ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ

Updated On: 

07 Oct 2024 12:07 PM IST

Gurdaspur Firing Case: ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ਚ ਹੋਈ ਫਾਇਰਿੰਗ, ਜਾਂਚ ਚ ਜੁਟੀ ਪੁਲਿਸ
Follow Us On

ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 ਤੋਂ 7 ਹਮਲਾਵਰਾਂ ਨੇ ਇਕ ਘਰ ਦੇ ਮੈਂਬਰਾਂ ‘ਤੇ ਗੋਲੀਬਾਰੀ ਕੀਤੀ ਅਤੇ ਇਕ ਟਰੈਕਟਰ ਦੀ ਵੀ ਭੰਨਤੋੜ ਕੀਤੀ। ਇਸ ਘਟਨਾ ਤੋਂ ਬਾਅਦ ਘਰ ਦੇ ਮੈਂਬਰ ਵਾਲ-ਵਾਲ ਬਚ ਗਏ, ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਮਾਲੇਵਾਲ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਥੋਂ 3 ਖਾਲੀ ਕਾਰਤੂਸ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਤੇ ਉਸਦੇ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਤੋਂ ਘਰ ਪਰਤ ਰਹੇ ਸਨ। ਰਸਤੇ ਵਿੱਚ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਮਾਮੂਲੀ ਤਕਰਾਰ ਤੋਂ ਬਾਅਦ ਉਹ ਵਾਪਸ ਆਪਣੇ ਘਰ ਆ ਗਿਆ ਅਤੇ ਕੁਝ ਸਮੇਂ ਬਾਅਦ ਨੌਜਵਾਨ ਆਪਣੇ ਦੋਸਤਾਂ ਸਮੇਤ ਉਸ ਦੇ ਘਰ ਆ ਗਿਆ। ਉਨ੍ਹਾਂ ‘ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਖੁਸ਼ਕਿਸਮਤੀ ਨਾਲ ਉਹ ਸਾਰੇ ਬਚ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਇਸ ਸਬੰਧੀ ਮੌਕੇ ‘ਤੇ ਪਹੁੰਚੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ‘ਚ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।