ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ। Gold washing service started at Sri Harmandir Sahib Amritsar Punjabi news - TV9 Punjabi

Gold Wash Sewa: ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

Published: 

09 Mar 2023 19:27 PM

Gold Wash Sewa: ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ।

Follow Us On

ਅੰਮ੍ਰਿਤਸਰ, 09 ਮਾਰਚ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ ਨੂੰ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਸੋਨੇ ਦੀ ਸਾਂਭ-ਸੰਭਾਲ ਲਈ ਸਮੇਂ-ਸਮੇਂ ‘ਤੇ ਕੀਤੀ ਜਾਂਦੀ ਹੈ ਧੁਆਈ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਕਰੀਬ 12 ਦਿਨ ਰਹੇਗਾ ਜਾਰੀ ਸੋਨੇ ਦੀ ਧੁਆਈ ਦਾ ਕਾਰਜ

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version