ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, ਗੁਰਦਾਸਪੁਰ ਦੇ ਬਹਿਰਾਮਪੁਰ ਦਾ ਮਾਮਲਾ
ਗੁਰਦਾਸਪੁਰ ਦੇ ਪਿੰਡ ਬਰਿਹਾਮਪੁਰ ਵਿਖੇ ਬੇਅਦਬੀ ਦੀ ਇਹ ਘਟਨਾ 17 ਜੁਲਾਈ ਨੂੰ ਵਾਪਰੀ ਸੀ ਜੇਸਦੇ ਮੁਲਜ਼ਮ ਨੂੰ ਹੁਣ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਜਾਂਚ ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਤੇ ਨਸ਼ੇ ਦੀ ਹਾਲਤ ਵਿੱਚ ਹੀ ਉਸਨੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।
ਗੁਰਦਾਸਪੁਰ। ਹਲਕਾ ਦੀਨਾਨਗਰ (Dinanagar) ਦੇ ਪਿੰਡ ਬਹਿਰਾਮਪੁਰ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਬਹਿਰਾਮਪੁਰ ਦੇ ਐੱਸਐੱਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਸ਼ੀਤਲ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਬਹਿਰਾਮਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 17 ਜੁਲਾਈ ਨੂੰ ਘਟਨਾ ਸਮੇਂ 15 ਸਾਲਾ ਸੇਵਾਦਾਰ ਜੋਬਨਪ੍ਰੀਤ ਸਿੰਘ ਗੁਰਦੁਆਰਾ ਸਾਹਿਬ ‘ਚ ਮੌਜੂਦ ਸੀ।
ਉਸ ਨੇ ਇਕ ਨੌਜਵਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਵਾਲੇ ਕਮਰੇ ਵਿਚ ਜਾਂਦੇ ਦੇਖਿਆ ਸੀ, ਜਿਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਉਸ ਸਮੇਂ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਪੁਲਿਸ ਵੱਲੋਂ ਇੱਕ ਸਿੱਟ ਬਣਾ ਕੇ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਸੀ ਅਤੇ ਇਸ ਦੋਸ਼ੀ ਨੂੰ ਗ੍ਰਿਫਤਾਰ ਕਰ ਮਾਨਯੋਗ ਅਦਾਲਤ ਵਿੱਚ ਪੇਸ਼ਕਾਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ।


