SGPC ਸਾਬਕਾ ਪ੍ਰਧਾਨ ਲੌਂਗੋਵਾਲ ਦੀ ਧੀ ਦਾ ਦੇਹਾਂਤ, ਵੱਡੀਆਂ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ
ਅੰਤਿਮ ਸਸਕਾਰ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ ਅਤੇ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ਰਾਹੀਂ ਸ਼ਮਸ਼ਾਨਘਾਟ ਲਿਜਾਇਆ ਗਿਆ। ਉੱਥੇ ਹਜ਼ਾਰਾਂ ਲੋਕ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ।
ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ 32 ਸਾਲਾ ਧੀ ਬੀਬੀ ਗੁਰਮਨ ਕੌਰ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਕੈਂਸਰ ਦੀ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਗੁਰਮਨ ਕੌਰ ਪਿਛਲੇ ਇੱਕ ਸਾਲ ਤੋਂ ਇਸ ਬਿਮਾਰੀ ਤੋਂ ਪੀੜਤ ਸੀ। ਦੇਰ ਰਾਤ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਲੌਂਗੋਵਾਲ ਲਿਆਂਦਾ ਗਿਆ, ਜਿੱਥੇ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਸੀ।
ਭਾਰੀ ਮੀਂਹ ਦੇ ਬਾਵਜੂਦ, ਸੈਂਕੜੇ ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਲੌਂਗੋਵਾਲ ਨਿਵਾਸ ‘ਤੇ ਪਹੁੰਚੀਆਂ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਅੰਤਿਮ ਸਸਕਾਰ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ ਅਤੇ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ਰਾਹੀਂ ਸ਼ਮਸ਼ਾਨਘਾਟ ਲਿਜਾਇਆ ਗਿਆ। ਉੱਥੇ ਹਜ਼ਾਰਾਂ ਲੋਕ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਗਿਆਨੀ ਹਰਪ੍ਰੀਤ ਸਿੰਘ ਦੀ ਅਰਦਾਸ ਤੋਂ ਬਾਅਦ ਗੁਰਮਨ ਕੌਰ ਦੀ ਚਿਖਾ ਨੂੰ ਅਗਨੀ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਇਕਬਾਲ ਸਿੰਘ ਝੂੰਦਾਂ, ਸੰਤ ਬਲਵੀਰ ਸਿੰਘ ਘੁੰਨਸ, ਰਜਿੰਦਰ ਸਿੰਘ ਦੀਪਾ ਅਤੇ ਅਮਨਵੀਰ ਸਿੰਘ ਚੈਰੀ ਸਮੇਤ ਹੋਰ ਕਈ ਆਗੂਆਂ ਨੇ ਸ਼ਾਲ ਅਤੇ ਦੁਸ਼ਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਜੀਤ ਸਿੰਘ ਸਰਨਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਫੋਨ ਤੇ ਦੁੱਖ ਸਾਂਝਾ ਕੀਤਾ। ਅੰਤਿਮ ਸੰਸਕਾਰ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਵਿੰਦਰਪਾਲ ਸਿੰਘ ਚੰਦੂਮਾਜਰਾ, ਕਾਂਗਰਸੀ ਆਗੂ ਰਜਿੰਦਰ ਸਿੰਘ ਦੀਪਾ, ਰਜਿੰਦਰ ਰਾਜਾ ਬੀਰ ਕਲਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਨਾਲਾ, ਤੇਜਾ ਸਿੰਘ ਕਮਾਲਪੁਰ ਅਤੇ ਮਲਕੀਅਤ ਸਿੰਘ ਚੰਗਾਲ ਸਮੇਤ ਕਈ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ।


