ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼, ਗੁਰੂ ਸਾਹਿਬ ਦੀ ਹਜ਼ੂਰੀ ‘ਚੋਂ ਸ਼ਖ਼ਸ ਨੇ ਚੁੱਕੀ ਸ੍ਰੀ ਸਾਹਿਬ; ਸੇਵਾਦਾਰਾਂ ਨੇ ਕੀਤਾ ਪੁਲਿਸ ਹਵਾਲੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ 'ਤੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਘਟਨਾ ਦਸੰਬਰ 2021 'ਚ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਕੋਸ਼ਿਸ਼ ਵਰਗੀ ਜਾਪਦੀ ਹੈ।
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਦੁਆਰਾ ਬੇਅਦਬੀ ਦੀ ਕੋਸ਼ਿਸ਼ ਨਾਲ ਸਬੰਧਤ ਇੱਕ ਘਟਨਾ ਨੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ। ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਅਚਾਨਕ ਇੱਕ ਵਿਅਕਤੀ ਨੇ ਗੁਰੂ ਸਾਹਿਬ ਅੱਗੇ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਚੇਤ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ‘ਤੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਘਟਨਾ ਦਸੰਬਰ 2021 ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਕੋਸ਼ਿਸ਼ ਵਰਗੀ ਜਾਪਦੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ‘ਚ ਪੂਰੀ ਤਰ੍ਹਾਂ ਅਸਫਲ ਰਹੀਆਂ ਹਨ ਤੇ ਇਨ੍ਹਾਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਅਜੇ ਤੱਕ ਪਰਦਾਫਾਸ਼ ਨਹੀਂ ਹੋਇਆ ਹੈ।
ਜਥੇਦਾਰ ਨੇ ਕਿਹਾ ਕਿ ਮੁਲਜ਼ਮ ਤੋਂ ਕੋਈ ਪਛਾਣ ਪੱਤਰ ਜਾਂ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਨਾਲ ਘਟਨਾ ਇੱਕ ਵੱਡੀ ਸਾਜ਼ਿਸ਼ ਜਾਂ ਸ਼ਰਾਰਤ ਦਾ ਹਿੱਸਾ ਹੋ ਸਕਦੀ ਹੈ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ ਤੇ ਜਲਦੀ ਤੋਂ ਜਲਦੀ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕਰੇ।
ਐਸਜੀਪੀਸੀ ਪ੍ਰਧਾਨ ਨੇ ਚੌਕਸੀ ਵਧਾਉਣ ਦੀ ਕੀਤੀ ਅਪੀਲ
ਇਸ ਦੌਰਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਘਟਨਾ ‘ਤੇ ਕਿਹਾ ਕਿ ਜਿੱਥੇ ਸੇਵਾਦਾਰਾਂ ਦੀ ਚੌਕਸੀ ਨੇ ਬੇਅਦਬੀ ਨੂੰ ਟਾਲਿਆ, ਉੱਥੇ ਮਾਮਲਾ ਬਹੁਤ ਗੰਭੀਰ ਤੇ ਚਿੰਤਾਜਨਕ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਧਾਰਮਿਕ ਮਾਹੌਲ ਨੂੰ ਵਿਗਾੜਨ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ। ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਤੇ ਸੰਗਤ ਨੂੰ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਤੇ ਚੌਕਸੀ ਹੋਰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
