ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਸਜਾਇਆ ਗਿਆ ਨਗਰ ਕੀਰਤਨ, ਥਾਂ-ਥਾਂ ਸੰਗਤਾਂ ਵੱਲੋਂ ਭਰਵਾਂ ਸਵਾਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਕੀਤਾ ਗਿਆ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਮੁਹੱਲਾ ਗੋਬਿੰਦਗੜ੍ਹ ਤੋਂ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਪ੍ਰਗਟਾਈ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।
ਮਦਨ ਫਲੋਰ ਮਿੱਲ ਚੌਕ ‘ਚ ਪੁਲਿਸ ਨੇ ਦਿੱਤੀ ਸਲਾਮੀ
ਨਗਰ ਕੀਰਤਨ ਦੇ ਮਦਨ ਫਲੋਰ ਮਿੱਲ ਚੌਕ ਵਿਖੇ ਪਹੁੰਚਣ ‘ਤੇ ਬੇਹੱਦ ਅਲੌਕਿਕ ਦ੍ਰਿਸ਼ ਦੇਖਣ ਨੂੰ ਮਿਲਿਆ। ਇਸ ਦੌਰਾਨ ਸਿੱਖ ਨੌਜਵਾਨਾਂ ਅਤੇ ਗੱਤਕਾ ਪਾਰਟੀਆਂ ਵੱਲੋਂ ਸ਼ਹਿਰ ਦੇ ਚੌਰਾਹਿਆਂ ‘ਤੇ ਤਲਵਾਰਬਾਜ਼ੀ ਅਤੇ ਰਵਾਇਤੀ ਸ਼ਸਤਰ ਵਿੱਦਿਆ ਦੇ ਸ਼ਾਨਦਾਰ ਕਰਤੱਬਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਨੇ ਪਰੇਡ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ। ਪੁਲਿਸ ਜਵਾਨਾਂ ਨੇ ਪੂਰੇ ਅਨੁਸ਼ਾਸਨ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ। ਸਮੁੱਚੇ ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਥਾਂ-ਥਾਂ ਲੰਗਰ ਲਗਾਏ ਗਏ।
ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ
ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦੇ ਰੂਟ ਅਤੇ ਧਾਰਮਿਕ ਸਮਾਗਮ ਸਥਾਨਾਂ ਦੇ ਆਲੇ-ਦੁਆਲੇ 21 ਨਵੰਬਰ, ਸ਼ਨੀਵਾਰ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਲਾਗੂ ਕੀਤੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੇ ਇੱਕ ਹੋਰ ਹੁਕਮ ਅਨੁਸਾਰ, ਨਗਰ ਕੀਰਤਨ ਵਾਲੇ ਦਿਨ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਤੇ ਕਾਲਜਾਂ (ਸਟਾਫ਼ ਸਮੇਤ) ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਪੁਲਿਸ ਵੱਲੋਂ ਵਿਸ਼ੇਸ਼ ਟਰੈਫ਼ਿਕ ਡਾਇਵਰਸ਼ਨ ਪਲਾਨ ਲਾਗੂ
ਦੂਜੇ ਪਾਸੇ, ਨਗਰ ਕੀਰਤਨ ਵਿੱਚ ਸੰਗਤ ਦੀ ਭਾਰੀ ਆਮਦ ਨੂੰ ਦੇਖਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਅਤੇ ਆਮ ਜਨਤਾ ਦੀ ਸਹੂਲਤ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਟਰੈਫ਼ਿਕ ਡਾਇਵਰਸ਼ਨ ਪਲਾਨ ਜਾਰੀ ਕੀਤਾ ਗਿਆ ਹੈ। ਇਹ ਸਮੁੱਚੀ ਟਰੈਫ਼ਿਕ ਵਿਵਸਥਾ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ (ਆਈ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਹੈ, ਤਾਂ ਜੋ ਸ਼ਰਧਾਲੂਆਂ ਅਤੇ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।