ਅਜਨਾਲਾ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, SAD-BJP ਨਾਲ ਗੱਠਜੋੜ ਦੀਆਂ ਖ਼ਬਰਾਂ ਕੀਤੀਆਂ ਖਾਰਜ, ਇਕੱਲੇ ਚੋਣ ਲੜਨ ਦਾ ਐਨਾਨ

Updated On: 

18 Nov 2026 20:43 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ਅਜਨਾਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਸਿਆਸਤ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਅਜਨਾਲਾ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, SAD-BJP ਨਾਲ ਗੱਠਜੋੜ ਦੀਆਂ ਖ਼ਬਰਾਂ ਕੀਤੀਆਂ ਖਾਰਜ, ਇਕੱਲੇ ਚੋਣ ਲੜਨ ਦਾ ਐਨਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਵਿਸ਼ੇਸ਼ ਤੌਰ ‘ਤੇ ਅਜਨਾਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਸਿਆਸਤ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ, ਸੰਭਾਵਿਤ ਸਿਆਸੀ ਗੱਠਜੋੜਾਂ, ਪੰਥਕ ਮਸਲਿਆਂ ਅਤੇ ਆਪਣੀ ਪਾਰਟੀ ਦੀ ਅਗਲੀ ਰਣਨੀਤੀ ਨੂੰ ਲੈ ਕੇ ਕਈ ਵੱਡੇ ਅਤੇ ਸਪੱਸ਼ਟ ਬਿਆਨ ਦਿੱਤੇ।

ਡਾ. ਰਤਨ ਸਿੰਘ ਅਜਨਾਲਾ ਨੂੰ ਦੱਸਿਆ ‘ਵੱਡਾ ਸਿਆਸੀ ਡਾਕਟਰ’

ਡਾ. ਰਤਨ ਸਿੰਘ ਅਜਨਾਲਾ ਨਾਲ ਮੁਲਾਕਾਤ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡਾ. ਸਾਹਿਬ ਪੇਸ਼ੇ ਵਜੋਂ ਡਾਕਟਰ ਹੋਣ ਦੇ ਨਾਲ-ਨਾਲ ਅਕਾਲੀ ਸਿਆਸਤ ਦੀ ਨਬਜ਼ ਨੂੰ ਪਛਾਨਣ ਵਾਲੇ ਇੱਕ ਵੱਡੇ ‘ਸਿਆਸੀ ਡਾਕਟਰ’ ਵੀ ਹਨ। ਉਨ੍ਹਾਂ ਦੱਸਿਆ ਕਿ ਉਹ ਡੇਰਾ ਬਾਬਾ ਨਾਨਕ ਹਲਕੇ ਦੇ ਕਲਾਨੌਰ ਵਿਖੇ ਇੱਕ ਸਮਾਗਮ ਤੋਂ ਵਾਪਸ ਪਰਤਦਿਆਂ ਡਾ. ਸਾਹਿਬ ਦਾ ਅਸ਼ੀਰਵਾਦ ਅਤੇ ਮਾਰਗਦਰਸ਼ਨ ਲੈਣ ਲਈ ਉਚੇਚੇ ਤੌਰ ‘ਤੇ ਪਹੁੰਚੇ ਹਨ।

ਉਨ੍ਹਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਇੱਕ ਸਮਾਂ ਸੀ ਜਦੋਂ ਪੰਥਕ ਸਿਆਸਤ ਅਤੇ ਨੈਤਿਕ ਕਦਰਾਂ-ਕੀਮਤਾਂ ਇੱਕੋ ਸਿੱਕੇ ਦੇ ਦੋ ਪਹਿਲੂ ਮੰਨੀਆਂ ਜਾਂਦੀਆਂ ਸਨ, ਪਰ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਅਕਾਲੀ ਸਿਆਸਤ ਵਿੱਚੋਂ ਨੈਤਿਕਤਾ ਪੂਰੀ ਤਰ੍ਹਾਂ ਮਨਫ਼ੀ ਹੋ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਹੁੱਲੜਬਾਜ਼ੀ ਅਤੇ ਰੌਲੇ-ਰੱਪੇ ਵਾਲੀ ਸਿਆਸਤ ਤੋਂ ਬਚਾ ਕੇ ਸਾਫ਼-ਸੁਥਰੀ ਅਤੇ ਸਮਾਜ ਤੇ ਪੰਥ ਦੀ ਭਲਾਈ ਵਾਲੀ ਰਾਜਨੀਤੀ ਨਾਲ ਜੋੜਨਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਬਾਦਲ ਅਤੇ ਭਾਜਪਾ ਨਾਲ ਗੱਠਜੋੜ ਦੀਆਂ ਗੱਲਾਂ ਸਿਰੇ ਤੋਂ ਖਾਰਜ

ਆਗਾਮੀ ਚੋਣਾਂ ਵਿੱਚ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਅਟੁੱਟ ਗੱਠਜੋੜ ਤਾਂ ‘ਸਤਿਗੁਰੂ’ ਨਾਲ ਹੈ। ਸਿਆਸੀ ਗੱਠਜੋੜਾਂ ਸਬੰਧੀ ਉਨ੍ਹਾਂ ਕਿਹਾ ਕਿ ਕੋਈ ਵੀ ਗੱਠਜੋੜ ਸਿਰਫ਼ ਸੱਤਾ ਪ੍ਰਾਪਤੀ ਲਈ ਨਹੀਂ, ਸਗੋਂ ਪੰਜਾਬ ਅਤੇ ਸਿੱਖ ਕੌਮ ਦੇ ਹੱਕੀ ਮੁੱਦਿਆਂ ਦੇ ਆਧਾਰ ‘ਤੇ ਹੋਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਸੰਭਾਵਿਤ ਗੱਠਜੋੜ ਦੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਉਨ੍ਹਾਂ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਥ ਨੂੰ ਪਿੱਠ ਦਿਖਾਈ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋਏ ਹਨ, ਉਨ੍ਹਾਂ ਭਗੌੜਿਆਂ ਲਈ ਸਾਡੇ ਦਰਵਾਜ਼ੇ ਪੂਰੀ ਤਰ੍ਹਾਂ ਬੰਦ ਹਨ, ਭਾਵੇਂ ਉਹ ਕਿਸੇ ਵੀ ਪਾਰਟੀ ਦਾ ਪ੍ਰਧਾਨ ਹੋਵੇ ਜਾਂ ਸਕੱਤਰ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਨਾਲ ਬੈਠਣਗੇ, ਉਹ ਸਾਡੇ ਨਾਲ ਨਹੀਂ ਬੈਠ ਸਕਦੇ। ਹਾਲਾਂਕਿ, ਉਨ੍ਹਾਂ ਇਹ ਜ਼ਰੂਰ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਚੇ ਤੇ ਟਕਸਾਲੀ ਵਰਕਰਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਇਸ ਦੇ ਨਾਲ ਹੀ 24 ਤਰੀਕ ਨੂੰ ਭਾਜਪਾ ਨਾਲ ਗੱਠਜੋੜ ਦਾ ਐਲਾਨ ਹੋਣ ਸਬੰਧੀ ਫੈਲ ਰਹੀਆਂ ਖ਼ਬਰਾਂ ਨੂੰ ਵੀ ਉਨ੍ਹਾਂ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ।

‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਤੇ ਅਜਨਾਲਾ ਸੀਟ ਬਾਰੇ ਸਪੱਸ਼ਟ ਰੁਖ਼

ਸੋਸ਼ਲ ਮੀਡੀਆ ‘ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਗੱਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਹਾਂ-ਪੱਖੀ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਪੰਥਕ ਸੋਚ ਰੱਖਣ ਵਾਲੀਆਂ ਸਾਰੀਆਂ ਧਿਰਾਂ, ਭਾਵੇਂ ਉਹ ‘ਵਾਰਿਸ ਪੰਜਾਬ ਦੇ’ ਹੋਵੇ ਜਾਂ ਕੋਈ ਹੋਰ ਜਥੇਬੰਦੀ, ਉਨ੍ਹਾਂ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਲੀਡਰਸ਼ਿਪ ਪੱਧਰ ‘ਤੇ ਗੱਲਬਾਤ ਦਾ ਸਿਲਸਿਲਾ ਵੀ ਚੱਲਦਾ ਰਹਿੰਦਾ ਹੈ।

ਪਰ, ਅਜਨਾਲਾ ਵਿਧਾਨ ਸਭਾ ਹਲਕੇ ਨੂੰ ਲੈ ਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਭੰਬਲਭੂਸੇ ਦੀ ਗੁੰਜਾਇਸ਼ ਨਹੀਂ ਛੱਡੀ। ਉਨ੍ਹਾਂ ਸਾਫ਼ ਕੀਤਾ ਕਿ ਡਾ. ਰਤਨ ਸਿੰਘ ਅਜਨਾਲਾ ਪਿਛਲੇ 45 ਸਾਲਾਂ ਤੋਂ ਇਸ ਇਲਾਕੇ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਜੇਕਰ ਭਵਿੱਖ ਵਿੱਚ ਕਿਸੇ ਧਿਰ ਨਾਲ ਗੱਠਜੋੜ ਹੁੰਦਾ ਵੀ ਹੈ, ਤਾਂ ਅਜਨਾਲਾ ਹਲਕੇ ਤੋਂ ਉਨ੍ਹਾਂ ਦੇ ਉਮੀਦਵਾਰ ਅਤੇ ਅਗਵਾਈ ਕਰਨ ਵਾਲੇ ਡਾ. ਰਤਨ ਸਿੰਘ ਅਜਨਾਲਾ ਹੀ ਹੋਣਗੇ।

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਤੇ ਸਿੱਖ ਮਸਲਿਆਂ ‘ਤੇ ਵਿਚਾਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ 21 ਤਰੀਕ ਨੂੰ ਮਿਲਣ ਵਾਲੀ ਪੈਰੋਲ ਦਾ ਸਵਾਗਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਅਤੇ ਕਾਨੂੰਨੀ ਹੱਕ ਹੈ, ਜੋ ਹਰ ਆਮ ਨਾਗਰਿਕ ਅਤੇ ਚੁਣੇ ਹੋਏ ਜਨਤਕ ਨੁਮਾਇੰਦੇ ਨੂੰ ਮਿਲਣਾ ਚਾਹੀਦਾ ਹੈ।

ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਭਖਦੇ ਮਸਲਿਆਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਪੁਰਾਣੇ ਵਿਵਾਦਾਂ ਦੇ ਨਾਲ-ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਰਗੇ ਮੌਜੂਦਾ ਮੁੱਦੇ ਵੀ ਬੇਹੱਦ ਸੰਵੇਦਨਸ਼ੀਲ ਅਤੇ ਗੰਭੀਰ ਹਨ। ਇਸ ਤੋਂ ਇਲਾਵਾ ਉਨ੍ਹਾਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਉੱਥੇ ਵੱਸਦੇ ਲਗਭਗ 70 ਹਜ਼ਾਰ ਸਿੱਖਾਂ ਲਈ ਵਿਧਾਨ ਸਭਾ ਵਿੱਚ ਰਾਖਵੇਂਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਅਤੇ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦੇ ਮਸਲੇ ਹੱਲ ਕਰਨਾ ਵੀ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ

ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਸਬੰਧੀ ਪੁੱਛੇ ਜਾਣ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜੀ ਮਰਜ਼ੀ ਨੂੰ ਰੋਕਿਆ ਨਹੀਂ ਜਾ ਸਕਦਾ, ਪਰ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਕਮਰ ਕੱਸ ਚੁੱਕੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ 46 ਤੋਂ 47 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਹਲਕਿਆਂ ਵਿੱਚ ਵੀ ਨਿਯੁਕਤੀਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।

Loading...
Unable to load recommendations.
Follow Us