ਗੁਰਦਾਸਪੁਰ: ਉਫਾਨ ‘ਤੇ ਰਾਵੀ ਦਰਿਆ, ਮਕੌੜਾ ਪੱਤਣ ‘ਤੇ ਕਿਸ਼ਤੀ ਸੇਵਾ ਬੰਦ; ਕਈ ਪਿੰਡਾਂ ਦੇ ਲੋਕ ਪਰੇਸ਼ਾਨ
Makora Pattan Boat Service: ਪਹਾੜਾਂ ਵਿੱਚ ਹੋ ਰਹੀ ਭਾਰੀ ਬਾਰਿਸ਼ ਦਾ ਅਸਰ ਮੈਦਾਨੀ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਬਾਅਦ ਗੁਰਦਾਸਪੁਰ ਦੇ ਮਕੌੜਾ ਪੱਤਣ ਤੇ ਕਿਸ਼ਤੀ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਕਿਸ਼ਤੀ ਦੇ ਬੰਦ ਹੋਣ ਕਾਰਨ ਕਈ ਪਿੰਡਾ ਦਾ ਸੰਪਰਕ ਟੁੱਟ ਗਿਆ ਹੈ। ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਕਈ ਪਿੰਡਾਂ ਦੇ ਲੋਕਾਂ ਲਈ ਆਉਣ-ਜਾਣ ਦੀ ਸਮੱਸਿਆ ਗੰਭੀਰ ਬਣ ਗਈ ਹੈ।
ਪਹਾੜੀ ਇਲਾਕੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਜੇਕਰ ਰਾਵੀ ਦਰਿਆ ਦੀ ਗੱਲ ਕੀਤੀ ਜਾਵੇ ਤਾਂ ਰਾਵੀ ਦਰਿਆ ਵਿੱਚ ਵੀ ਬਾਅਦ ਦੁਪਹਿਰ ਅਚਾਨਕ ਪਾਣੀ ਦਾ ਪੱਧਰ ਵੱਧ ਗਿਆ। ਜਿਸ ਕਾਰਨ ਮੌਕੇ ‘ਤੇ ਹੀ ਕਿਸ਼ਤੀ ਦੀ ਸੇਵਾ ਬੰਦ ਕਰਨੀ ਪਈ ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਮਕੌੜਾ ਪੱਤਣ ਤੇ ਚੱਲਣ ਵਾਲੀ ਕਿਸ਼ਤੀ ਸੇਵਾ ਨੂੰ ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਕਿਸ਼ਤੀ ਸੇਵਾ ਬੰਦ ਹੋਣ ਕਾਰਨ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਕਈ ਪਿੰਡਾਂ ਦੇ ਲੋਕਾਂ ਲਈ ਆਉਣ-ਜਾਣ ਦੀ ਸਮੱਸਿਆ ਗੰਭੀਰ ਬਣ ਗਈ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਰਾਵੀ ਦਰਿਆ ਪਾਰ ਕਰਕੇ ਉਹ ਰੋਜ਼ਾਨਾ ਆਪਣੇ ਕੰਮਕਾਜ, ਬੱਚਿਆਂ ਦੀ ਪੜ੍ਹਾਈ, ਇਲਾਜ ਅਤੇ ਹੋਰ ਜ਼ਰੂਰੀ ਕੰਮਾਂ ਲਈ ਮਕੌੜਾ ਪੱਤਣ ਵੱਲ ਆਉਂਦੇ-ਜਾਂਦੇ ਹਨ। ਪਰ ਪਾਣੀ ਦਾ ਪੱਧਰ ਵਧਣ ਅਤੇ ਕਿਸ਼ਤੀ ਸੇਵਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਮੁਤਾਬਕ ਕਈ ਵਾਰ ਜ਼ਰੂਰੀ ਕੰਮ ਲਈ ਲੰਮਾ ਰਸਤਾ ਤੈਅ ਕਰਕੇ ਦੂਜੇ ਪਾਸੇ ਜਾਣਾ ਪੈਂਦਾ ਹੈ। ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਵੱਧ ਖਰਚ ਹੁੰਦੇ ਹਨ।
ਆਵਾਜਾਈ ਲਈ ਜਲਦ ਤੋਂ ਜਲਦ ਢੁੱਕਵੇਂ ਪ੍ਰਬੰਧ ਕੀਤੇ ਜਾਣ ਦੀ ਮੰਗ
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਿਤੀ ਤੇ ਲਗਾਤਾਰ ਨਿਗਰਾਨੀ ਰੱਖਦਿਆਂ ਲੋਕਾਂ ਦੀ ਆਵਾਜਾਈ ਲਈ ਜਲਦ ਤੋਂ ਜਲਦ ਢੁੱਕਵੇਂ ਪ੍ਰਬੰਧ ਕੀਤੇ ਜਾਣ। ਲੋਕਾਂ ਨੇ ਕਿਹਾ ਕਿ ਜਦੋਂ ਤੱਕ ਪਾਣੀ ਦਾ ਪੱਧਰ ਸੁਰੱਖਿਅਤ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਬਦਲਵਾਂ ਹੱਲ ਮੁਹੱਈਆ ਕਰਵਾਇਆ ਜਾਵੇ।
ਪਾਣੀ ਵਧਣ ਨਾਲ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੱਤਣ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਹਾਲਾਤ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੌਕੇ ‘ਤੇ ਨਿਗਰਾਨੀ ਵਧਾਉਣ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਪਾਣੀ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
