ਰਾਜਪਾਲ ਖਿਲਾਫ SC ਪਹੁੰਚੀ ਪੰਜਾਬ ਸਰਕਾਰ ਦਾ ਰੁਖ ਹੋਇਆ ਨਰਮ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਕਾਫੀ ਲੰਬੀ ਦੇਰ ਤੋਂ ਚੱਲ ਰਿਹੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਰਾਜਪਾਲ ਨੇ ਢਿੱਲ ਦਿੱਤੀ ਹੈ ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਪਸ਼ਟੀਕਰਨ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਮਾਮਲੇ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦੇ ਫੈਸਲੇ ਤੋਂ ਬਾਅਦ ਰਾਜਪਾਲ ਦਾ ਯੂ-ਟਰਨ ਸਾਹਮਣੇ ਆਇਆ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਪੱਸ਼ਟੀਕਰਨ ਦਿੰਦਿਆਂ ਸੈਸ਼ਨ ਬਿੱਲ ਪਾਸ ਕਰਨ ਲਈ ਕਿਹਾ ਹੈ। ਰਾਜਪਾਲ ਨੇ ਪੱਤਰ ਵਿੱਚ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਵਿੱਚ ਲਿਆਂਦੇ ਬਿੱਲਾਂ ਤੇ ਵਿਚਾਰ ਕਰਨ ਲਈ ਤਿਆਰ ਹਨ।
ਰਾਜਪਾਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ 27 ਬਿੱਲਾਂ ਵਿੱਚੋਂ ਉਨ੍ਹਾਂ ਨੇ 22 ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਹ ਬਾਕੀ ਬਿੱਲਾਂ ਬਾਰੇ ਕਾਨੂੰਨ ਅਨੁਸਾਰ ਰਾਏ ਲੈ ਕੇ ਇਨ੍ਹਾਂ ਬਿੱਲਾਂ ਤੇ ਹੋਰ ਵਿਚਾਰ ਕਰ ਰਹੇ ਹਨ।
ਜ਼ਿਕਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਬਿੱਲਾਂ ਨੂੰ ਪਾਸ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਰਾਜਪਾਲ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਹੋਣੀ ਹੈ ਪਰ ਇਸ ਤੋਂ ਪਹਿਲਾਂ ਰਾਜਪਾਲ ਨੇ ਇਸ ਪੂਰੇ ਮਾਮਲੇ ‘ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਥਿਤੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸੀਐਮ ਮਾਨ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਭਗਵੰਤ ਮਾਨ ਵਿਧਾਨ ਸਭਾ ਦਾ ਦੂਜਾ ਸੈਸ਼ਨ ਨਵੰਬਰ ਵਿੱਚ ਹੀ ਬੁਲਾ ਸਕਦੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਨਵੰਬਰ ਦੇ ਪਹਿਲੇ ਹਫ਼ਤੇ ਇੱਕ ਵੱਡਾ ਸੈਸ਼ਨ ਬੁਲਾਵਾਂਗੇ ਅਤੇ ਸਾਨੂੰ ਇਸ ਮੁੱਦੇ ‘ਤੇ ਸਪੱਸ਼ਟਤਾ ਦੀ ਲੋੜ ਹੈ।


