ਜ਼ਮੀਨੀ ਵਿਵਾਦ ਨੂੰ ਲੈ ਕੇ ਤਹਿਸੀਲ ਗਏ ਦੋ ਦੋਸਤਾਂ ਦੀ ਹਾਦਸੇ ‘ਚ ਮੌਤ, ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਰਾਜਬੀਰ ਸਿੰਘ ਨੇ ਇਲਜ਼ਾਮ ਲਾਇਆ ਕਿ ਵਾਪਸੀ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਹਾਦਸੇ ਰਾਹੀਂ ਦੋਵਾਂ ਦਾ ਕਤਲ ਕਰ ਦਿੱਤਾ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਜ਼ਮੀਨੀ ਵਿਵਾਦ ਨੂੰ ਲੈ ਕੇ ਤਹਿਸੀਲ ਗਏ ਦੋ ਦੋਸਤਾਂ ਦੀ ਹਾਦਸੇ 'ਚ ਮੌਤ
ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ‘ਤੇ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਪੰਧੇਰ ਕਲਾਂ, ਥਾਣਾ ਮਜੀਠਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਤੇ ਪ੍ਰੀਤਮ ਸਿੰਘ ਵਜੋਂ ਹੋਈ ਹੈ। ਦੋਵਾਂ ਦੇ ਪਰਿਵਾਰਾਂ ਨੇ ਜ਼ਮੀਨੀ ਵਿਵਾਦ ਕਾਰਨ ਉਨ੍ਹਾਂ ਦਾ ਕਤਲ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਪ੍ਰੀਤਮ ਸਿੰਘ ਦੇ ਭਤੀਜੇ ਰਾਜਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਦੋਸਤ ਬੀਤੇ ਦਿਨ ਡੇਰਾ ਬਾਬਾ ਨਾਨਕ ਤਹਿਸੀਲ ਗਏ ਸਨ। ਹਰਵਿੰਦਰ ਸਿੰਘ ਦਾ ਪਿੰਡ ਹਰਦੋਰਵਾਲ ‘ਚ ਛੇ ਤੋਂ ਸੱਤ ਕਿੱਲੇ ਜ਼ਮੀਨ ਨੂੰ ਲੈ ਕੇ ਦੂਜੀ ਧਿਰ ਨਾਲ ਵਿਵਾਦ ਚੱਲ ਰਿਹਾ ਸੀ। ਇਸ ਜ਼ਮੀਨ ਦਾ ਕਬਜ਼ਾ ਪੁਲਿਸ ਦੀ ਮਦਦ ਨਾਲ ਲੈਣ ਦੀ ਕਾਰਵਾਈ ਹੋਣੀ ਸੀ।
ਰਾਜਬੀਰ ਸਿੰਘ ਨੇ ਇਲਜ਼ਾਮ ਲਾਇਆ ਕਿ ਵਾਪਸੀ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਹਾਦਸੇ ਰਾਹੀਂ ਦੋਵਾਂ ਦਾ ਕਤਲ ਕਰ ਦਿੱਤਾ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੋਵੇਂ ਵਿਅਕਤੀ ਡੇਰਾ ਬਾਬਾ ਨਾਨਕ ਤੋਂ ਫਤਿਹਗੜ੍ਹ ਚੂੜੀਆਂ ਵੱਲ ਜਾ ਰਹੇ ਸਨ, ਜਦੋਂ ਰਸਤੇ ‘ਚ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋਵਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
