Amritpal Singh: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਲੱਗੇ ਪੋਸਟਰ
Punjab Police ਨੇ ਵੱਡੀ ਕਾਰਵਾਈ ਕਰਦੇ ਹੋਏ ਬੀਤੀ 10 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਤੇ ਸਭ ਤੋਂ ਭਰੋਸੇਯੋਗ ਪੱਪਲਪ੍ਰੀਤ ਨੂੰ ਅਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਹੈ। ਉਸ ਤੇ NSA ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਗੁਰਦਾਸਪੁਰ ਨਿਊਜ: ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਗੌੜੇ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫੜਨ ਲਈ ਪੰਜਾਬ ਪੁਲਿਸ (Punjab Police) ਲਗਾਤਾਰ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਅਮ੍ਰਿਤਪਾਲ ਨੂੰ ਫੜਣ ਲਈ ਹੁਣ ਪੁਲਿਸ ਅਤੇ ਸਰਕਾਰ ਨੇ ਇੱਕ ਨਵੀਂ ਤਰਕੀਬ ਅਜ਼ਮਾਈ ਹੈ। ਅਮ੍ਰਿਤਪਾਲ ਦੇ ਪੋਸਟਰ ਰੇਲਵੇ ਸਟੇਸ਼ਨਾਂ ਤੇ ਲਗਾਏ ਗਏ ਹਨ।
ਇਸ ਦੇ ਤਹਿਤ ਗੁਰਦਾਸਪੁਰ ਰੇਲਵੇ ਸਟੇਸ਼ਨ ਤੇ ਵੀ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਲਗਾ ਕੇ ਨਾਲ ਲਿਖਿਆ ਗਿਆ ਹੈ ਕਿ ਇਹ ਵਿਅਕਤੀ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਨਾਲ ਹੀ ਲਿਖਿਆ ਹੈ ਕਿ ਅਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਲੋਕਾਂ ਨੂੰ ਅਮ੍ਰਿਤਪਾਲ ਬਾਰੇ ਜਾਣਕਾਰੀ ਦੇਣ ਦੀ ਅਪੀਲ
ਇਸ ਸਬੰਧੀ ਰੇਲਵੇ ਸਟੇਸ਼ਨ ਗੁਰਦਾਸਪੁਰ ਦੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਤੋਂ ਹੁਕਮ ਮਿਲੇ ਹਨ ਕਿ ਭਗੌੜੇ ਅੰਮ੍ਰਿਤਪਾਲ ਦੇ ਪੋਸਟਰ ਰੇਲਵੇ ਸਟੇਸ਼ਨ ਤੇ ਲਗਾਏ ਜਾਣ। ਜਿਸ ਤਹਿਤ ਇੱਥੇ ਪੋਸਟਰਾਂ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨੂੰ ਸੂਚਿਤ ਕਰੇ ਤਾਂ ਜੋ ਉਸਨੂੰ ਗ੍ਰਿਫਤਾਰ ਕਰਕੇ ਲੋਕਾਂ ਦੇ ਮਨਾਂ ਵਿੱਚ ਪਲ ਰਹੇ ਡਰ ਨੂੰ ਖਤਮ ਕੀਤਾ ਜਾ ਸਕੇ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੰਮ੍ਰਿਤਪਾਲ ਜਦੋਂ ਤੋਂ ਭਾਰਤ ਪਰਤਿਆ ਸੀ, ਉਦੋਂ ਤੋਂ ਹੀ ਉਹ ਪੱਪਲਪ੍ਰੀਤ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਕੁਝ ਸਮਾਂ ਪਹਿਲਾਂ ਪਪਲਪ੍ਰੀਤ ਸਿੰਘ ਦੀ ਅੰਮ੍ਰਿਤਪਾਲ ਨਾਲ ਸਾਫਟ ਡਰਿੰਕ ਪੀਣ ਦੀ ਤਸਵੀਰ ਵੀ ਸਾਹਮਣੇ ਆਈ ਸੀ। ਜਾਣਕਾਰੀ ਮੁਤਾਬਕ 18 ਮਾਰਚ ਨੂੰ ਇਕੱਠੇ ਫਰਾਰ ਹੋਣ ਤੋਂ ਬਾਅਦ ਦੋਵੇਂ ਹਰਿਆਣਾ ‘ਚ ਇਕੱਠੇ ਨਜਰ ਆਏ ਸਨ। ਪੁਲਿਸ ਨੇ ਪਪਲਪ੍ਰੀਤ ਸਿੰਘ ਨੂੰ ਤਾਂ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਭਾਲ ਅਮ੍ਰਿਤਪਾਲ ਦੀ ਹੈ।