ਪੰਜਾਬ ਵਿੱਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, DC ਤੇ SSP ਨੇ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ

Published: 

28 Oct 2025 19:14 PM IST

Punjab Stubble Burning: ਗੁਰਦਾਸਪੁਰ ਦੇ ਡੀ.ਸੀ. ਤੇ ਐਸ.ਐਸ.ਪੀ. ਨੇ ਅੱਜ ਲਗਾਤਾਰ ਦੂਜੇ ਦਿਨ ਕਲਾਨੌਰ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਅਧਿਕਾਰੀਆਂ ਨੇ ਮੌਕੇ 'ਤੇ ਅੱਗ ਬੁਝਾਈ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ।

ਪੰਜਾਬ ਵਿੱਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, DC ਤੇ SSP ਨੇ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ
Follow Us On

Gurdaspur Stubble Burning: ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਆਦਿੱਤਿਆ ਐੱਸ.ਐੱਸ ਪੀ ਗੁਰਦਾਸਪੁਰ ਨੇ ਅੱਜ ਲਗਾਤਾਰ ਦੂਜੇ ਦਿਨ ਕਲਾਨੌਰ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਮਿਲ ਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਰਸਤੇ ਵਿੱਚ ਪਿੰਡ ਬਖਸ਼ੀਵਾਲ, ਨੜਾਂਵਾਲੀ ਤੇ ਕਲਾਨੌਰ ਦੇ ਖੇਤਾਂ ਵਿੱਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗਿਆ।

ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਉੱਪ ਮੰਡਲ ਮੈਜਿਸਟਰੇਟ, ਪੁਲਿਸ ਅਧਿਕਾਰੀ, ਪਰਾਲੀ ਪਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ। ਕਿਸਾਨਾਂ ਵਲੋਂ ਸਟੱਬਲ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ।

ਕੁਝ ਕਿਸਾਨਾਂ ਵੱਲੋਂ ਹਦਾਇਤਾਂ ਦੀ ਉਲੰਘਣਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰ ਕੁਝ ਕੁ ਕਿਸਾਨਾਂ ਵੱਲੋਂ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀਂ ਹੈ। ਜਿਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਹੈ ਅਤੇ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰਾਂ ਵੱਲੋਂ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ ਇਸ ਤੋਂ ਪਹਿਲਾਂ ਉਨ੍ਹਾਂ ਅੱਡਾ ਜੌੜਾਂ ਛੱਤੜਾਂ ਵਿਖੇ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ।

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾ ਰਿਹਾ ਪ੍ਰੇਰਿਤ

ਐਸ.ਐਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐੱਸ.ਐੱਸ.ਪੀ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂਹਨ।

ਇਸ ਮੌਕੇ ਜਯੋਤਸਨਾ ਸਿੰਘ ਐੱਸ.ਡੀ.ਐਮ ਕਲਾਨੌਰ, ਡਾ. ਰਣਧੀਰ ਠਾਕੁਰ ਮੁੱਖ ਖੇਤੀਬਾੜੀ ਅਫਸਰ, ਮਨਪ੍ਰੀਤ ਸਿੰਘ ਏ.ਡੀ.ਓ , ਜਤਿੰਦਰਪਾਲ ਸਿੰਘ ਐੱਸ ਐੱਚ ਓ ਅਤੇ ਪਿੰਡਾਂ ਦੇ ਕਿਸਾਨ ਅਤੇ ਮੋਹਤਬਰ ਵਿਅਕਤੀ ਮੌਜੂਦ ਸਨ।