ਮਾੜੀ ਪਨੂੰਆਂ: ਪੀੜਤ ਪਰਿਵਾਰ ਨੇ ਅਮਿਤ ਸ਼ਾਹ ਕੋਲੋਂ ਮੰਗਿਆ ਇਨਸਾਫ਼, CBI ਜਾਂਚ ਦੀ ਮੰਗ
ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਘਟਨਾ ਬਾਰੇ ਆਪਣਾ ਪੱਖ ਰੱਖਦਿਆਂ ਇਨਸਾਫ਼ ਦੀ ਮੰਗ ਕੀਤੀ। ਪਰਿਵਾਰ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਾੜੀ ਪਨੂੰਆਂ ‘ਚ ਵਾਪਰੀ ਹਿੰਸਕ ਘਟਨਾ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਪਰਿਵਾਰ ਨੇ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਦੀ ਮੰਗ ਵੀ ਚੁੱਕੀ।
ਦੱਸ ਦੇਈਏ ਕਿ, ਸ੍ਰੀ ਹਰਗੋਬਿੰਦਪੁਰ ਸਾਹਿਬ ਨੇੜਲੇ ਪਿੰਡ ਮਾੜੀ ਪਨੂੰਆਂ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ਤੇ ਤਿੰਨ ਵਿਅਕਤੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਮਲੇ ‘ਚ ਗੰਭੀਰ ਜ਼ਖ਼ਮੀ ਹੋਏ ਬਿਕਰਮਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ 2 ਵਿਅਕਤੀ ਜ਼ਖ਼ਮੀ ਹੋ ਗਏ ਸਨ।
ਪੀੜਤ ਪਰਿਵਾਰ ਨੇ ਅਮਿਤ ਸ਼ਾਹ ਕੋਲ ਚੁੱਕਿਆ ਇਨਸਾਫ਼ ਦਾ ਮੁੱਦਾ
ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਘਟਨਾ ਬਾਰੇ ਆਪਣਾ ਪੱਖ ਰੱਖਦਿਆਂ ਇਨਸਾਫ਼ ਦੀ ਮੰਗ ਕੀਤੀ। ਪਰਿਵਾਰ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪਰਿਵਾਰਕ ਮੈਂਬਰਾਂ ਨੇ ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਨੇ ਪਰਿਵਾਰ ਦੀ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ।
ਅਮਿਤ ਸ਼ਾਹ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦੇਣ ਦਾ ਦਾਅਵਾ
ਮੀਡੀਆ ਨਾਲ ਗੱਲਬਾਤ ਕਰਦਿਆਂ ਪਰਿਵਾਰ ਦੀਆਂ ਮਹਿਲਾ ਮੈਂਬਰਾਂ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਦੀਆਂ ਗੱਲਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣਾ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ।
ਇਸ ਮੌਕੇ ਮੌਜੂਦ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਵੀ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਪੰਜਾਬ ‘ਚ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਦਾ ਮੁੱਦਾ ਗਰਮਾਇਆ
ਜ਼ਿਕਰਯੋਗ ਹੈ ਕਿ ਪੰਜਾਬ ‘ਚ ਨਸ਼ਿਆਂ ਨਾਲ ਜੁੜੀਆਂ ਕਈ ਘਟਨਾਵਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਕਤਲ, ਗਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਮਾੜੀ ਪਨੂੰਆਂ ਚ ਬਿਕਰਮਜੀਤ ਸਿੰਘ ਦੇ ਕਤਲ ਤੇ ਸੰਗਰੂਰ ‘ਚ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਚਰਚਾ ‘ਚ ਹਨ। ਇਨ੍ਹਾਂ ਮਾਮਲਿਆਂ ‘ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਤੇ ਕਥਿਤ ਦਬਾਅ ਦੇ ਪਹਿਲੂਆਂ ਨੂੰ ਲੈ ਕੇ ਸਵਾਲ ਉੱਠੇ ਹਨ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੁਰਦਾਸਪੁਰ, ਮਾਨਸਾ ਅਤੇ ਸੰਗਰੂਰ ‘ਚ ਵਾਪਰੀਆਂ ਘਟਨਾਵਾਂ ਸਬੰਧੀ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਸੀ।
