ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ BJP ‘ਚ ਹੋਏ ਸ਼ਾਮਲ
ਧੜੇਬੰਦੀ ਨਾਲ ਜੂਝ ਰਹੀ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਾਜਪੁਰਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਅਤੇ ਪੰਜਾਬ ਮੈਨੀਫੈਸਟੋ ਕਮੇਟੀ ਦੇ ਕੋ-ਚੇਅਰਪਰਸਨ ਹਰਦਿਆਲ ਸਿੰਘ ਕੰਬੋਜ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਆਗੂਆਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸ਼ਾਮਲ ਕਰਵਾਇਆ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਬੋਧਨ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੰਜਾਬ ਨੂੰ ਗੈਂਗਸਟਰਵਾਦ ਅਤੇ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣ ਲਈ ਹੁਣ ਸਿਰਫ਼ ਭਾਜਪਾ ਹੀ ਇੱਕੋ-ਇੱਕ ਉਮੀਦ ਨਜ਼ਰ ਆਉਂਦੀ ਹੈ। ਉਨ੍ਹਾਂ ਦੂਜੀਆਂ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਹ ਇਨ੍ਹਾਂ ਦੋਵਾਂ ਮੋਰਚਿਆਂ ‘ਤੇ ਸੂਬੇ ਨੂੰ ਬਚਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਪੁਰਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।
ਕਾਂਗਰਸ ਦੇ ਸੀਨੀਅਰ ਆਗੂ ਰਹੇ ਕੰਬੋਜ ਨੇ ਵਿਧਾਨ ਸਭਾ ਵਿੱਚ ਰਾਜਪੁਰਾ ਦੀ ਨੁਮਾਇੰਦਗੀ ਕਰਨ ਦੇ ਨਾਲ-ਨਾਲ ਇਸ ਹਲਕੇ ਲਈ ਪਾਰਟੀ ਇੰਚਾਰਜ ਵਜੋਂ ਵੀ ਜ਼ਿੰਮੇਵਾਰੀ ਨਿਭਾਈ ਹੈ।
ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਨੁਕਸਾਨ
ਜ਼ਿਕਰਯੋਗ ਹੈ ਕਿ ਹਰਦਿਆਲ ਸਿੰਘ ਕੰਬੋਜ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ 2012 ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਪੁਰਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਇਲਾਕੇ ਵਿੱਚ ਉਨ੍ਹਾਂ ਦਾ ਕਾਫ਼ੀ ਮਜ਼ਬੂਤ ਜਨ-ਆਧਾਰ ਮੰਨਿਆ ਜਾਂਦਾ ਹੈ।
ਜਿੱਥੇ ਇੱਕ ਪਾਸੇ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮੇਟੀ ਦਾ ਗਠਨ ਕਰਕੇ ਪਾਰਟੀ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉੱਥੇ ਹੀ ਕੰਬੋਜ ਵਰਗੇ ਸੀਨੀਅਰ ਆਗੂ ਦਾ ਭਾਜਪਾ ਵਿੱਚ ਜਾਣਾ ਕਾਂਗਰਸ ਲਈ ਡੂੰਘੀ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਦੂਜੇ ਪਾਸੇ, ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਮਾਲਵਾ ਖੇਤਰ ਵਿੱਚ ਭਾਜਪਾ ਨੂੰ ਵੱਡਾ ਸਿਆਸੀ ਫ਼ਾਇਦਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।