ਰਾਜਪਾਲ ਖਿਲਾਫ SC ਪਹੁੰਚੀ ਪੰਜਾਬ ਸਰਕਾਰ ਦਾ ਰੁਖ ਹੋਇਆ ਨਰਮ, ਜਾਣੋ ਕੀ ਹੈ ਪੂਰਾ ਮਾਮਲਾ

Published: 

30 Oct 2023 13:41 PM

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਕਾਫੀ ਲੰਬੀ ਦੇਰ ਤੋਂ ਚੱਲ ਰਿਹੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਰਾਜਪਾਲ ਨੇ ਢਿੱਲ ਦਿੱਤੀ ਹੈ ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਪਸ਼ਟੀਕਰਨ ਦਿੱਤਾ ਹੈ।

ਰਾਜਪਾਲ ਖਿਲਾਫ SC ਪਹੁੰਚੀ ਪੰਜਾਬ ਸਰਕਾਰ ਦਾ ਰੁਖ ਹੋਇਆ ਨਰਮ, ਜਾਣੋ ਕੀ ਹੈ ਪੂਰਾ ਮਾਮਲਾ
Follow Us On

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਮਾਮਲੇ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦੇ ਫੈਸਲੇ ਤੋਂ ਬਾਅਦ ਰਾਜਪਾਲ ਦਾ ਯੂ-ਟਰਨ ਸਾਹਮਣੇ ਆਇਆ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਪੱਸ਼ਟੀਕਰਨ ਦਿੰਦਿਆਂ ਸੈਸ਼ਨ ਬਿੱਲ ਪਾਸ ਕਰਨ ਲਈ ਕਿਹਾ ਹੈ। ਰਾਜਪਾਲ ਨੇ ਪੱਤਰ ਵਿੱਚ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਵਿੱਚ ਲਿਆਂਦੇ ਬਿੱਲਾਂ ਤੇ ਵਿਚਾਰ ਕਰਨ ਲਈ ਤਿਆਰ ਹਨ।

ਰਾਜਪਾਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ 27 ਬਿੱਲਾਂ ਵਿੱਚੋਂ ਉਨ੍ਹਾਂ ਨੇ 22 ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਹ ਬਾਕੀ ਬਿੱਲਾਂ ਬਾਰੇ ਕਾਨੂੰਨ ਅਨੁਸਾਰ ਰਾਏ ਲੈ ਕੇ ਇਨ੍ਹਾਂ ਬਿੱਲਾਂ ਤੇ ਹੋਰ ਵਿਚਾਰ ਕਰ ਰਹੇ ਹਨ।

ਜ਼ਿਕਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਬਿੱਲਾਂ ਨੂੰ ਪਾਸ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਰਾਜਪਾਲ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਹੋਣੀ ਹੈ ਪਰ ਇਸ ਤੋਂ ਪਹਿਲਾਂ ਰਾਜਪਾਲ ਨੇ ਇਸ ਪੂਰੇ ਮਾਮਲੇ ‘ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਥਿਤੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ।

ਸੀਐਮ ਮਾਨ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਭਗਵੰਤ ਮਾਨ ਵਿਧਾਨ ਸਭਾ ਦਾ ਦੂਜਾ ਸੈਸ਼ਨ ਨਵੰਬਰ ਵਿੱਚ ਹੀ ਬੁਲਾ ਸਕਦੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਨਵੰਬਰ ਦੇ ਪਹਿਲੇ ਹਫ਼ਤੇ ਇੱਕ ਵੱਡਾ ਸੈਸ਼ਨ ਬੁਲਾਵਾਂਗੇ ਅਤੇ ਸਾਨੂੰ ਇਸ ਮੁੱਦੇ ‘ਤੇ ਸਪੱਸ਼ਟਤਾ ਦੀ ਲੋੜ ਹੈ।

ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਤਕਰਾਰ

ਇੱਕ ਸਾਲ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਪਹਿਲਾਂ ਵੀ ਰਾਜਪਾਲ ਵੱਲੋਂ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਰਾਜਪਾਲ ਨੂੰ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣੀ ਪਈ ਸੀ।

ਐਸਵਾਈਐਲ ਮੁੱਦੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ 20 ਅਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਅਤੇ ਪੰਜਾਬ ਰਾਜ ਭਵਨ ਨੇ ਰਾਜਪਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਸਕੱਤਰ ਨੂੰ ਰਸਮੀ ਪੱਤਰ ਵੀ ਲਿਖਿਆ।

ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਪੱਸ਼ਟੀਕਰਨ ਦੇਣਾ ਪਿਆ। ਸੰਧਵਾਂ ਨੇ ਕਿਹਾ ਸੀ ਕਿ ਇਹ ਸੈਸ਼ਨ ਪਿਛਲੇ ਸੈਸ਼ਨ ਦਾ ਹਿੱਸਾ ਹੋਵੇਗਾ, ਕਿਉਂਕਿ ਪਿਛਲੇ ਸੈਸ਼ਨ ਦੀ ਕਾਰਵਾਈ ਅਜੇ ਤੱਕ ਮੁਲਤਵੀ ਨਹੀਂ ਕੀਤੀ ਗਈ ਹੈ। ਵਿਧਾਨ ਸਭਾ ਦੇ ਸਕੱਤਰ ਰਾਮਲੋਕ ਖਟਾਣਾ ਵੱਲੋਂ ਜਾਰੀ ਨੋਟਿਸ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਦੇ ਨਿਯਮਾਂ ਅਨੁਸਾਰ ਸਪੀਕਰ ਨੇ 20 ਜੂਨ ਨੂੰ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਸੀ ਅਤੇ ਇਹੀ ਸੈਸ਼ਨ ਦੁਬਾਰਾ ਬੁਲਾਇਆ ਗਿਆ ਹੈ।

AAP ਨੇ ਆਪਣੀ ਜਿੱਤ ਦਾ ਐਲਾਨ ਕੀਤਾ

ਪੰਜਾਬ ਸਰਕਾਰ ਵੱਲੋਂ ਰਾਜਪਾਲ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰਦੇ ਹੀ ਆਮ ਆਦਮੀ ਪਾਰਟੀ ਨੇ ਰਾਜਪਾਲ ਵੱਲੋਂ ਬਕਾਇਆ ਬਿੱਲਾਂ ਨੂੰ ਵਿਚਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਨੂੰ ਚੁਣੀ ਹੋਈ ਸਰਕਾਰ ਦੀ ਜਿੱਤ ਕਰਾਰ ਦਿੱਤਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਏ ਗਏ ਰਾਜਪਾਲ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਲਗਾਤਾਰ ਦਖਲਅੰਦਾਜ਼ੀ ਕਰ ਰਹੇ ਹਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਸਰਕਾਰ ਇਸ ਸਬੰਧੀ ਸੁਪਰੀਮ ਕੋਰਟ ਜਾ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ 27 ਬਕਾਇਆ ਬਿੱਲਾਂ ‘ਚੋਂ ਉਹ 22 ਪਾਸ ਕਰ ਚੁੱਕੇ ਹਨ ਅਤੇ ਬਾਕੀ ਬਿੱਲਾਂ ‘ਤੇ ਵਿਚਾਰ ਕਰ ਰਹੇ ਹਨ ਅਤੇ ਇਹ ਚੁਣੀ ਹੋਈ ਸੰਵਿਧਾਨਕ ਸਰਕਾਰ ਦੀ ਜਿੱਤ ਹੈ।

ਮਾਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰਾਜਪਾਲ ਅਤੇ ਸੀ.ਐੱਮ ਦੀ ਲੜਾਈ ‘ਚ ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਅਤੇ ਰਾਜਪਾਲ ਦੇ ਹੱਕ ‘ਚ ਖੜ੍ਹੀਆਂ ਰਹੀਆਂ ਅਤੇ ਪੰਜਾਬ ਦੇ ਹਿੱਤ ‘ਚ ਲਿਆਂਦੇ ਬਿੱਲਾਂ ਦੌਰਾਨ ਵੀ ਪੰਜਾਬ ਸਰਕਾਰ ਦਾ ਸਾਥ ਨਹੀਂ ਦਿੱਤਾ।