੀਲੈਂਸ ਦੀ ਟੀਮ ਵੱਲੋਂ ਕਾਂਗਰਸ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ (Former Minister Vijayinder Singla) ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ‘ਚ ਪੜਤਾਲ ਆਰੰਭੀ ਗਈ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਲੋਕ ਨਿਰਮਾਣ ਮੰਤਰੀ ਖਿਲਾਫ਼ ਚੱਲ ਰਹੀ ਜਾਂਚ ਨੂੰ ਪੂਰੇ ਨਿਰਪੱਖ ਤਰੀਕੇ ਨਾਲ ਸਿਰੇ ਲਾਉਣ ਅਤੇ ਬਣਦੀ ਕਾਰਵਾਈ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।
ਪਿਛਲੀ ਸਰਕਾਰ ਵੇਲੇ ਅਲਾਟ ਹੋਏ ਟੈਂਡਰਾਂ ਵਿਚ ਘਪਲੇ ਦਾ ਸ਼ੱਕ
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਇੰਦਰ ਸਿੰਗਲਾ ਦੇ ਕੁਝ ਭਰੋਸੇਮੰਦ ਲੋਕਾਂ ਨੂੰ ਕੁਝ ਸਮਾਂ ਪਹਿਲਾਂ ਸੰਗਰੂਰ ਵਿਜੀਲੈਂਸ ਬਿਊਰੋ ਦੇ ਦਫਤਰ ਬੁਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਰੋਲ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਤੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਪਹਿਲਾਂ ਤੇ ਬਾਅਦ ਵਿੱਚ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਸੀ। ਵਿਜੀਲੈਂਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਉਹ ਲੋਕ ਨਿਰਮਾਣ ਵਿਭਾਗ ਤੇ ਸਿੱਖਿਆ ਵਿਭਾਗ ਵਿੱਚ ਅਲਾਟ ਹੋਏ ਟੈਂਡਰਾਂ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜਾਇਦਾਦ ਦੇ ਆਮਦਨ ਦੇ ਸ੍ਰੋਤਾਂ ਤੇ ਸੰਗਰੂਰ ਹਲਕੇ ਦੇ ਵਿਕਾਸ ਲਈ ਖਰਚੇ ਗਏ ਫੰਡਾਂ ਸਬੰਧੀ ਸਵਾਲ ਤਿਆਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੇ ਇੰਦਰ ਸਿੰਗਲਾ ਲੋਕ ਨਿਰਮਾਣ ਵਿਭਾਗ ਮੰਤਰੀ ਸਨ ਤਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਲੋਕ ਨਿਰਮਾਣ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।
ਅੱਧੀ ਦਰਜਨ ਤੋਂ ਵੱਧ ਸਾਬਕਾ ਮੰਤਰੀਆਂ ਖਿਲਾਫ ਚੱਲ ਰਹੀ ਜਾਂਚ
ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਸਰਕਾਰਾਂ ਸਮੇਂ ਵਿਜੈਇੰਦਰ ਸਿੰਗਲਾ ਲੋਕ ਨਿਰਮਾਣ ਵਿਭਾਗ ਮੰਤਰੀ ਰਹੇ ਹਨ। ਵਿਜੀਲੈਂਸ ਦੀ ਇਸ ਕਾਰਵਾਈ ਮਗਰੋਂ ਕਾਂਗਰਸ ਦਾ ਇਹ 5ਵਾਂ ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੀ ਰਾਡਾਰ ਉਪਰ ਆ ਗਿਆ ਹੈ।ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ,ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਖਿਲਾਫ਼ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ। ਸੂਤਰਾਂ ਅਨੁਸਾਰ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ